ਪੰਜਾਬ ਦੇ ਕਿਸਾਨਾਂ ਨੂੰ ਵੀ ਜਾਰੀ ਕੀਤੇ ਜਾਣ ਪੁਰਾਣੇ ਟਿਊਬਵੈੱਲ ਕੁਨੈਕਸ਼ਨ : ਜੱਟ ਸਭਾ ਹਰਿਆਣਾ ਵਾਂਗ ਪੰਜਾਬ ਦੇ ਕਿਸਾਨਾਂ ਨੂੰ ਵੀ ਜਾਰੀ ਕੀਤੇ ਜਾਣ ਪੁਰਾਣੇ ਟਿਊਬਵੈੱਲ ਕੁਨੈਕਸ਼ਨ : ਜੱਟ ਸਭਾ
Publish Date: Mon, 26 Oct 2026 08:58 PM (IST)
Updated Date: Mon, 26 Oct 2026 09:01 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਸੁਲਤਾਨਪੁਰ ਲੋਧੀ : ਜੱਟ ਸਭਾ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿੱਚ ਕਿਸਾਨੀ ਤੇ ਹੋਰ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੱਟ ਸਭਾ ਦੇ ਸਰਪ੍ਰਸਤ ਸੰਤੋਖ ਸਿੰਘ ਭਾਗੋ ਰਾਈਆਂ, ਪ੍ਰਧਾਨ ਮਹਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਦੀ ਤਰਜ਼ ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਲੰਬੇ ਸਮੇਂ ਤੋਂ ਲਟਕ ਰਹੇ ਟਿਊਬਵੈੱਲਾਂ ਦੇ ਬਿਜਲੀ ਕੁਨੈਕਸ਼ਨ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਲਗਭਗ ਦੋ ਦਹਾਕੇ ਪਹਿਲਾਂ ਕੁਨੈਕਸ਼ਨਾਂ ਲਈ ਅਰਜ਼ੀਆਂ ਦਿੱਤੀਆਂ ਸਨ ਤੇ ਸਰਕਾਰ ਕੋਲ ਫ਼ੀਸਾਂ ਵਜੋਂ ਲੱਖਾਂ-ਕਰੋੜਾਂ ਰੁਪਏ ਜਮਾਂ ਕਰਵਾਏ ਸਨ, ਉਹ ਅੱਜ ਵੀ ਆਪਣੇ ਕੁਨੈਕਸ਼ਨਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2005, 2007, 2010 ਤੇ 2014 ਸੰਨ ਦੌਰਾਨ ਟਿਊਬਵੈੱਲ ਕੁਨੈਕਸ਼ਨਾਂ ਲਈ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੀ ਮਿਹਨਤ ਦੀ ਕਮਾਈ ਵਿੱਚੋਂ ਕੁਨੈਕਸ਼ਨਾਂ ਦੀਆਂ ਫ਼ੀਸਾਂ ਜਮ੍ਹਾਂ ਕਰਵਾਈਆਂ ਸਨ ਤੇ ਉਨ੍ਹਾਂ ਨੂੰ ਉਮੀਦ ਸੀ ਕਿ ਸਰਕਾਰ ਸਮੇਂ ਸਿਰ ਬਿਜਲੀ ਕੁਨੈਕਸ਼ਨ ਜਾਰੀ ਕਰੇਗੀ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਉਡੀਕ ਖ਼ਤਮ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੇ ਕੁਨੈਕਸ਼ਨ ਜਾਰੀ ਨਾ ਹੋਣ ਕਾਰਨ ਪੰਜਾਬ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਜੱਟ ਸਭਾ ਦੇ ਜਨਰਲ ਸਕੱਤਰ ਅਜੀਤ ਸਿੰਘ ਔਜਲਾ, ਨੰਬਰਦਾਰ ਸਾਹਿਬ ਸਿੰਘ ਭੁੱਲਰ, ਕੁਲਦੀਪ ਸਿੰਘ ਸਾਗਰਾਂ ਨੇ ਕਿਹਾ ਕਿ ਜਦੋਂ ਹਰਿਆਣਾ ਵਿੱਚ ਪੁਰਾਣੇ ਟਿਊਬਵੈੱਲ ਕੁਨੈਕਸ਼ਨਾਂ ਸਬੰਧੀ ਕਿਸਾਨਾਂ ਨੂੰ ਰਾਹਤ ਦੇਣ ਲਈ ਕਦਮ ਚੁੱਕੇ ਜਾ ਸਕਦੇ ਹਨ ਤਾਂ ਪੰਜਾਬ ਸਰਕਾਰ ਨੂੰ ਵੀ ਇਸ ਦਿਸ਼ਾ ਵਿੱਚ ਠੋਸ ਨੀਤੀ ਬਣਾਉਣੀ ਚਾਹੀਦੀ ਹੈ ਪੰਜਾਬ ਦੇ ਕਿਸਾਨਾਂ ਨੂੰ ਵੀ ਹਰਿਆਣਾ ਦੀ ਤਰਜ਼ ਤੇ ਰਾਹਤ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ 5 ਏਕੜ ਤੋਂ ਘੱਟ ਤੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਤੇ ਲੋੜਵੰਦ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਸਮਝਿਆ ਜਾਣਾ ਚਾਹੀਦਾ ਹੈ। ਖੇਤੀਬਾੜੀ ਲਈ ਸਿੰਜਾਈ ਬੇਹੱਦ ਜ਼ਰੂਰੀ ਹੈ ਤੇ ਬਿਜਲੀ ਕੁਨੈਕਸ਼ਨ ਨਾ ਮਿਲਣ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਯੋਗ ਤੇ ਲੋੜਵੰਦ ਕਿਸਾਨਾਂ ਨੂੰ ਬਿਨਾਂ ਹੋਰ ਦੇਰੀ ਦੇ ਕੁਨੈਕਸ਼ਨ ਜਾਰੀ ਕੀਤੇ ਜਾਣੇ ਚਾਹੀਦੇ ਹਨ। ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਤੇ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਲਈ ਸਮਾਂਬੱਧ ਨੀਤੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਮਿਲ ਸਕਣ ਤੇ ਖੇਤੀਬਾੜੀ ਦੇ ਕੰਮਾਂ ਵਿੱਚ ਆ ਰਹੀਆਂ ਮੁਸ਼ਕਲਾਂ ਦੂਰ ਹੋ ਸਕਣ। ਇਸ ਮੌਕੇ ਜੱਟ ਸਭਾ ਦੇ ਅਹੁਦੇਦਾਰ ਤੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।