ਪੰਜਾਬ ’ਚ ਹਿੰਦੂ ਆਗੂਆਂ ਨੂੰ ਸ਼ਰਾਰਤੀ ਅਨਸਰਾਂ ਤੋਂ ਖ਼ਤਰਾ : ਬਿੱਲਾ/ਕਾਲੀਆ
ਪੰਜਾਬ ਵਿੱਚ ਹਿੰਦੂ ਸੰਗਠਨਾਂ ਦੇ ਆਗੂਆਂ ਨੂੰ ਸ਼ਰਾਰਤੀ ਅਨਸਰਾਂ ਤੋਂ ਹੈ ਖ਼ਤਰਾ-ਬਿੱਲਾ/ਕਾਲੀਆ
Publish Date: Tue, 23 Jun 2026 06:57 PM (IST)
Updated Date: Tue, 23 Jun 2026 06:58 PM (IST)

ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼ਿਵ ਸੈਨਾ ਆਗੂਆਂ ’ਤੇ ਲਗਾਤਾਰ ਹੋ ਰਹੇ ਹਮਲੇ ਬੇਹੱਦ ਚਿੰਤਾਜਨਕ, ਮੰਦਭਾਗੇ ਤੇ ਨਿੰਦਣਯੋਗ ਹਨ। ਹਾਲ ਹੀ ਵਿਚ ਲੁਧਿਆਣਾ ਵਿਚ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਟੰਡਨ ਦੇ ਕਾਫਲੇ ’ਤੇ ਤਲਵਾਰਾਂ ਨਾਲ ਲੈਸ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਹਮਲੇ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਸਬੰਧੀ ਸ਼ਿਵ ਸੈਨਾ ਦੇ ਸੀਨੀਅਰ ਸੂਬਾਈ ਆਗੂ ਓਮਕਾਰ ਕਾਲੀਆ ਤੇ ਸੀਨੀਅਰ ਸੂਬਾਈ ਆਗੂ ਰਾਜਿੰਦਰ ਬਿੱਲਾ ਨੇ ਕਿਹਾ ਕਿ ਪੰਜਾਬ ਵਿਚ ਭਾਈਚਾਰਕ ਸਾਂਝ ਤੇ ਏਕਤਾ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਸਮੇਂ-ਸਮੇਂ ’ਤੇ ਵੱਖ-ਵੱਖ ਤਾਕਤਾਂ, ਰਾਜਨੀਤਿਕ ਹਿੱਤਾਂ ਤੇ ਬਾਹਰੀ ਤੱਤਾਂ ਵੱਲੋਂ ਕੀਤੀਆਂ ਜਾਂਦੀਆਂ ਰਹੀਆਂ ਹਨ। ਸੂਬੇ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਲਈ ਹਿੰਦੂ ਆਗੂਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਿੰਦੂ ਸੰਗਠਨਾਂ ਦੇ ਪ੍ਰਤੀਨਿਧੀਆਂ ਨੂੰ ਸ਼ਰਾਰਤੀ ਅਨਸਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੇ ਸਵਾਰਥਾਂ ਲਈ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਿੰਦੂ ਆਗੂਆਂ ਦੀ ਸੁਰੱਖਿਆ ਵੱਲ ਧਿਆਨ ਨਹੀਂ ਦੇ ਰਹੀ ਹੈ। ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਹਿੰਦੂ ਆਗੂਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਉਨ੍ਹਾਂ ’ਤੇ ਹਮਲੇ ਕੀਤੇ ਜਾ ਰਹੇ ਹਨ, ਪਰ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਹੈ। ਪੰਜਾਬ ਵਿਚ ਜੰਗਲ ਰਾਜ ਦਾ ਬੋਲਬਾਲਾ ਹੈ, ਜਿਸ ਕਾਰਨ ਅੱਜ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਟੰਡਨ ਦੇ ਕਾਫਲੇ ’ਤੇ ਹੋਏ ਹਮਲੇ ਨੂੰ ਲੈ ਕੇ ਪੂਰੇ ਪੰਜਾਬ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਥੇ ਹਿੰਦੂ ਆਗੂਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕ ਖੁੱਲ੍ਹੇਆਮ ਅਪਰਾਧ ਕਰ ਰਹੇ ਹਨ, ਜਦੋਂ ਕਿ ਸਰਕਾਰਾਂ ਸੁੱਤੀਆਂ ਪਈਆਂ ਹਨ। ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿਚ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ। ਕਾਲੀਆ ਤੇ ਬਿੱਲਾ ਨੇ ਕਿਹਾ ਕਿ ਕਈ ਮਹੀਨਿਆਂ ਤੋਂ ਪ੍ਰਗਟ ਕੀਤੇ ਜਾ ਰਹੇ ਡਰ ਸੱਚ ਸਾਬਤ ਹੋ ਰਹੇ ਹਨ ਤੇ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ’ਤੇ ਜਨਤਕ ਤੌਰ ’ਤੇ ਤਲਵਾਰਾਂ ਨਾਲ ਹਮਲਾ ਕੀਤਾ ਗਿਆ ਸੀ, ਪਰ ਦੋਸ਼ੀ ਅਜੇ ਵੀ ਫਰਾਰ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।