ਦਸ ਰੋਜ਼ਾ ਆਯੂਸ਼ ਮੈਡੀਕਲ ਕੈਂਪ ਸ਼ੁਰੂ ਦਸ ਰੋਜ਼ਾ ਆਯੂਸ਼ ਮੈਡੀਕਲ ਕੈਂਪ ਦੀ ਸ਼ੁਰੂਆਤ
Publish Date: Thu, 10 Sep 2026 08:01 PM (IST)
Updated Date: Thu, 10 Sep 2026 08:01 PM (IST)
--ਆਯੂਸ਼ ਪ੍ਰਣਾਲੀ ਰਾਹੀਂ ਲੋਕਾਂ ਨੂੰ ਮੁਫ਼ਤ ਸਿਹਤ ਸਲਾਹ, ਜਾਂਚ ਤੇ ਦਵਾਈਆਂ ਦੀ ਸਹੂਲਤ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਡਾਇਰੈਕਟਰ ਆਯੂਰਵੇਦਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਸ ਰੋਜ਼ਾ ਆਯੂਸ਼ ਮੈਡੀਕਲ ਕੈਂਪਾਂ ਦੀ ਲੜੀ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਉਦਘਾਟਨ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ, ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਮਿੰਦਰਜੀਤ ਕੌਰ ਤੇ ਐੱਸਐੱਮਓ ਸਿਵਲ ਹਸਪਤਾਲ ਡਾ. ਪਰਮਿੰਦਰ ਕੌਰ ਵੱਲੋਂ ਭਗਵਾਨ ਧਨਵੰਤਰੀ ਦੀ ਤਸਵੀਰ ਅੱਗੇ ਜੋਤੀ ਜਗਾ ਕੇ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਯੂਸ਼ ਪ੍ਰਣਾਲੀ ਰਾਹੀਂ ਸਿਹਤ ਸਬੰਧੀ ਮਾਹਿਰ ਸਲਾਹ ਅਤੇ ਇਲਾਜ ਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣਾ ਹੈ। ਕੈਂਪ ਦੌਰਾਨ ਲੋਕਾਂ ਨੂੰ ਮੁਫ਼ਤ ਸਿਹਤ ਸਲਾਹ-ਮਸ਼ਵਰਾ, ਜੀਵਨ-ਸ਼ੈਲੀ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ, ਬਿਮਾਰੀ ਅਨੁਸਾਰ ਖੁਰਾਕ ਅਤੇ ਵਿਹਾਰ ਸਬੰਧੀ ਸਲਾਹ ਦੇਣ ਦੇ ਨਾਲ-ਨਾਲ ਆਯੂਰਵੈਦਿਕ ਤੇ ਹੋਮਿਓਪੈਥਿਕ ਦਵਾਈਆਂ ਦੀ ਮੁਫ਼ਤ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਜੋੜਾਂ ਦੀਆਂ ਬਿਮਾਰੀਆਂ, ਹਾਰਮੋਨਲ ਅਸੰਤੁਲਨ ਨਾਲ ਸਬੰਧਤ ਰੋਗ, ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਬਿਮਾਰੀਆਂ ਆਦਿ ਸਬੰਧੀ ਮਰੀਜ਼ਾਂ ਨੂੰ ਮੁਫ਼ਤ ਸਲਾਹ ਤੇ ਲੋੜੀਂਦੀ ਸਿਹਤ ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ। ਡਾ. ਪਰਮਿੰਦਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਕੁੱਲ 10 ਆਯੂਸ਼ ਮੈਡੀਕਲ ਕੈਂਪ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ। ਇਸ ਮੌਕੇ ਡਾ. ਅਮਨਪ੍ਰੀਤ ਕੌਰ, ਡਾ. ਅਮਨਦੀਪ ਕੌਰ, ਡਾ. ਬਲਰਾਮ, ਤਰਲੋਕ ਵਿਰਦੀ, ਪਵਨਦੀਪ ਸਿੰਘ, ਡਾ. ਰਾਜਪਾਲ ਸਿੰਘ, ਡਾ. ਹਰਿੰਦਰ ਭਗਤ, ਡਾ. ਰੋਸ਼ਨ, ਡਾ. ਮਨਪ੍ਰੀਤ ਕੌਰ, ਸ਼੍ਰੀਮਤੀ ਸਰਲਾ, ਸ਼ੇਰ ਸਿੰਘ, ਅਨਿਲ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਬੀਸੀਸੀ ਜੋਤੀ ਅਨੰਦ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ/ਕਰਮਚਾਰੀ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।