ਪਵਨ ਤੇ੍ਹਨ, ਬਟਾਲਾ

ਕੋਵਿਡ-19 ਦੇ ਸੰਕਟ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿਤਰੀ ਰਾਜਾਂ ਤੱਕ ਸੁਰੱਖਿਅਤ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਹਨ। ਜਿੱਥੇ ਦੇਸ਼ ਦੇ ਦੂਜੇ ਸੂਬਿਆਂ ਵਿਚੋਂ ਇਹ ਖਬਰਾਂ ਆ ਰਹੀਆਂ ਕਿ ਪ੍ਰਵਾਸੀ ਮਜ਼ਦੂਰ ਆਪਣੇ ਪਿਤਰੀ ਰਾਜਾਂ ਵਿੱਚ ਪੈਦਲ ਜਾਣ ਲਈ ਮਜ਼ਬੂਰ ਹਨ, ਉਥੇ ਪੰਜਾਬ ਸਰਕਾਰ ਵੱਲੋਂ ਜਿਹੜੇ ਵੀ ਪ੍ਰਵਾਸੀ ਮਜ਼ਦੂਰ ਆਪਣੇ ਰਾਜ ਵਿਖੇ ਵਾਪਸ ਜਾਣਾ ਚਾਹੁੰਦੇ ਹਨ ਉਨ੍ਹਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਪ੍ਰਵਾਸੀ ਮਜ਼ਦੂਰਾਂ ਦੀ ਉਨ੍ਹਾਂ ਦੇ ਰਾਜ ਤੱਕ ਸੁਰੱਖਿਅਤ ਵਾਪਸੀ ਕਰਦਿਆਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਨਅਤੀ ਸ਼ਹਿਰ ਬਟਾਲਾ ਤੋਂ 168 ਹੋਰ ਪ੍ਰਵਾਸੀ ਮਜ਼ਦੂਰਾਂ ਨੂੰ 6 ਬੱਸਾਂ ਰਾਹੀਂ ਅੰਮਿ੍ਤਸਰ ਰੇਲਵੇ ਸਟੇਸ਼ਨ ਪਹੁੰਚਾਇਆ ਗਿਆ। ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਇਹ ਪ੍ਰਵਾਸੀ ਮਜ਼ਦੂਰ ਪੰਜਾਬ ਸਰਕਾਰ ਦੀ ਵਿਸ਼ੇਸ਼ ਰੇਲ ਗੱਡੀ ਰਾਹੀਂ ਆਪਣੇ ਪਿਤਰੀ ਰਾਜ ਬਿਹਾਰ ਵਿਖੇ ਪਹੁੰਚਣਗੇ। ਐੱਸਡੀਐੱਮ ਬਟਾਲਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਬਟਾਲਾ ਦੇ ਖਤੀਬ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਤੋਂ ਇਨ੍ਹਾਂ 168 ਪ੍ਰਵਾਸੀ ਮਜ਼ਦੂਰਾਂ ਦਾ ਡਾਕਟਰੀ ਮੁਆਇਨਾ ਕਰਕੇ ਉਨ੍ਹਾਂ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੀਆਂ 6 ਬੱਸਾਂ 168 ਮਜ਼ਦੂਰਾਂ ਨੂੰ ਅੰਮਿ੍ਤਸਰ ਵਿਖੇ ਛੱਡ ਕੇ ਆਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪ੍ਰਵਾਸੀ ਮਜ਼ਦੂਰਾਂ ਦਾ ਕਿਰਾਇਆ ਪੰਜਾਬ ਸਰਕਾਰ ਵਲੋਂ ਰੇਲਵੇ ਨੂੰ ਦਿੱਤਾ ਗਿਆ ਹੈ ਅਤੇ ਸਫ਼ਰ ਦੌਰਾਨ ਪ੍ਰਵਾਸੀਆਂ ਨੂੰ ਖਾਣ-ਪੀਣ ਦਾ ਸਮਾਨ ਵੀ ਪ੍ਰਸ਼ਾਸਨ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਤਹਿਤ ਜਿਹੜੇ ਵੀ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਰਾਜਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਧਰ ਆਪਣੇ ਘਰ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਸਰਕਾਰ ਦੇ ਪ੍ਰਬੰਧਾਂ ਉੱਪਰ ਤਸੱਲੀ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਰਾਜਾਂ 'ਚੋਂ ਮਜ਼ਦੂਰ ਹਜ਼ਾਰਾਂ ਕਿਲੋਮੀਟਰ ਨੰਗੇ ਪੈਰੀਂ ਤੁਰ ਕੇ ਆਪਣੇ ਘਰਾਂ ਨੂੰ ਪਰਤ ਰਹੇ ਹਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਵਿਸ਼ੇਸ਼ ਰੇਲ ਗੱਡੀਆਂ ਬੁੱਕ ਕਰਕੇ ਉਨ੍ਹਾਂ ਨੂੰ ਬਿਨ੍ਹਾ ਕਿਸੇ ਪਰੇਸ਼ਾਨੀ ਘਰਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕੀਤਾ ਹੈ।