- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ’ਚ ਸ਼ਾਂਤਮਈ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਕਰਨਾ ਪੰਜਾਬ ਸਰਕਾਰ ਦੀ ਘਟੀਆ ਮਾਨਸਿਕਤਾ ਦਾ ਪ੍ਰਮਾਣ : ਥਾਪਰ

ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਬਰਨਾਲਾ ਵਿਖੇ ਆਪਣੀਆਂ ਜਾਇਜ਼ ਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਵੱਲੋਂ ਕੀਤੇ ਗਏ ਕਥਿਤ ਲਾਠੀਚਾਰਜ ਦੀ ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸੰਗਠਨ ਦੇ ਸੂਬਾ ਪ੍ਰਧਾਨ ਗੋਪਾਲ ਥਾਪਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਵਕ ਢੰਗ ਨਾਲ ਆਵਾਜ਼ ਉਠਾਉਣ ਦਾ ਅਧਿਕਾਰ ਹੈ, ਪਰ ਸਰਕਾਰ ਵੱਲੋਂ ਅਜਿਹੇ ਪ੍ਰਦਰਸ਼ਨਾਂ ਨੂੰ ਬਲ ਦੇ ਜ਼ਰੀਏ ਦਬਾਉਣ ਦੀ ਕੋਸ਼ਿਸ਼ ਬਹੁਤ ਹੀ ਮੰਦਭਾਗੀ ਤੇ ਨਿੰਦਣਯੋਗ ਹੈ। ਗੋਪਾਲ ਥਾਪਰ ਨੇ ਕਿਹਾ ਕਿ ਬਰਨਾਲਾ ਦੀ ਘਟਨਾ ਨੇ ਸਮੂਹ ਪੰਜਾਬ ਦੇ ਸਫਾਈ ਕਰਮਚਾਰੀਆਂ ਤੇ ਆਮ ਲੋਕਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਹਰ ਮੌਸਮ ਤੇ ਹਰ ਹਾਲਾਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ ਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਜਿਹੇ ਕਰਮਚਾਰੀਆਂ ਨਾਲ ਲਾਠੀਚਾਰਜ ਵਰਗਾ ਸਲੂਕ ਕਰਨਾ ਬਿਲਕੁਲ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਵੀ ਸੰਗਰੂਰ ਵਿਖੇ ਇਸੇ ਤਰ੍ਹਾਂ ਦੀ ਘਟਨਾ ਵਾਪਰ ਚੁੱਕੀ ਹੈ, ਜਿੱਥੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਸਖ਼ਤੀ ਵਰਤੀ ਗਈ ਸੀ। ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਸੂਬਾ ਪ੍ਰਧਾਨ ਗੋਪਾਲ ਥਾਪਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਅਤੇ ਅਜਿਹੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਨਾ ਕੀਤਾ ਤਾਂ ਸੂਬੇ ਭਰ ਦੇ ਕਰਮਚਾਰੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਸੰਵੇਦਨਸ਼ੀਲਤਾ ਨਾ ਦਿਖਾਈ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਰਾਜਨੀਤਿਕ ਅਤੇ ਸਮਾਜਿਕ ਨਤੀਜੇ ਭੁਗਤਣੇ ਪੈ ਸਕਦੇ ਹਨ। ਨਾਲ ਹੀ ਸੰਗਠਨ ਨੇ ਸਾਰੇ ਕਰਮਚਾਰੀਆਂ ਨੂੰ ਇਕਜੁੱਟ ਰਹਿਣ ਤੇ ਆਪਣੇ ਹੱਕਾਂ ਲਈ ਲੋਕਤੰਤਰੀ ਤੇ ਸ਼ਾਂਤੀਪੂਰਵਕ ਢੰਗ ਨਾਲ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਕੁਲਵੰਤ ਸਿੰਘ ਸੈਣੀ ਸਰਪ੍ਰਸਤ ਪੰਜਾਬ, ਸੰਨੀ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਸੋਨੂੰ ਆਦਿਆ ਵਾਈਸ ਪ੍ਰਧਾਨ ਹੁਸ਼ਿਆਰਪੁਰ ਤੇ ਕੁਲਦੀਪ ਸਮੇਤ ਹੋਰ ਹਾਜ਼ਰ ਸਨ।