ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਜਾਵੇ : ਠੱਟਾ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਈ ਜਾਵੇ : ਜਰਨੈਲ ਸਿੰਘ ਠੱਟਾ
Publish Date: Sat, 07 Nov 2026 09:16 PM (IST)
Updated Date: Sat, 07 Nov 2026 09:17 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਾਨੂੰ ਸਭ ਨੂੰ ਗਰੀਨ ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਸਾਡੇ ਆਲੇ-ਦੁਆਲੇ ਦਾ ਵਾਤਾਵਰਣ ਸਾਫ਼ ਰਹਿ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਦੇ ਯੂਥ ਅਕਾਲੀ ਆਗੂ ਜਰਨੈਲ ਸਿੰਘ ਠੱਟਾ ਨੇ ਹਲਕੇ ਦੇ ਲੋਕਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਹੇ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਨੂੰ ਮਨਾਉਣ ਵਾਲ਼ੇ ਲੋਕਾਂ ਵੱਲੋਂ ਦੀਵਿਆਂ ਤੇ ਮੋਮਬਤੀਆਂ ਦੀ ਰੌਸ਼ਨੀ ਕਰਕੇ ਘਰਾਂ ਨੂੰ ਰੁਸ਼ਨਾਇਆ ਜਾਂਦਾ ਹੈ ਪਰ ਅੱਜ ਕੱਲ੍ਹ ਦਿਨੋਂ-ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣੀ ਵੀ ਸਮੇਂ ਦੀ ਵੱਡੀ ਮੰਗ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਖੁਸ਼ੀਆਂ ਦਾ ਤਿਉਹਾਰ ਹੈ, ਜਿਸ ਨੂੰ ਵਾਤਾਵਰਨ ਤੇ ਸਿਹਤ ਦਾ ਧਿਆਨ ਰੱਖਦਿਆਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਟਾਕੇ ਚਲਾਉਣੇ ਹੋਣ ਤਾਂ ਸਿਰਫ ਗਰੀਨ ਪਟਾਕਿਆਂ ਦੀ ਵਰਤੋਂ ਕੀਤੀ ਜਾਵੇ। ਧੂੰਏਂ ਤੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਪ੍ਰਦੂਸ਼ਣ ਨਾਲ ਜਿੱਥੇ ਸਾਡੇ ਆਲੇ-ਦੁਆਲੇ ਦੀ ਹਵਾ ਪ੍ਰਦੂਸ਼ਿਤ ਹੁੰਦੀ ਹੈ, ਉੱਥੇ ਹੀ ਬਜ਼ੁਰਗਾਂ ਤੇ ਬੱਚਿਆਂ ਲਈ ਵੀ ਇਹ ਘਾਤਕ ਸਾਬਤ ਹੁੰਦੇ ਹਨ। ਇਸ ਲਈ ਸਾਨੂੰ ਸਭ ਨੂੰ ਗਰੀਨ ਦੀਵਾਲੀ ਮਨਾਉਂਦੇ ਹੋਏ ਇੱਕ-ਦੂਜੇ ਨਾਲ ਖੁਸ਼ੀ ਸਾਂਝੀ ਕਰਨੀ ਚਾਹੀਦੀ ਹੈ।