ਵੀਰ ਬਾਲ ਦਿਵਸ ਦਾ ਨਾਮ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਿਆ ਜਾਵੇ
ਸਾਹਿਬਜ਼ਾਦੇ ਸ਼ਹਾਦਤ ਦਿਵਸ” ਨਾਂਅ ਰੱਖਣ ਲਈ ਸੰਤ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
Publish Date: Tue, 09 Dec 2025 07:12 PM (IST)
Updated Date: Tue, 09 Dec 2025 07:15 PM (IST)
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਪੱਤਰ ਜਾਰੀ
ਸੰਤ ਸੀਚੇਵਾਲ ਨੇ ਮੋਦੀ ਨੂੰ ਪੱਤਰ ਲਿਖ ਕੇ ਕੀਤੀ ਪਹਿਲਕਦਮੀ
ਕੁਲਬੀਰ ਸਿੰਘ ਮਿੰਟੂ, ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚਾਰ ਸਾਹਿਬਜ਼ਾਦਿਆ ਦੀ ਯਾਦ ਵਿਚ ਭਾਰਤ ਸਰਕਾਰ ਵੱਲੋਂ ਕੌਮੀ ਪੱਧਰ ‘ਤੇ ਮਨਾਏ ਜਾਂਦੇ “ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਰੱਖਣ ਲਈ ਪੰਜਾਬ ਦੇ ਸਾਰੇ ਪਾਰਲੀਮੈਂਟ ਦੇ ਮੈਂਬਰਾਂ ਨੂੰ ਪੱਤਰ ਲਿਖਿਆ ਹੈ। ਇਹ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਵੱਲੋਂ ਲਿਖਿਆ ਗਿਆ ਹੈ। ਇਸ ਪੱਤਰ ‘ਤੇ ਪਹਿਲਕਦਮੀ ਕਰਦਿਆ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਨੇ ਸਾਲ 2022 ਵਿਚ “ਵੀਰ ਬਾਲ ਦਿਵਸ” ਨੂੰ ਕੌਮੀ ਪੱਧਰ ‘ਤੇ ਮਨਾਉਣਾ ਸ਼ੁਰੂ ਕੀਤਾ ਸੀ। ਸੰਤ ਸੀਚੇਵਾਲ ਵੱਲੋਂ ਪੰਜਾਬੀ ਅਤੇ ਅੰਗਰੇਜ਼ੀ ਵਿਚ ਲਿਖੇ ਪੱਤਰ ਵਿਚ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਲ 2025 ਦੇ ਅਖੀਰਲੇ ਦਿਨਾਂ ਵਿਚ ਆ ਰਹੇ ਇਸ ਪਵਿੱਤਰ ਸ਼ਹੀਦੀ ਦਿਵਸ ਤੋਂ ਪਹਿਲਾਂ-ਪਹਿਲਾਂ ਇਸ ਇਤਿਹਾਸਕ ਦਿਹਾੜੇ ਦਾ ਨਾਮ “ਵੀਰ ਬਾਲ ਦਿਵਸ” ਤੋਂ ਬਦਲਕੇ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਰੱਖਿਆ ਜਾਵੇ।
ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿਚ ਭਾਰਤ ਸਰਕਾਰ ਦੀ ਇਸ ਗੱਲ ਲਈ ਪ੍ਰਸ਼ੰਸਾ ਕੀਤੀ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਰਕਾਰ ਨੇ ਕੌਮੀ ਪੱਧਰ ‘ਤੇ ਮਨਾਉਣ ਦਾ ਸਾਲ 2022 ਵਿਚ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਸਰਕਾਰ ਨੇ ਇਸ ਕੌਮੀ ਸ਼ਹਾਦਤ ਦਾ ਨਾਮ ਵੀਰ ਬਾਲ ਦਿਵਸ ਰੱਖਿਆ ਤਾਂ ਉਸ ਦਿਨ ਤੋਂ ਸਿੱਖ ਭਾਈਚਾਰੇ ਵੱਲੋਂ ਇਤਰਾਜ਼ ਆਉਣੇ ਸ਼ੁਰੂ ਹੋ ਗਏ ਸਨ। ਵੱਖ-ਵੱਖ ਸਿੱਖ ਸੰਗਠਨਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਕੇ ਜਿਥੇ ਆਪਣੇ ਇਤਰਾਜ਼ ਪ੍ਰਗਟਾਏ ਸਨ ਤੇ ਨਾਮ ਬਦਲਣ ਦੀ ਮੰਗ ਉਠਾਈ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਚਾਰੇ ਸਾਹਿਬਜ਼ਾਦੇ ਸਿੱਖ ਕੌਮ ਲਈ ਸਤਿਕਾਰਯੋਗ ਹਨ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਛੋਟਾ ਕਰਕੇ ਨਹੀਂ ਦਿਖਾਇਆ ਜਾ ਸਕਦਾ।