ਫਗਵਾੜਾ ਦਾਣਾ ਮੰਡੀ ’ਚ ਨਾਜਾਇਜ਼ ਝੁੱਗੀਆਂ ਹਟਾਈਆਂ ਫਗਵਾੜਾ ਦਾਣਾ ਮੰਡੀ ’ਚ ਨਾਜਾਇਜ਼ ਝੁੱਗੀਆਂ ’ਤੇ ਮਾਰਕੀਟ ਕਮੇਟੀ ਦੀ ਕਾਰਵਾਈ, ਸਾਰੀਆਂ ਝੁੱਗੀਆਂ ਹਟਾਈਆਂ
Publish Date: Thu, 22 Oct 2026 08:55 PM (IST)
Updated Date: Thu, 22 Oct 2026 08:57 PM (IST)
ਮਾਰਕੀਟ ਕਮੇਟੀ ਨੇ ਕੀਤੀ ਕਾਰਵਾਈ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਫਗਵਾੜਾ ਦੀ ਦਾਣਾ ਮੰਡੀ ਵਿੱਚ ਬਣਾਈਆਂ ਜਾ ਰਹੀਆਂ ਨਾਜਾਇਜ਼ ਝੁੱਗੀਆਂ ’ਤੇ ਕਬਜ਼ਿਆਂ ਨੂੰ ਲੈ ਕੇ ਮਾਰਕੀਟ ਕਮੇਟੀ ਵੱਲੋਂ ਕਾਰਵਾਈ ਕੀਤੀ ਗਈ। ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਅਨੁਰਾਗ ਮਾਨਖੰਡ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਮੰਡੀ ਵਿੱਚ ਬਣੀਆਂ ਝੁੱਗੀਆਂ ਨੂੰ ਹਟਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੰਡੀ ਅੰਦਰ ਝੁੱਗੀਆਂ ਬਣਾ ਕੇ ਕਬਜ਼ੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਜਿਸ ਸਬੰਧੀ ਆੜ੍ਹਤੀ ਭਾਈਚਾਰੇ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਅਨੁਰਾਗ ਮਾਨਖੰਡ ਨੇ ਦੱਸਿਆ ਕਿ ਦਾਣਾ ਮੰਡੀ ਵਿੱਚ ਕੁਝ ਲੋਕਾਂ ਵੱਲੋਂ ਝੁੱਗੀਆਂ ਬਣਾ ਕੇ ਨਾਜਾਇਜ਼ ਕਬਜ਼ੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਮੰਡੀ ਦੀ ਵਿਵਸਥਾ ਨੂੰ ਬਣਾਈ ਰੱਖਣ ਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਝੁੱਗੀਆਂ ਬਣਾ ਕੇ ਰਹਿ ਰਹੇ ਲੋਕਾਂ ਦੀ ਪਛਾਣ ਤੇ ਉਨ੍ਹਾਂ ਦੇ ਇੱਥੇ ਆਉਣ ਦੇ ਸਬੰਧ ਵਿੱਚ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅਨੁਸਾਰ, ਸਬੰਧਤ ਲੋਕਾਂ ਦੇ ਪਛਾਣ ਪੱਤਰਾਂ ਬਾਰੇ ਵੀ ਸਵਾਲ ਹਨ। ਇਸ ਮਾਮਲੇ ਦੀ ਜਾਂਚ ਲਈ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦੇਣ ਦੀ ਗੱਲ ਵੀ ਉਨ੍ਹਾਂ ਕਹੀ, ਤਾਂ ਜੋ ਸਬੰਧਤ ਲੋਕਾਂ ਬਾਰੇ ਤੱਥਾਂ ਦੀ ਪੁਸ਼ਟੀ ਕੀਤੀ ਜਾ ਸਕੇ। ਚੇਅਰਮੈਨ ਨੇ ਸਪੱਸ਼ਟ ਕੀਤਾ ਕਿ ਦਾਣਾ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਮੰਡੀ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਨਸ਼ਿਆਂ ਦੇ ਕਾਰੋਬਾਰ ਸਬੰਧੀ ਵੀ ਜਾਂਚ ਦੀ ਗੱਲ ਅਨੁਰਾਗ ਮਾਨਖੰਡ ਨੇ ਇਹ ਵੀ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਸੂਚਨਾਵਾਂ ਮਿਲ ਰਹੀਆਂ ਹਨ ਕਿ ਦਾਣਾ ਮੰਡੀ ਵਿੱਚ ਕੁਝ ਲੋਕਾਂ ਵੱਲੋਂ ਨਸ਼ਿਆਂ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਬਾਰੇ ਹੋਰ ਜਾਣਕਾਰੀ ਸਾਹਮਣੇ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਦਾਣਾ ਮੰਡੀ ਵਿੱਚ ਨਾਜਾਇਜ਼ ਕਬਜ਼ਿਆਂ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਮਾਰਕੀਟ ਕਮੇਟੀ ਵੱਲੋਂ ਲੋੜੀਂਦੀ ਕਾਰਵਾਈ ਜਾਰੀ ਰੱਖੀ ਜਾਵੇਗੀ।