- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰਾ ਫੇਲ : ਅਵਤਾਰ ਸਿੰਘ ਭੂੰਗਰਨੀ ਤੇ ਬਲਜਿੰਦਰ ਸਿੰਘ ਠੇਕੇਦਾਰ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਬੀਤੇ ਦਿਨੀਂ ਮਾਨਸਾ ਵਿਖੇ ਵਾਪਰੀ ਘਟਨਾ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜਿੱਥੇ ਪਹਿਲਾਂ ਪਰਵਿੰਦਰ ਸਿੰਘ ਝੋਟੇ ਦਾ ਮਾਮਲਾ ਚਰਚਾ ਵਿੱਚ ਸੀ, ਉੱਥੇ ਹੀ ਹੁਣ ਇੱਕ ਹੋਰ ਮਾਮਲੇ ਵਿੱਚ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਸੜਕਾਂ 'ਤੇ ਲਿਜਾਣ ਦੇ ਦ੍ਰਿਸ਼ਾਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਪੁਲਿਸ ਦੀ ਇਸ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੂੰਗਰਨੀ ਤੇ ਐੱਸਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਇੰਝ ਜਾਪਦਾ ਹੈ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਜਿਹੀ ਹੋਣੀ ਚਾਹੀਦੀ ਹੈ ਕਿ ਹਰ ਨਾਗਰਿਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕੇ ਤੇ ਮ੍ਰਿਤਕ ਦੇਹਾਂ ਨਾਲ ਵੀ ਪੂਰਾ ਸਨਮਾਨਜਨਕ ਵਿਵਹਾਰ ਕੀਤਾ ਜਾਵੇ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾਜਨਕ ਸਥਿਤੀ ਬਣੀ ਹੋਈ ਹੈ। ਘਰਾਂ ਤੋਂ ਬਾਹਰ ਨਿਕਲਣ ਵਾਲੀਆਂ ਔਰਤਾਂ ਦੇ ਪਰਸ ਖੋਹਣ ਤੇ ਕੰਨਾਂ ਦੀਆਂ ਵਾਲੀਆਂ ਝਪਟਣ ਵਰਗੀਆਂ ਘਟਨਾਵਾਂ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਉਨ੍ਹਾਂ ਨੇ ਇਨ੍ਹਾਂ ਹਾਲਾਤਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸਰਕਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਤੇ ਖੇਤਰੀ ਪਾਰਟੀ ਸ਼੍ਰੋਮਣੀ ਦਲ ਦੀ ਸਰਕਾਰ ਬਣਾਉਣ ਤਾਂ ਜੋ ਪੰਜਾਬ ਦੇ ਹਾਲਾਤਾਂ ਵਿੱਚ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੋਣ ਦੇ ਨਾਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ, ਸਮੱਸਿਆਵਾਂ ਤੇ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਯਤਨਸ਼ੀਲ ਰਹੀ ਹੈ ਤੇ ਭਵਿੱਖ ਵਿੱਚ ਵੀ ਪੰਜਾਬ ਦੇ ਹਿੱਤਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।