ਮਸਤ ਨਗਰ ਦੀ ਸਰਪੰਚ ਸਮੇਤ ਪੂਰੀ ਪੰਚਾਇਤ ‘ਆਪ’ ਦੀ ਹੋਈ ਮਸਤ ਨਗਰ ਦੀ ਸਰਪੰਚ ਸੁਖਵਿੰਦਰ ਕੌਰ ਸਮੇਤ ਪੂਰੀ ਪੰਚਾਇਤ ਅਤੇ ਸੈਂਕੜੇ ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ
Publish Date: Sat, 07 Nov 2026 07:46 PM (IST)
Updated Date: Sat, 07 Nov 2026 07:47 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਹਲਕਾ ਫਗਵਾੜਾ ਦੇ ਪਿੰਡ ਮਸਤ ਨਗਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਨੇ ਸਮੂਹ ਪੰਚਾਇਤ ਮੈਂਬਰਾਂ ਤੇ ਸੈਂਕੜੇ ਸਮਰਥਕਾਂ ਸਮੇਤ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੰਸਦ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਫਗਵਾੜਾ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਸਰਪੰਚ ਸੁਖਵਿੰਦਰ ਕੌਰ ਤੇ ਉਨ੍ਹਾਂ ਦੇ ਨਾਲ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਪ੍ਰਤੀਕ ਦੱਸਿਆ। ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਤੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਲੋਕ ਪਾਰਟੀ ਦੀ ਵਿਚਾਰਧਾਰਾ ਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜ ਰਹੇ ਹਨ। ਮਸਤ ਨਗਰ ਦੀ ਸਰਪੰਚ ਸਮੇਤ ਪੂਰੀ ਪੰਚਾਇਤ ਤੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਆਮ ਲੋਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਤੇ ਲੋਕ ਸੇਵਾ ਦੀ ਰਾਜਨੀਤੀ ਨੂੰ ਪਹਿਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਸਰਪੰਚ ਸੁਖਵਿੰਦਰ ਕੌਰ ਤੇ ਉਨ੍ਹਾਂ ਦੇ ਸਾਥੀਆਂ ਦੇ ਤਜਰਬੇ ਤੇ ਸਹਿਯੋਗ ਨਾਲ ਪਿੰਡ ਮਸਤ ਨਗਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਤੇ ਸਾਰਿਆਂ ਨੂੰ ਨਾਲ ਲੈ ਕੇ ਲੋਕ ਹਿੱਤ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਸਾਰੇ ਨਵੇਂ ਸਾਥੀਆਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟ ਹੋ ਕੇ ਪਿੰਡ ਮਸਤ ਨਗਰ ਦੀ ਤਰੱਕੀ, ਨੌਜਵਾਨਾਂ ਦੇ ਬਿਹਤਰ ਭਵਿੱਖ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਅਸਲ ਮਕਸਦ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨਾ ਤੇ ਇਲਾਕੇ ਦਾ ਵਿਕਾਸ ਕਰਨਾ ਹੋਣਾ ਚਾਹੀਦਾ ਹੈ।