ਬੰਦ ਕਮਰੇ ’ਚ ਅੰਗੀਠੀ ਬਾਲਣਾ ਹੋ ਸਕਦੈ ਜਾਨਲੇਵਾ : ਡਾ. ਅਮਨਪ੍ਰੀਤ
ਬੰਦ ਕਮਰੇ ’ਚ ਅੰਗੀਠੀ ਬਾਲ ਕੇ ਅੱਗ ਸੇਕਣਾ ਹੋ ਸਕਦਾ ਜਾਨਲੇਵਾ ਸਾਬਤ - ਡਾ. ਅਮਨਪ੍ਰੀਤ ਸਿੰਘ
Publish Date: Thu, 08 Jan 2026 06:34 PM (IST)
Updated Date: Thu, 08 Jan 2026 06:36 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪਿਛਲੇ ਦਿਨਾਂ ਤੋਂ ਪਹਾੜਾਂ ਵਿਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਸੰਘਣੀ ਧੁੰਦ ਤੇ ਸਰਦੀ ਨੇ ਆਪਣਾ ਪ੍ਰਚੰਡ ਰੂਪ ਧਾਰਨ ਕੀਤਾ ਹੋਇਆ ਹੈ। ਇਸ ਕੜਾਕੇ ਦੀ ਸਰਦੀ ਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਅਮਨਪ੍ਰੀਤ ਮਲਟੀਸ਼ਪੈਲਿਟੀ ਹਸਪਤਾਲ ਸੁਲਤਾਨਪੁਰ ਲੋਧੀ ਦੇ ਐੱਮਡੀ ਅਮਨਪ੍ਰੀਤ ਸਿੰਘ ਨੇ ਕਿਹਾ ਕਿ ਸਰਦੀ ਵਿਚ ਸਾਡੇ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਠੰਢ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਜ਼ਿਆਦਾ ਠੰਢ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿਚ ਨਮੂਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਢ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ-ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਡਾ. ਅਮਨਪ੍ਰੀਤ ਸਿੰਘ ਨੇ ਸਰਦੀ ਦੇ ਮੌਸਮ ਵਿਚ ਘਰਾਂ ਵਿਚ ਅੰਗੀਠੀ ਬਾਲ ਕੇ ਅੱਗ ਸੇਕਣ ਵਾਲਿਆਂ ਨੂੰ ਵੀ ਖਾਸ ਅਪੀਲ ਕਰਦੇ ਹੋਏ ਕਿਹਾ ਕਿ ਬੰਦ ਕਮਰੇ ’ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਬੰਦ ਕਮਰੇ ਵਿਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦਮਾ ਤੇ ਸਾਹ ਦੀ ਬਿਮਾਰੀ ਦੇ ਮਰੀਜ਼ ਬਹੁਤੀ ਜ਼ਿਆਦਾ ਠੰਢ ਹੋਣ ’ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਤੇ ਖੁਰਾਕ ਵਿਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕੌਫੀ, ਸੰਤੁਲਿਤ ਖ਼ੁਰਾਕ ਦਾ ਸੇਵਨ ਕਰਨ। ਉਨ੍ਹਾਂ ਕਿਹਾ ਕਿ ਸਰਦੀ ਲੱਗਣ ਕਾਰਨ ਆਮ ਤੌਰ ਤੇ ਫਲੂ ਹੋ ਜਾਂਦਾ ਹੈ।