- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਈਕੋ ਕਲੱਬ ਵੱਲੋਂ ਵਾਤਾਵਰਨ ਸੰਭਾਲ ਸਬੰਧੀ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ

ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਈਕੋ ਕਲੱਬ ਵੱਲੋਂ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਤੇ ਵਾਤਾਵਰਨ, ਜੰਗਲ ਤੇ ਜਲਵਾਯੂ ਤਬਦੀਲੀ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿੱਚ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਵਿਦਿਅਕ ਤੇ ਵਿਹਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ, ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਤੇ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਨ ਪ੍ਰਦੂਸ਼ਣ, ਕੁਦਰਤ ਦੀ ਸੰਭਾਲ ਤੇ ਵਾਤਾਵਰਨ-ਅਨੁਕੂਲ ਜੀਵਨ-ਸ਼ੈਲੀ ਵਰਗੇ ਵਿਸ਼ਿਆਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਇਸ ਤੋਂ ਇਲਾਵਾ, ਵੇਸਟ ਮਟੀਰੀਅਲ ਨੂੰ ਮੁੜ ਵਰਤੋਂ ਵਿੱਚ ਲਿਆਉਣ ਦੇ ਉਦੇਸ਼ ਨਾਲ ਇੱਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਵੀ ਲਗਾਈ ਗਈ। ਇਸ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਬੇਕਾਰ ਸਮੱਗਰੀ ਦੀ ਸੁਚੱਜੀ ਵਰਤੋਂ, ਮੁੜ ਵਰਤੋਂ ਦੀਆਂ ਸੰਭਾਵਨਾਵਾਂ ਤੇ ਕੂੜੇ ਦੀ ਮਾਤਰਾ ਘਟਾਉਣ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਾਣੀ ਦੀ ਬੱਚਤ ਕਰਨ, ਪਲਾਸਟਿਕ ਦੀ ਵਰਤੋਂ ਘਟਾਉਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਵਸਤੂਆਂ ਦੀ ਮੁੜ ਵਰਤੋਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਈਕੋ ਕਲੱਬ ਦੇ ਕਨਵੀਨਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ-ਅਨੁਕੂਲ ਆਦਤਾਂ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਬੇਕਾਰ ਵਸਤੂਆਂ ਨੂੰ ਮੁੜ ਵਰਤੋਂ ਵਿੱਚ ਲਿਆਉਣ ਤੇ ਵਾਤਾਵਰਨ ਦੀ ਸੁਰੱਖਿਆ ਲਈ ਹੋਰਨਾਂ ਨੂੰ ਵੀ ਜਾਗਰੂਕ ਕਰਨ। ਇਸ ਮੌਕੇ ਕਰਾਏ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚੋਂ ਨਵਦੀਪ ਕੌਰ ਨੇ ਪਹਿਲਾ, ਦਵਿੰਦਰ ਸਿੱਧੂ ਤੇ ਸਾਨੀਆ ਵਰਮਾ ਨੇ ਦੂਸਰਾ ਤੇ ਨਵਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ, ਵਿਸ਼ਾਲ ਸ਼ੁਕਲਾ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।