ਅਕਾਲੀ ਦਲ ਛੱਡ ਕੇ ਹਲਕਾ ਇੰਚਾਰਜ ਡਾ. ਖਾਨ ‘ਆਪ’ ’ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਮੁਸਲਿਮ ਭਾਈਚਾਰੇ ਦੇ ਹਲਕਾ ਇੰਚਾਰਜ ਡਾ. ਖਾਨ ‘ਆਪ’ ਵਿੱਚ ਸ਼ਾਮਲ
Publish Date: Sat, 12 Sep 2026 07:49 PM (IST)
Updated Date: Sat, 12 Sep 2026 07:50 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਫਗਵਾੜਾ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਵੱਲੋਂ ਕੁਝ ਦਿਨ ਪਹਿਲਾਂ ਹੀ ਮੁਸਲਿਮ ਭਾਈਚਾਰੇ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਡਾ. ਵਸੀਮ ਅਹਿਮਦ ਖਾਨ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਦੱਸਿਆ ਜਾ ਰਿਹਾ ਹੈ ਕਿ ਡਾ. ਖਾਨ ਨੂੰ ਅਜੇ ਲਗਭਗ ਇੱਕ ਹਫ਼ਤਾ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਫਗਵਾੜਾ ਲਈ ਮੁਸਲਿਮ ਭਾਈਚਾਰੇ ਦੇ ਹਲਕਾ ਇੰਚਾਰਜ ਵਜੋਂ ਨਿਯੁਕਤੀ ਪੱਤਰ ਦਿੱਤਾ ਗਿਆ ਸੀ। ਡਾ. ਖਾਨ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਫਗਵਾੜਾ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਡਾ. ਖਾਨ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਡਾ. ਚੱਬੇਵਾਲ ਨੇ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਡਾ. ਖਾਨ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਡਾ. ਖਾਨ ਦੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਜਾਣ ਨੂੰ ਪਾਰਟੀ ਲਈ ਇੱਕ ਹੋਰ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਖਾਸ ਤੌਰ ’ਤੇ ਮੁਸਲਿਮ ਭਾਈਚਾਰੇ ਵਿੱਚ ਉਨ੍ਹਾਂ ਦੀ ਮੌਜੂਦਗੀ ਨੂੰ ਦੇਖਦਿਆਂ ਇਸ ਸਿਆਸੀ ਬਦਲਾਅ ਦਾ ਅਸਰ ਆਉਣ ਵਾਲੇ ਸਮੇਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਦਿਨ-ਬ-ਦਿਨ ਟੁੱਟ ਰਿਹਾ ਅਕਾਲੀ ਦਲ ਦਾ ਸਿਆਸੀ ਆਧਾਰ ਫਗਵਾੜਾ ਵਿੱਚ ਲਗਾਤਾਰ ਆਗੂਆਂ ਤੇ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਘਟਨਾਵਾਂ ਨੇ ਪਾਰਟੀ ਦੀ ਸਥਾਨਕ ਸਿਆਸੀ ਸਥਿਤੀ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਇੱਕ ਪਾਸੇ ‘ਆਪ’ ਵੱਲੋਂ ਲਗਾਤਾਰ ਨਵੇਂ ਆਗੂਆਂ ਨੂੰ ਆਪਣੇ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ, ਉੱਥੇ ਦੂਜੇ ਪਾਸੇ ਅਕਾਲੀ ਦਲ ਨਾਲ ਜੁੜੇ ਆਗੂਆਂ ਤੇ ਵਰਕਰਾਂ ਦੇ ਪਾਰਟੀ ਛੱਡਣ ਨੂੰ ਚਿੰਤਾ ਦਾ ਵਿਸ਼ਾ ਮੰਨਿਆ ਜਾ ਰਿਹਾ ਹੈ।