- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਮਾਡਾ ਮਾਮਲੇ ’ਚ ਮਾਨ ਸਰਕਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ : ਆਹਲੀ

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਗਮਾਡਾ ਮਾਮਲੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਨੇ ਸਰਕਾਰ ਦੀ ਕਾਰਗੁਜ਼ਾਰੀ ਨਾਲ ਜੁੜੇ ਕਈ ਗੰਭੀਰ ਸਵਾਲ ਪੰਜਾਬ ਦੀ ਜਨਤਾ ਸਾਹਮਣੇ ਲਿਆ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਗਮਾਡਾ ਨਾਲ ਸਬੰਧਤ ਜ਼ਮੀਨੀ ਸੌਦਿਆਂ, ਜ਼ਮੀਨ ਦੀ ਵਰਤੋਂ ਬਦਲਣ ਦੀਆਂ ਮਨਜ਼ੂਰੀਆਂ, ਜ਼ਮੀਨ ਪ੍ਰਾਪਤੀ ਤੇ ਨਿੱਜੀ ਵਿਕਾਸ ਕਾਰਜਾਂ ਨੂੰ ਦਿੱਤੀਆਂ ਕਥਿਤ ਵਿੱਤੀ ਰਿਆਇਤਾਂ ਦੀ ਜਾਂਚ ਹੋ ਰਹੀ ਹੈ ਤੇ ਕਰੋੜਾਂ ਰੁਪਏ ਦੀ ਬਕਾਇਆ ਰਕਮ ’ਚ ਛੋਟ ਦਾ ਮਾਮਲਾ ਵੀ ਜਾਂਚ ਦੇ ਘੇਰੇ 'ਚ ਹੈ। ਆਹਲੀ ਨੇ ਸਵਾਲ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਰਕਮ ਨਾਲ ਸਬੰਧਤ ਇੰਨੀ ਵੱਡੀ ਛੋਟ ਕਿਸ ਦੇ ਫ਼ੈਸਲੇ ਨਾਲ ਦਿੱਤੀ ਗਈ, ਇਸ ਦਾ ਆਧਾਰ ਕੀ ਸੀ ਤੇ ਸਰਕਾਰੀ ਖਜ਼ਾਨੇ ’ਤੇ ਇਸ ਨਾਲ ਕੀ ਪ੍ਰਭਾਵ ਪਿਆ? ਉਨ੍ਹਾਂ ਕਿਹਾ ਕਿ ਜੇ ਭਗਵੰਤ ਮਾਨ ਸਰਕਾਰ ਨੂੰ ਆਪਣੇ ਫ਼ੈਸਲਿਆਂ ’ਤੇ ਪੂਰਾ ਭਰੋਸਾ ਹੈ ਤਾਂ ਗਮਾਡਾ ਦੀਆਂ ਸਾਰੀਆਂ ਸਬੰਧਤ ਫਾਈਲਾਂ, ਮੀਟਿੰਗਾਂ ਦੇ ਫ਼ੈਸਲੇ, ਮਨਜ਼ੂਰੀਆਂ ਤੇ ਵਿੱਤੀ ਵੇਰਵੇ ਜਨਤਾ ਸਾਹਮਣੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਜਾਂਚ ਏਜੰਸੀ ਦੀ ਕਾਰਵਾਈ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਵੱਲੋਂ ਗਮਾਡਾ ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ ਤੇ ਇਸ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਗੱਡੀ ਨੂੰ ਨੁਕਸਾਨ ਪਹੁੰਚਣ ਦੀ ਰਿਪੋਰਟ ਹੋਰ ਵੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਆਹਲੀ ਨੇ ਕਿਹਾ ਕਿ ਜਾਂਚ ਦਾ ਸਾਹਮਣਾ ਦਸਤਾਵੇਜ਼ਾਂ ਤੇ ਕਾਨੂੰਨ ਨਾਲ ਕੀਤਾ ਜਾਂਦਾ ਹੈ, ਗੱਡੀਆਂ ਦੇ ਸ਼ੀਸ਼ੇ ਤੋੜ ਕੇ ਨਹੀਂ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਜਾਂਚ ’ਤੇ ਇਤਰਾਜ਼ ਹੈ ਤਾਂ ਅਦਾਲਤ ਦਾ ਰਸਤਾ ਖੁੱਲ੍ਹਾ ਹੈ ਪਰ ਜਾਂਚ ਦਾ ਵਿਰੋਧ ਕਰਦਿਆਂ ਪੈਦਾ ਹੋਈ ਕਿਸੇ ਵੀ ਭੰਨਤੋੜ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਆਹਲੀ ਨੇ ਦੋਸ਼ ਲਗਾਇਆ ਕਿ ਕਦੇ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਦੇ ਟਿਕਾਣਿਆਂ ’ਤੇ ਈਡੀ ਰੇਡ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਕਦੇ ਪਾਰਟੀ ਨਾਲ ਜੁੜੇ ਆਗੂਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਹਨ ਤੇ ਗ੍ਰਿਫ਼ਤਾਰੀਆਂ ਹੋਣ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਕ੍ਰਮਾਂ ਕਾਰਨ ਪੰਜਾਬ ਦੀ ਜਨਤਾ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਚਰਚਾ ਹੋ ਰਹੀ ਹੈ। ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੇ-ਵੱਡੇ ਦਾਅਵੇ ਕਰਦੀ ਸੀ ਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੀ ਗੱਲ ਕਰਦੀ ਸੀ ਪਰ ਹੁਣ ਉਨ੍ਹਾਂ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ਸਾਹਮਣੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਰਕਾਰ ਦੇ ਕੰਮਕਾਜ ’ਤੇ ਨਜ਼ਰ ਰੱਖ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਜਨਤਾ ਵਿਚਕਾਰ ਜਵਾਬ ਮੰਗਿਆ ਜਾਵੇਗਾ।