ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਖੁੱਡੀਆਂ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
Publish Date: Fri, 27 Nov 2026 07:21 PM (IST)
Updated Date: Fri, 27 Nov 2026 07:22 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਕਿਸਾਨਾਂ ਤੇ ਗੰਨਾ ਉਤਪਾਦਕਾਂ ਤੱਕ ਪਹੁੰਚ ਕਰਦਿਆਂ, ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੰਨੇ ਦਾ ਸਟੇਟ ਐਗਰੀਡ ਪ੍ਰਾਈਸ (ਐੱਸਏਪੀ) 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਭਾਵ ਇਸ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਤੇ ਮੁੱਦਿਆਂ ਨੂੰ ਹਮਦਰਦੀ ਨਾਲ ਸੁਣਦਿਆਂ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰੇਕ ਜਾਇਜ਼ ਮੰਗ ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਤੇ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ। ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਦੇ ਹੱਲ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਤੇ ਇਨ੍ਹਾਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕਿਸਾਨ ਜਥੇਬੰਦੀਆਂ ਨਾਲ ਨਿਰੰਤਰ ਗੱਲਬਾਤ ਤੇ ਨੇੜਲੇ ਸਹਿਯੋਗ ਰਾਹੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਪੂਰਾ ਵਿਸ਼ਵਾਸ ਰੱਖਦੀ ਹੈ। ਖੇਤੀਬਾੜੀ ਮੰਤਰੀ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਤੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਰ ਜਾਇਜ਼ ਮੰਗ ’ਤੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਤੇ ਖੁਸ਼ਹਾਲੀ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ। ਮੀਟਿੰਗ ਸੁਖਾਵੇਂ ਤੇ ਉਸਾਰੂ ਮਾਹੌਲ ਵਿੱਚ ਸੰਪੰਨ ਹੋਈ। ਇਸ ਮੌਕੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ ਦੇਣ ਵਾਸਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਦਾ ਧੰਨਵਾਦ ਕੀਤਾ। ਇਸ ਮੀਟਿੰਗ ਵਿੱਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਸੇਨੂੰ ਦੁੱਗਲ, ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਬਲਦੀਪ ਕੌਰ, ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਤੇ ਕੇਨ ਕਮਿਸ਼ਨਰ ਪੰਜਾਬ ਕਰਨਜੀਤ ਸਿੰਘ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।