ਖ਼ਾਲਸਾ ਕਾਲਜ ’ਚ ਸਾਈਬਰ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸਾਈਬਰ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ
Publish Date: Fri, 30 Oct 2026 07:38 PM (IST)
Updated Date: Fri, 30 Oct 2026 07:40 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ, ਕਪੂਰਥਲਾ ਦੇ ਆਈਟੀ ਕਲੱਬ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ, ਸਾਈਬਰ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ ਗਿਆ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ, ਇੰਟਰਨੈੱਟ ਦੀ ਸੁਰੱਖਿਅਤ ਵਰਤੋਂ, ਨਿੱਜੀ ਜਾਣਕਾਰੀ ਦੀ ਰਾਖੀ ਤੇ ਡਿਜੀਟਲ ਤਕਨਾਲੋਜੀ ਦੀ ਜ਼ਿੰਮੇਵਾਰ ਵਰਤੋਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਡਾ. ਸ਼ਾਲੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਵਿੱਚ ਵਧ ਰਹੇ ਸਾਈਬਰ ਅਪਰਾਧਾਂ, ਜਿਵੇਂ ਕਿ ਆਨਲਾਈਨ ਧੋਖਾਧੜੀ, ਫਿਸ਼ਿੰਗ, ਪਛਾਣ ਦੀ ਚੋਰੀ, ਪਾਸਵਰਡ ਦੀ ਚੋਰੀ ਤੇ ਨਿੱਜੀ ਡਾਟਾ ਦੀ ਦੁਰਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਟੂ-ਫੈਕਟਰ ਆਥੈਂਟੀਕੇਸ਼ਨ ਦੀ ਵਰਤੋਂ ਕਰਨ, ਸ਼ੱਕੀ ਲਿੰਕਾਂ ’ਤੇ ਕਲਿੱਕ ਕਰਨ ਤੋਂ ਬਚਣ ਤੇ ਅਣਜਾਣ ਵੈੱਬਸਾਈਟਾਂ ’ਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ, ਈ-ਮੇਲ, ਆਨਲਾਈਨ ਬੈਂਕਿੰਗ ਤੇ ਹੋਰ ਡਿਜੀਟਲ ਸੇਵਾਵਾਂ ਦੀ ਵਰਤੋਂ ਕਰਦੇ ਸਮੇਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਨਾਲ ਹੀ, ਉਨ੍ਹਾਂ ਨੂੰ ਸਾਈਬਰ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਤੇ ਕਿਸੇ ਵੀ ਸ਼ੱਕੀ ਆਨਲਾਈਨ ਗਤੀਵਿਧੀ ਪ੍ਰਤੀ ਸਾਵਧਾਨ ਰਹਿਣ ਲਈ ਉਤਸ਼ਾਹਿਤ ਕੀਤਾ ਗਿਆ। ਕਾਲਜ ਨੇ ਡਿਜੀਟਲ ਸਾਖਰਤਾ ਨੂੰ ਉਤਸ਼ਾਹਿਤ ਕਰਨ, ਤਕਨਾਲੋਜੀ ਦੀ ਸੁਰੱਖਿਅਤ ਵਰਤੋਂ ਨੂੰ ਯਕੀਨੀ ਬਣਾਉਣ ਤੇ ਵਿਦਿਆਰਥੀਆਂ ਵਿੱਚ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਸਾਈਬਰ ਸੁਰੱਖਿਆ ਦਾ ਸਮੂਹ ਵਿਦਿਆਰਥੀਆਂ ਨੂੰ “ਸੁਰੱਖਿਅਤ ਵਿਅਕਤੀ, ਸੁਰੱਖਿਅਤ ਡਾਟਾ ਤੇ ਬਿਹਤਰ ਭਵਿੱਖ” ਦਾ ਸੰਦੇਸ਼ ਵੀ ਦਿੱਤਾ।