ਗੁਰੂਆਂ ਬਾਰੇ ਇਤਰਾਜ਼ਯੋਗ ਬਿਆਨ ਦੇਣਾ ਆਪ ਦੀ ਮਾੜੀ ਸੋਚ ਦਾ ਸਬੂਤ ਹੈ-ਖੋਜੇਵਾਲ

-ਭਾਜਪਾ ਆਗੂਆਂ ਨੇ ਆਤਿਸ਼ੀ ਖ਼ਿਲਾਫ਼ ਕੀਤਾ ਪ੍ਰਦਰਸ਼ਨ
-ਖੋਜੇਵਾਲ ਨੇ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਸਿੰਘ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀਆਂ ਟਿੱਪਣੀਆਂ ਵਿਰੁੱਧ ਵਿਰਾਸਤੀ ਸ਼ਹਿਰ ਦੇ ਚਾਰਬੱਤੀ ਚੌਕ ਵਿਖੇ ਭਾਜਪਾ ਆਗੂਆਂ ਨੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਰਾਹੀਂ ਭਾਜਪਾ ਆਗੂਆਂ ਨੇ ਆਤਿਸ਼ੀ ਦੀ ਵਿਧਾਨ ਸਭਾ ਵਿਚ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਆਤਿਸ਼ੀ ਦੇ ਅਸਤੀਫ਼ੇ ਦੀ ਮੰਗ ਕਰਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਸਿੱਖ ਗੁਰੂਆਂ ਵਿਰੁੱਧ ਆਤਿਸ਼ੀ ਸਿੰਘ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਬਹੁਤ ਹੀ ਨਿੰਦਣਯੋਗ ਹਨ, ਜੋ ਜ਼ੁਬਾਨੀ ਜ਼ਿਕਰ ਦੇ ਯੋਗ ਨਹੀਂ ਹਨ। ਸਿੱਖ ਗੁਰੂਆਂ ਵੱਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਦੀ ਤੁਲਨਾ ਕਿਸੇ ਹੋਰ ਨਾਲ ਨਹੀਂ ਕੀਤੀ ਜਾ ਸਕਦੀ। ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਨੂੰ ਠੇਸ ਪਹੁੰਚੀ ਹੈ। ਇਸ ਲਈ ਅਸੀਂ ਚਾਹੁੰਦੇ ਹਾਂ ਕਿ ਵਿਧਾਨ ਸਭਾ ਵਿਚ ਆਤਿਸ਼ੀ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਕਿਉਂਕਿ ਆਤਿਸ਼ੀ ਦਿੱਲੀ ਵਿਚ ਸਿੰਘ ਅਤੇ ਗੋਆ ਵਿਚ ਮਾਰਲੇਨਾ ਬਣ ਜਾਂਦੀ ਹੈ। ਖੋਜੇਵਾਲ ਨੇ ਆਮ ਆਦਮੀ ਪਾਰਟੀ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਨੇ ਭਾਰਤੀ ਧਰਮ ਅਤੇ ਸੱਭਿਆਚਾਰ ਨਾਲ ਸਬੰਧਤ ਮੁੱਦਿਆਂ ’ਤੇ ਵਾਰ-ਵਾਰ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਭਾਜਪਾ ਦਾ ਦੋਸ਼ ਹੈ ਕਿ ਅਜਿਹੇ ਬਿਆਨ ਜਾਣਬੁੱਝ ਕੇ ਦਿੱਤੇ ਜਾਂਦੇ ਹਨ, ਜਿਸ ਨਾਲ ਸਮਾਜ ਵਿਚ ਨਾਰਾਜ਼ਗੀ ਫੈਲਦੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਇਸ ਮੁੱਦੇ ’ਤੇ ਪੂਰੇ ਪੰਜਾਬ ਵਿਚ ਵਿਰੋਧ ਪ੍ਰਦਰਸ਼ਨ ਦੇ ਤਹਿਤ ਕਪੂਰਥਲਾ ਵਿਚ ਪ੍ਰਦਰਸ਼ਨ ਕੀਤਾ ਗਿਆ ਹੈ, ਜਿਸ ਵਿਚ ਆਤਿਸ਼ੀ ਮਾਰਲੇਨਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਖੋਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਜਾਣਬੁੱਝ ਕੇ ਸਿੱਖ ਗੁਰੂਆਂ ਵਿਰੁੱਧ ਅਪਮਾਨਜਨਕ ਬਿਆਨ ਦੇ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਦੇ ਬਿਆਨਾਂ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਭਾਰਤੀ ਧਾਰਮਿਕ ਪਰੰਪਰਾਵਾਂ ਦਾ ਸਤਿਕਾਰ ਕਰਨਾ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਵਿਵਾਦ ਸਮਾਜ ਵਿਚ ਤਣਾਅ ਪੈਦਾ ਕਰਦੇ ਹਨ। ਖੋਜੇਵਾਲ ਨੇ ਕਿਹਾ ਕਿ ਹਿੰਦੂਆਂ ਅਤੇ ਸਿੱਖਾਂ ਦਾ ਵਾਰ-ਵਾਰ ਅਪਮਾਨ ਕੀਤਾ ਜਾ ਰਿਹਾ ਹੈ। ਸਿੱਖ ਭਾਈਚਾਰਾ ਵੀ ਇਸੇ ਤਰ੍ਹਾਂ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗ ਰਿਹਾ ਹੈ। ਖੋਜੇਵਾਲ ਨੇ ਕਿਹਾ ਕਿ ਇਹ ਮੁੱਦਾ ਦਿੱਲੀ ਜਾਂ ਪੰਜਾਬ ਤੱਕ ਸੀਮਤ ਨਹੀਂ ਹੈ। ਇਹ ਸਿਰਫ਼ ਹਿੰਦੂਆਂ ਅਤੇ ਸਿੱਖਾਂ ਬਾਰੇ ਨਹੀਂ ਹੈ, ਸਗੋਂ ਪੂਰੇ ਦੇਸ਼ ਦੇ ਸਵੈ-ਮਾਣ ਅਤੇ ਸੱਭਿਆਚਾਰ ਬਾਰੇ ਹੈ। ਧਰਮ ਅਤੇ ਸੱਭਿਆਚਾਰ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਗੁਰੂਆਂ ਬਾਰੇ ਅਪਮਾਨਜਨਕ ਬਿਆਨ ਦਿੱਤੇ ਜਾ ਰਹੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਰੋਧ ਪ੍ਰਦਰਸ਼ਨ ਵਿਚ ਭਾਜਪਾ ਦੇ ਸੀਨੀਅਰ ਆਗੂ ਉਮੇਸ਼ ਸ਼ਾਰਦਾ, ਸੁਸ਼ੀਲ ਭੱਲਾ, ਡਾ. ਰਣਵੀਰ ਕੌਸ਼ਲ ਅਤੇ ਰਵਿੰਦਰ ਸ਼ਰਮਾ, ਜਗਦੀਸ਼ ਸ਼ਰਮਾ, ਪਵਨ ਧੀਰ, ਈਸ਼ਾ ਮਹਾਜਨ, ਰੇਣੂ, ਗੁਰਦੇਵ ਕੌਰ, ਰਣਜੀਤ ਰਾਣਾ, ਜੈ ਮਿਸ਼ਰਾ, ਸੁਨੀਲ ਅਰੋੜਾ, ਕਮਲ ਪ੍ਰਭਾਕਰ, ਸੰਨੀ ਬੈਂਸ, ਰਾਜਨ ਠੀਗੀ, ਲੱਕੀ ਸਰਪੰਚ, ਮੱਸਾ ਸਿੰਘ, ਅਸ਼ੀਸ਼ ਮਹਿਤਾ, ਬਲਵਿੰਦਰ ਰਈਆਂਵਾਲ, ਮਨਮੋਹਨ ਸ਼ਰਮਾ, ਸਾਹਿਲ ਵਾਲੀਆ, ਧਰਮਬੀਰ ਬੌਬੀ, ਰਾਜਨ ਚੌਹਾਨ, ਅੰਕੁਸ਼ ਚੌਹਾਨ, ਸਰਬਜੀਤ ਬੰਟੀ, ਸਾਹਿਲ ਵਾਲੀਆ, ਜਸ਼ਨ ਸਿੰਘ, ਹਨੀ ਮਹਿਰਾ, ਬਸੰਤ ਸਿੰਘ ਲਵੀ ਕੌਂਸਲਰ ਆਦਿ ਹਾਜ਼ਰ ਸਨ।