ਯੂਨੀਵਰਸਿਟੀ ਕਾਲਜ ਮਿੱਠੜਾ ’ਚ ਸ਼ਹੀਦੀ ਦਿਵਸ ਮਨਾਇਆ
ਯੂਨੀਵਰਸਿਟੀ ਕਾਲਜ ਮਿੱਠੜਾ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
Publish Date: Thu, 02 Apr 2026 09:54 PM (IST)
Updated Date: Thu, 02 Apr 2026 09:58 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਐੱਨਐੱਸਐੱਸ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਦੇ ਮੌਕੇ ਦੇਸ਼ਭਗਤੀ ਗੀਤ ਤੇ ਕਵਿਤਾ ਮੁਕਾਬਲੇ ਕਰਵਾਏ ਗਏ। ਇਹ ਪ੍ਰੋਗਰਾਮ ਮਾਨਯੋਗ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਤੇ ਪ੍ਰੋ. ਡਾ. ਸਰੋਜ ਅਰੋੜਾ, ਡੀਨ ਕਾਲਜਿਜ਼ ਡਿਵੈੱਲਪਮੈਂਟ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਗੀਤਾਂ ਤੇ ਕਵਿਤਾਵਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁਕਾਬਲਿਆਂ ਵਿਚ ਬੀਏ ਭਾਗ ਪਹਿਲਾ ਦੀ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਬੀਸੀਏ ਦੇ ਪਰਵਿੰਦਰ ਸਿੰਘ ਨੇ ਦੂਜਾ ਤੇ ਬੀਏ ਭਾਗ ਦੂਜਾ ਦੀ ਗੰਗਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਗਰੇਜ਼ੀ ਵਿਭਾਗ ਤੋਂ ਅਮਰਦੀਪ ਸਿੰਘ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੀਵਨੀ ‘ਤੇ ਵਿਸਥਾਰਪੂਰਵਕ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਭਗਤ ਸਿੰਘ ਦੀ ਦੇਸ਼ ਲਈ ਕੁਰਬਾਨੀ, ਉਨ੍ਹਾਂ ਦੇ ਵਿਚਾਰਾਂ ਤੇ ਜਵਾਨੀ ਨੂੰ ਪ੍ਰੇਰਿਤ ਕਰਨ ਵਾਲੇ ਸੰਦੇਸ਼ਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ ਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣ ਦੀ ਲੋੜ ਹੈ। ਐੱਨਐੱਸਐੱਸ ਕੋ-ਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਐੱਨਐੱਸਐੱਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਮਾਜਿਕ ਜਾਗਰੂਕਤਾ ਤੇ ਦੇਸ਼ਭਗਤੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ।