ਕਾਂਗਰਸ ਨੂੰ ਫਗਵਾੜਾ ’ਚ ਵੱਡਾ ਝਟਕਾ ਕਾਂਗਰਸ ਨੂੰ ਫਗਵਾੜਾ ’ਚ ਵੱਡਾ ਝਟਕਾ
Publish Date: Mon, 21 Sep 2026 09:22 PM (IST)
Updated Date: Mon, 21 Sep 2026 09:23 PM (IST)
ਕਾਂਗਰਸ ਦੇ ਯੂਥ ਪ੍ਰਧਾਨ ਕੁੰਦਨ ਆਪ ’ਚ ਸ਼ਾਮਲ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਵਿਧਾਨ ਸਭਾ ਹਲਕਾ ਫਗਵਾੜਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਫਗਵਾੜਾ ਅਸੈਂਬਲੀ ਕਾਂਗਰਸ ਦੇ ਯੂਥ ਪ੍ਰਧਾਨ ਕੁੰਦਨ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਹਲਕਾ ਇੰਚਾਰਜ ਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੁੰਦਨ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ‘ਆਪ’ ਪਰਿਵਾਰ ਵਿੱਚ ਜੀ ਆਇਆਂ ਆਖਿਆ। ਜ਼ਿਕਰਯੋਗ ਹੈ ਕਿ ਕਰੀਬ ਚਾਰ ਮਹੀਨੇ ਪਹਿਲਾਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਕਾਂਗਰਸ ਦੀ ਯੂਥ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਕੁੰਦਨ ਨੂੰ ਵਿਧਾਨ ਸਭਾ ਹਲਕਾ ਫਗਵਾੜਾ ਅਸੈਂਬਲੀ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਇਸ ਮੌਕੇ ਕੁੰਦਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਸਹਿਯੋਗ ਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉਹ ਆਮ ਆਦਮੀ ਪਾਰਟੀ ਨਾਲ ਮਿਲ ਕੇ ਕੰਮ ਕਰਨਗੇ। ਕੁੰਦਨ ਰਾਏ ਨੇ ਕਾਂਗਰਸ ਛੱਡਣ ਬਾਰੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਵਰਕਰਾਂ ਨਾਲ ਸਬੰਧਤ ਕੁਝ ਮਾਮਲਿਆਂ ਤੋਂ ਨਿਰਾਸ਼ ਸਨ। ਉਨ੍ਹਾਂ ਦੇ ਅਨੁਸਾਰ ਵੱਡੇ ਲੀਡਰਾਂ ਦੇ ਵਰਕਰਾਂ ਦੇ ਸਹਿਯੋਗ ਵਿੱਚ ਖੜ੍ਹੇ ਨਾ ਹੋਣ ਕਾਰਨ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਨੂੰ ਪਾਰਟੀ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਦੇ ਤਜਰਬੇ ਤੇ ਸਹਿਯੋਗ ਨਾਲ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਕੁੰਦਨ ਦੇ ਨਾਲ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਾਥੀ ਤੇ ਸਮਰਥਕ ਵੀ ਹਾਜ਼ਰ ਸਨ।