ਭਾਜਪਾ ਪੀੜਤ ਪਰਿਵਾਰ ਦੇ ਨਾਲ : ਚੇਤਨ ਸੂਰੀ ਮਨੀ ਕਤਲ ਕਾਂਡ: ਪੀੜਤ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਉਣ ਲਈ ਭਾਜਪਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ : ਚੇਤਨ ਸੂਰੀ
Publish Date: Thu, 12 Nov 2026 09:30 PM (IST)
Updated Date: Thu, 12 Nov 2026 09:33 PM (IST)
ਆਮ ਆਦਮੀ ਪਾਰਟੀ ਦੀ ਸਰਕਾਰ ’ਚ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾਈ : ਭਾਜਪਾ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੇ ਮਹਿਤਾਬਗੜ੍ਹ ਇਲਾਕੇ ਵਿੱਚ ਨੌਜਵਾਨ ਮਨੀ ਦੇ ਕਤਲ ਦੀ ਘਟਨਾ ’ਤੇ ਗਹਿਰੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਮਨੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਇਕੱਲਾ ਨਹੀਂ ਛੱਡੇਗੀ ਤੇ ਇਨਸਾਫ਼ ਮਿਲਣ ਤੱਕ ਹਰ ਪੱਧਰ ’ਤੇ ਸੰਘਰਸ਼ ਵਿੱਚ ਡਟ ਕੇ ਸਾਥ ਦੇਵੇਗੀ। ਚੇਤਨ ਸੂਰੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਪੰਜਾਬ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ ਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ, ਪਰ ਲਗਾਤਾਰ ਵਾਪਰ ਰਹੀਆਂ ਕਤਲ ਤੇ ਗੋਲੀਬਾਰੀ ਦੀਆਂ ਘਟਨਾਵਾਂ ਸਰਕਾਰ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਨੀ ਕਤਲ ਕਾਂਡ ਦੇ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇ।