ਐਕਸਪ੍ਰੈਸ ਵੇਅ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੀਤੀ ਭਰਵੀਂ ਸ਼ਮੂਲੀਅਤ

ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਨਾਲ਼ ਧੱਕਾ ਕਰ ਰਹੀ : ਐਡ. ਰਜਿੰਦਰ ਸਿੰਘ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਹਲਕਾ ਸੁਲਤਾਨਪੁਰ ਲੋਧੀ ਅੰਦਰ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਉਸਾਰੇ ਜਾ ਰਹੇ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਰੋਕ ਕੇ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪ੍ਰਭਾਵਿਤ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਐਲਾਨ ਕੀਤਾ ਕਿ ਉਹ ਕਿਸਾਨਾਂ ਨਾਲ਼ ਧੱਕਾ ਨਹੀਂ ਹੋਣ ਦੇਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਮੋਰਚੇ ਦੇ ਆਗੂਆਂ ਨੇ ਮੋਦੀ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਦੇਸ਼ ਦੇ ਲੋਕਾਂ ਦੇ ਸੰਵਿਧਾਨਕ ਹੱਕਾਂ ਨੂੰ ਅੱਖੋਂ-ਪਰੋਖੇ ਕਰਕੇ ਸੱਤਾ ਚਲਾ ਰਹੀ ਹੈ। ਇਸ ਮੌਕੇ ਧਰਨੇ ’ਤੇ ਡਟੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਦੀਆਂ ਧੱਜੀਆਂ ਉਡਾ ਕੇ ਲੋਕਾਂ ਦੇ ਸੰਵਿਧਾਨਕ ਹੱਕਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਉਪਜਾਊ ਜ਼ਮੀਨਾਂ ਦਾ ਯੋਗ ਮੁਆਵਜ਼ਾ ਦਿੱਤੇ ਬਿਨਾਂ ਅਤੇ ਬਿਨਾਂ ਭਰੋਸੇ ’ਚ ਲਿਆਂ ਕੇਂਦਰ ਸਰਕਾਰ ਨੇ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੇ ਪੰਜਾਬ ਦੇ ਕਿਸਾਨਾਂ ਨੂੰ ਦੂਜੇ ਸੂਬਿਆਂ ਦੇ ਮੁਕਾਬਲੇ ਮੁਆਵਜ਼ਾ ਦੇਣ ਸਮੇਂ ਵੀ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਪਜਾਊ ਜ਼ਮੀਨਾਂ ਨੂੰ ਐਕਵਾਇਰ ਕਰਨ ਦੀ ਬਜਾਏ ਪਹਿਲਾਂ ਹੀ ਮੌਜੂਦ ਵੱਡੀਆਂ ਸੜਕਾਂ ਦਾ ਵਿਸਥਾਰ ਕਰਨਾ ਚਾਹੀਦਾ ਸੀ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਟਿੱਬਾ ਨੇ ਕਿਹਾ ਕਿ ਕੀਮਤੀ ਅਤੇ ਉਪਜਾਊ ਜ਼ਮੀਨਾਂ ਨੂੰ ਇਕ ਸਾਜ਼ਿਸ਼ ਤਹਿਤ ਐਕਵਾਇਰ ਕੀਤਾ ਗਿਆ ਹੈ। ਕਿਸਾਨਾਂ ਨੂੰ ਇਸ ਧੱਕੇ ਵਿਰੁੱਧ ਲਾਮਬੰਦ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਕਿਸਾਨਾਂ ਨੂੰ ਬਾਕੀ ਸੂਬਿਆਂ ਵਾਂਗ ਮੁਆਵਜ਼ਾ ਨਹੀਂ ਦੇਣਾ ਚਾਹੁੰਦੀ, ਜਿਸ ਕਰਕੇ ਹੀ ਉਨ੍ਹਾਂ ਵੱਲੋਂ ਆਰਬੀਟਰੇਸ਼ਨ ਟ੍ਰਿਬਿਊਨਲ ਦੇ ਫੈਸਲੇ ਨੂੰ ਚੈਲੰਜ ਕੀਤਾ ਗਿਆ ਹੈ। ਇਸ ਮੌਕੇ ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਲੜਾਈ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ, ਜਿਸ ਕਰਕੇ ਹੀ ਕਮੇਟੀ ਵੱਲੋਂ ਅਣਮਿੱਥੇ ਸਮੇਂ ਦਾ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਤਰਨ ਤਾਰਨ ਤੋਂ ਪਹੁੰਚੇ ਰੋਡ ਸੰਘਰਸ਼ ਕਮੇਟੀ ਦੇ ਆਗੂ ਮਹਾਂਬੀਰ ਸਿੰਘ ਜੋਸਨ ਨੇ ਕਿਹਾ ਕਿ ਮਾਝੇ ਦੇ ਕਿਸਾਨਾਂ ਨੇ ਨੈਸ਼ਨਲ ਹਾਈਵੇ ਅਤੇ ਪ੍ਰਸ਼ਾਸਨ ਦਾ ਜ਼ੋਰਦਾਰ ਵਿਰੋਧ ਕਰਦਿਆਂ ਉੱਥੇ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਸ਼ੁਰੂ ਨਹੀਂ ਹੋਣ ਦਿੱਤੇ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਮਾਝੇ ਦੇ ਸਾਰੇ ਕਿਸਾਨ ਤੁਹਾਡੇ ਨਾਲ ਚੱਟਾਨ ਵਾਂਗ ਖੜੇ ਹਨ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸੁਖਦੇਵ ਸਿੰਘ ਟਿੱਬਾ, ਕਸ਼ਮੀਰ ਸਿੰਘ ਮੱਖੂ ਸਟੇਟ ਕਮੇਟੀ ਮੈਂਬਰ, ਮਾਸਟਰ ਚਰਨ ਸਿੰਘ ਸਰਪ੍ਰਸਤ ਨੇ ਵੀ ਸੰਬੋਧਨ ਕੀਤਾ। ਅੱਜ ਦੇ ਧਰਨੇ ਵਿਚ ਹੈਬਤਪੁਰ, ਕਾਲੇਵਾਲ, ਮੀਰੇ, ਮਸੀਤਾਂ, ਟਿੱਬਾ ਆਦਿ ਪਿੰਡਾਂ ਦੇ ਕਿਸਾਨਾਂ ਨੇ ਭਰਵੀਂ ਹਾਜ਼ਰੀ ਦਿੱਤੀ। ਇਸ ਮੌਕੇ ਮਾਸਟਰ ਜਸਵਿੰਦਰ ਸਿੰਘ ਵਿੱਤ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਕਪੂਰਥਲਾ, ਜਸਵਿੰਦਰ ਸਿੰਘ ਬਈ, ਬਲਦੇਵ ਸਿੰਘ ਖਾਲਸਾ, ਕਰਨੈਲ ਸਿੰਘ, ਸੁਖਵਿੰਦਰ ਸਿੰਘ ਚੱਕ ਕੋਟਲਾ, ਫਕੀਰ ਮੁਹੰਮਦ ਇੰਪਲਾਈਜ ਪੈਨਸ਼ਨ ਐਸੋਸੀਏਸ਼ਨ ਪੀਡਬਲਯੂਡੀ, ਰਸ਼ਪਾਲ ਸਿੰਘ ਮਖੂ ਜ਼ਿਲ੍ਹਾ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਫਿਰੋਜ਼ਪੁਰ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਰਾਣਾ ਟਾਇਲਾਂ ਵਾਲੇ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਭਜਨ ਸਿੰਘ ਬਾਜ਼, ਸੀਤਲ ਸਿੰਘ ਮੌਲੂ, ਆਪ ਆਗੂ ਅਮਰੀਕ ਸਿੰਘ ਜੱਫਾ ਆਦਿ ਹਾਜ਼ਰ ਸਨ।