- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦਾ ਵੱਡਾ ਐਲਾਨ, ਅੱਜ ਫਗਵਾੜਾ ਸ਼ੂਗਰ ਮਿੱਲ ਅੱਗੇ ਧਰਨਾ, ਕੌਮੀ ਰਾਜਮਾਰਗ ਕੀਤਾ ਜਾਵੇਗਾ ਜਾਮ

ਕੈਪਸ਼ਨ-25ਪੀਐਚਜੀ19 ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਰਾਏ, ਗੁਰਪਾਲ ਸਿੰਘ ਪਾਲਾ ਤੇ ਹੋਰ।
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਫਗਵਾੜਾ ਸ਼ੂਗਰ ਮਿੱਲ ਵੱਲੋਂ ਪਿਛਲੇ ਕਈ ਸਾਲਾਂ ਤੋਂ ਗੰਨਾ ਕਾਸ਼ਤਕਾਰ ਕਿਸਾਨਾਂ ਦੀ ਬਕਾਇਆ ਰਾਸ਼ੀ ਅਦਾ ਨਾ ਕੀਤੇ ਜਾਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਵੱਲੋਂ ਅੱਜ ਫਗਵਾੜਾ ਵਿਖੇ ਵੱਡੇ ਪੱਧਰ ’ਤੇ ਧਰਨਾ ਪ੍ਰਦਰਸ਼ਨ ਕਰਦਿਆਂ ਕੌਮੀ ਰਾਜਮਾਰਗ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਗੁਰਪਾਲ ਸਿੰਘ ਪਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਫਗਵਾੜਾ ਸ਼ੂਗਰ ਮਿੱਲ ਤੋਂ ਉਨ੍ਹਾਂ ਦੀ ਬਕਾਇਆ ਰਾਸ਼ੀ ਅਦਾ ਕਰਵਾਈ ਜਾਵੇਗੀ, ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਕਿਸਾਨਾਂ ਨੂੰ ਉਨ੍ਹਾਂ ਦੀ ਬਣਦੀ ਰਕਮ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਸ਼ੂਗਰ ਮਿੱਲ ਅੱਗੇ ਧਰਨਾ ਲਗਾ ਕੇ ਅਣਮਿੱਥੇ ਸਮੇਂ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਧਰਨੇ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕਰ ਕੇ ਕੌਮੀ ਰਾਜਮਾਰਗ ਜਾਮ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਰੈਕਟਰ-ਟਰਾਲੀਆਂ ਸਮੇਤ ਵੱਧ ਤੋਂ ਵੱਧ ਗਿਣਤੀ ’ਚ ਫਗਵਾੜਾ ਸ਼ੂਗਰ ਮਿੱਲ ਦੇ ਗੇਟ ਅੱਗੇ ਪਹੁੰਚਣ ਅਤੇ ਸੰਘਰਸ਼ ’ਚ ਸ਼ਮੂਲੀਅਤ ਕਰਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਿਸਾਨਾਂ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਣ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।