ਨਸ਼ਿਆਂ ਖ਼ਿਲਾਫ਼ ਅੱਲਾ ਦਿੱਤਾ, ਲਾਟੀਆਂਵਾਲ ਤੇ ਸੇਚਾ ’ਚ ਚੱਲਿਆ ਸਰਚ ਆਪ੍ਰੇਸ਼ਨ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਅੱਲਾ ਦਿੱਤਾ, ਲਾਟੀਆਂਵਾਲ ਤੇ ਸੇਚਾ ਵਿਚ ਸਰਚ ਅਪ੍ਰੇਸ਼ਨ
Publish Date: Sat, 22 Aug 2026 08:33 PM (IST)
Updated Date: Sat, 22 Aug 2026 08:36 PM (IST)
--ਨਸ਼ਾ ਕਰਦੇ ਤਿੰਨ ਨੌਜਵਾਨ ਫੜੇ ਸਮਝਾ ਕੇ ਕਰਵਾਇਆ ਜਾਵੇਗਾ ਇਲਾਜ : ਐੱਸਐੱਚਓ ਸ਼ਰਮਾ ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਅੱਲਾ ਦਿੱਤਾ, ਲਾਟੀਆਂਵਾਲ ਤੇ ਸੇਚਾ ਪਿੰਡਾਂ ਵਿੱਚ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਵੱਲੋਂ ਨਸ਼ਾ ਕਰਦੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਐੱਸਐੱਚਓ ਦਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਨੇ ਨੌਜਵਾਨਾਂ ਨੂੰ ਸਿਰਫ਼ ਸਖ਼ਤੀ ਨਾਲ ਨਜਿੱਠਣ ਦੀ ਬਜਾਏ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਗਿਆ ਤੇ ਪੁਲਿਸ ਵੱਲੋਂ ਪਿੰਡ ਦੇ ਸਰਪੰਚਾਂ, ਨੰਬਰਦਾਰਾਂ ਤੇ ਹੋਰ ਮੋਹਤਬਰ ਵਿਅਕਤੀਆਂ ਦੀ ਮੌਜੂਦਗੀ ਵਿੱਚ ਨੌਜਵਾਨਾਂ ਨੂੰ ਸਮਝਾਇਆ ਗਿਆ ਤੇ ਉਨ੍ਹਾਂ ਨੂੰ ਪੰਚਾਇਤਾਂ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਕੱਢਣ ਲਈ ਲੋੜ ਅਨੁਸਾਰ ਉਨ੍ਹਾਂ ਦਾ ਇਲਾਜ ਵੀ ਕਰਵਾਇਆ ਜਾਵੇਗਾ। ਇਸ ਉਪਰਾਲੇ ਦਾ ਮਕਸਦ ਨੌਜਵਾਨਾਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਕਰਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਐਸਐੱਚਓ ਦਵਿੰਦਰ ਪਾਲ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਸੁਧਾਰ ਦਾ ਮੌਕਾ ਦਿੱਤਾ ਜਾਵੇਗਾ, ਪਰ ਨਸ਼ਾ ਵੇਚਣ ਤੇ ਸਪਲਾਈ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਨਸ਼ਾ ਵੇਚਣ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਇਸ ਮੌਕੇ ਪਿੰਡ ਦੇ ਸਰਪੰਚਾਂ ਹਰਬੰਸ ਸਿੰਘ ਲਾਟੀਆਂਵਾਲ, ਸਰਪੰਚ ਮਨਦੀਪ ਸਿੰਘ ਅੱਲਾ ਦਿੱਤਾ, ਸਰਪੰਚ ਗੁਰਪ੍ਰੀਤ ਸਿੰਘ ਕਮਾਲਪੁਰ, ਸਰਪੰਚ ਮੁਖਤਿਆਰ ਸਿੰਘ ਪਿੰਡ ਸੇਚਾ ਤੇ ਲੋਕਾਂ ਵੱਲੋਂ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਲੋਕਾਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਇਲਾਜ ਤੇ ਸੁਧਾਰ ਦਾ ਮੌਕਾ ਦੇਣਾ ਵੀ ਜ਼ਰੂਰੀ ਹੈ। ਇਸ ਮੌਕੇ ਐੱਸਐੱਚਓ ਦਵਿੰਦਰ ਪਾਲ ਸ਼ਰਮਾ ਥਾਣਾ ਸੁਲਤਾਨਪੁਰ ਲੋਧੀ, ਹੈੱਡਕਾਂਸਟੇਬਲ ਵਿਨੋਦ ਕੁਮਾਰ, ਹੈੱਡਕਾਂਸਟੇਬਲ ਤਰਸੇਮ ਸਿੰਘ, ਸਬ ਇੰਸਪੈਕਟਰ ਬਲਵਿੰਦਰ ਸਿੰਘ ਚੌਕੀ ਇੰਚਾਰਜ ਮੋਠਾਂਵਾਲਾ, ਕਾਂਸਟੇਬਲ ਮਨਦੀਪ ਕੁਮਾਰ ਆਦਿ ਵੀ ਹਾਜ਼ਰ ਸਨ।