‘ਆਪ’ ਦੇ ਰਾਜ ’ਚ ਕਾਨੂੰਨ-ਵਿਵਸਥਾ ਡਗਮਗਾਈ : ਟਾਂਡੀ ‘ਆਪ’ ਸਰਕਾਰ ਦੇ ਰਾਜ ’ਚ ਪੰਜਾਬ ਦੀ ਕਾਨੂੰਨ-ਵਿਵਸਥਾ ਡਗਮਗਾਈ: ਕੁਲਦੀਪ ਸਿੰਘ ਟਾਂਡੀ
Publish Date: Mon, 14 Sep 2026 07:54 PM (IST)
Updated Date: Mon, 14 Sep 2026 07:56 PM (IST)
--ਪੰਜਾਬ ’ਚ ਗੈਂਗਸਟਰਾਂ ਦਾ ਬੋਲਬਾਲਾ, ਕਾਨੂੰਨ-ਵਿਵਸਥਾ ਹੋਈ ਲਾਚਾਰ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ, ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ‘ਆਪ’ ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਧ ਰਹੀਆਂ ਗੈਂਗਸਟਰ ਗਤੀਵਿਧੀਆਂ, ਥਾਣਿਆਂ ਚ ਹੋ ਰਹੇ ਬੰਬ ਧਮਾਕੇ ਤੇ ਹੋਰ ਅਪਰਾਧਿਕ ਘਟਨਾਵਾਂ ਨੇ ਆਮ ਲੋਕਾਂ ਵਿੱਚ ਡਰ ਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਟਾਂਡੀ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਕਲਾਕਾਰ, ਵਪਾਰੀ, ਕਿਸਾਨ ਜਾਂ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਆਏ ਦਿਨ ਸਾਹਮਣੇ ਆ ਰਹੀਆਂ ਹਿੰਸਕ ਘਟਨਾਵਾਂ ਤੇ ਬੰਬ ਧਮਾਕਿਆਂ ਦੀਆਂ ਖ਼ਬਰਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਕਰਨ ਵਾਲੀ ਝਾੜੂ ਸਰਕਾਰ ਦੇ ਰਾਜ ਵਿੱਚ ਗੈਂਗਸਟਰਾਂ ਦੀਆਂ ਵਧ ਰਹੀਆਂ ਸਰਗਰਮੀਆਂ ਤੇ ਆਮ ਲੋਕਾਂ ’ਤੇ ਹੋ ਰਿਹਾ ਕਥਿਤ ਤਸ਼ੱਦਦ ਸਰਕਾਰ ਦੀ ਤਾਨਾਸ਼ਾਹੀ ਸੋਚ ਤੇ ਮਾਰੂ ਨੀਤੀਆਂ ਦੀ ਪਛਾਣ ਬਣਦਾ ਜਾ ਰਿਹਾ ਹੈ। ਪੰਜਾਬ ਦੇ ਲੋਕ ਅਜਿਹੇ ਮਾਹੌਲ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ। ਟਾਂਡੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਫਰਜ਼ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਤੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ਹੈ, ਪਰ ਮੌਜੂਦਾ ਹਾਲਾਤ ਇਸ ਦੇ ਉਲਟ ਤਸਵੀਰ ਪੇਸ਼ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਾ ਰਹੇ, ਸਗੋਂ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਹਾਲ ਕਰੇ। ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅਮਨ-ਪਸੰਦ ਲੋਕਾਂ ਦੇ ਹੱਕਾਂ, ਸੁਰੱਖਿਆ ਤੇ ਸਨਮਾਨ ਲਈ ਹਮੇਸ਼ਾ ਡੱਟ ਕੇ ਖੜ੍ਹਾ ਰਹੇਗਾ ਤੇ ਲੋਕਾਂ ਦੀ ਆਵਾਜ਼ ਨੂੰ ਹਰ ਪੱਧਰ ’ਤੇ ਬੁਲੰਦ ਕਰਦਾ ਰਹੇਗਾ।