ਬਿਜਲੀ ਕ੍ਰਾਂਤੀ ਦੀ ਵੀ ਨਿਕਲੀ ਫੂਕ : ਜਥੇ. ਸਾਹੀ ਕ੍ਰਾਂਤੀਆਂ ਦੀ ਤਰ੍ਹਾਂ ਬਿਜਲੀ ਕ੍ਰਾਂਤੀ ਦੀ ਵੀ ਨਿਕਲੀ ਫੂਕ-ਜੱਥੇਦਾਰ ਸਾਹੀ
Publish Date: Mon, 14 Sep 2026 09:42 PM (IST)
Updated Date: Mon, 14 Sep 2026 09:44 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਬਿਜਲੀ ਦੇ ਖੇਤਰ ਵਿਚ ਵੱਡੇ ਬਦਲਾਅ ਤੇ ਕ੍ਰਾਂਤੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸੀਨੀਅਰ ਆਗੂਆਂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਨੇ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹੋਰ ਕਥਿਤ ਬਦਲਾਵਾਂ ਦੀ ਤਰ੍ਹਾਂ ਬਿਜਲੀ ਕ੍ਰਾਂਤੀ ਦੇ ਦਾਅਵਿਆਂ ਦੀ ਵੀ ਫੂਕ ਨਿਕਲ ਚੁੱਕੀ ਹੈ ਤੇ ਕਿਸਾਨਾਂ ਦੇ ਨਾਲ-ਨਾਲ ਸ਼ਹਿਰੀ ਖਪਤਕਾਰ ਵੀ ਬਿਜਲੀ ਸਪਲਾਈ ਦੀ ਮਾੜੀ ਵਿਵਸਥਾ ਤੋਂ ਪ੍ਰੇਸ਼ਾਨ ਹਨ। ਜਥੇਦਾਰ ਸਾਹੀ ਨੇ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੈਕਟਰ ਪਹਿਲਾਂ ਹੀ ਕਈ ਚੁਣੌਤੀਆਂ ਨਾਲ ਜੂਝ ਰਿਹਾ ਹੈ, ਅਜਿਹੇ ਵਿਚ ਬਿਜਲੀ ਸਪਲਾਈ ਵਿਚ ਵਿਘਨ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਵੀ ਬਿਜਲੀ ਸਪਲਾਈ ਦੀ ਸਥਿਤੀ ਕੋਈ ਤਸੱਲੀਬਖਸ਼ ਨਹੀਂ ਹੈ। ਕਈ ਥਾਵਾਂ ’ਤੇ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਗਰਮੀ ਦੇ ਮੌਸਮ ਵਿਚ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਦੇਸ਼ ਲਾਇਆ ਕਿ ਸਰਕਾਰ ਵੱਲੋਂ ਬਿਜਲੀ ਸਪਲਾਈ ਨੂੰ ਲੈ ਕੇ ਕੀਤੇ ਗਏ ਵੱਡੇ-ਵੱਡੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਜਥੇਦਾਰ ਸਾਹੀ ਨੇ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਾਂ ਤੇ ਬਿਆਨਾਂ ਦੀ ਬਜਾਏ ਬਿਜਲੀ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਨਿਰਵਿਘਨ ਤੇ ਨਿਰਧਾਰਤ ਸਮੇਂ ਅਨੁਸਾਰ ਖੇਤੀਬਾੜੀ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤੇ ਸ਼ਹਿਰੀ ਖਪਤਕਾਰਾਂ ਨੂੰ ਵੀ ਲਗਾਤਾਰ ਬਿਜਲੀ ਮੁਹੱਈਆ ਕਰਵਾਈ ਜਾਵੇ। ਜਥੇਦਾਰ ਸਾਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜੋ ਕਿ ਖੋਖਲੇ ਸਾਬਤ ਹੋ ਰਹੇ ਹਨ, ਜਿਸਦੀ ਤਾਜ਼ਾ ਮਿਸਾਲ ਭਰ ਗਰਮੀ ਵਿਚ ਰਾਤ ਤੇ ਦਿਨ ਨੂੰ ਲੱਗ ਰਹੇ ਅਣਐਲਾਨੇ ਕੱਟਾਂ ਤੋਂ ਮਿਲਦੀ ਹੈ। ਬਿਜਲੀ ਬੰਦ ਰਹਿਣ ਕਾਰਨ ਲੋਕ ਗਰਮੀ ਕਾਰਨ ਬੇਹਾਲ ਹੋ ਰਹੇ ਹਨ,ਉਥੇ ਕਾਰੋਬਾਰ ਨਾਲ ਜੁੜੇ ਲੋਕ ਵੀ ਪ੍ਰੇਸ਼ਾਨ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਕਿ ਗਰਮੀ ਦਾ ਮੌਸਮ ਹੋਣ ਕਾਰਨ ਬਿਜਲੀ ਦੇ ਲਾਏ ਜਾ ਰਹੇ ਕੱਟਾਂ ਤੋਂ ਲੋਕਾਂ ਨੂੰ ਰਾਹਤ ਦਵਾਉਣ ਲਈ ਬਿਜਲੀ ਵਿਭਾਗ ਨਾਲ ਤਾਲਮੇਲ ਕਰ ਕੇ ਲੱਗਦੇ ਲੰਮੇ ਕੱਟਾਂ ਨੂੰ ਬੰਦ ਕਰਵਾਉਣਾ ਚਾਹੀਦਾ ਹੈ।