30 ਗ੍ਰਾਮ ਹੈਰੋਇਨ ਤੇ 11800 ਰੁਪਏ ਡਰੱਗ ਮਨੀ ਸਮੇਤ ਤਸਕਰ ਗ੍ਰਿਫ਼ਤਾਰ
ਕਪੂਰਥਲਾ ਵਿੱਚ ਸੀਆਈਏ ਸਟਾਫ ਦੀ ਵੱਡੀ ਕਾਰਵਾਈ
Publish Date: Wed, 22 Apr 2026 07:04 PM (IST)
Updated Date: Thu, 23 Apr 2026 04:07 AM (IST)

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ, ਕਪੂਰਥਲਾ : ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖਿਲਾਫ਼ ਚੱਲ ਰਹੇ ਅਭਿਆਨ ਤਹਿਤ ਸੀ.ਆਈ.ਏ. ਸਟਾਫ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਉਸਦੇ ਕਬਜ਼ੇ ’ਚੋਂ 30 ਗ੍ਰਾਮ ਹੈਰੋਇਨ ਤੇ 11,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਥਾਣਾ ਸਦਰ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਤੋਂ ਨਸ਼ਾ ਸਪਲਾਈ ਚੇਨ ਬਾਰੇ ਗਹਿਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦੇ ਅਨੁਸਾਰ ਸੀ.ਆਈ.ਏ. ਸਟਾਫ ਵਿੱਚ ਤੈਨਾਤ ਏ.ਐਸ.ਆਈ. ਸੁਖਚੈਨ ਸਿੰਘ ਆਪਣੀ ਟੀਮ ਨਾਲ ਪਿੰਡ ਭਾਨੋਲੰਗਾ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗ ਪਿਆ। ਭੱਜਦੇ ਸਮੇਂ ਉਸ ਨੇ ਆਪਣੀ ਕੈਪਰੀ ਦੀ ਜੇਬ ਵਿੱਚੋਂ ਇੱਕ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਮੁਲਜ਼ਮ ਦੀ ਨਿੱਜੀ ਤਲਾਸ਼ੀ ਦੌਰਾਨ 11,800 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਨਾਲ ਪੁੱਛਗਿੱਛ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਨਸ਼ਾ ਕਿੱਥੋਂ ਲਿਆਉਂਦਾ ਸੀ ਅਤੇ ਕਿੰਨਾਂ ਨੂੰ ਸਪਲਾਈ ਕਰਦਾ ਸੀ।