ਮਾਵਾਂ ਧੀਆਂ ਸਤਿਕਾਰ ਯੋਜਨਾ : ਡੀਬੀਟੀ ਰਾਹੀਂ 49,039 ਲਾਭਪਾਤਰੀਆਂ ਨੂੰ 17.34 ਕਰੋੜ ਕੀਤੇ ਟਰਾਂਸਫਰ ਮਾਵਾਂ ਧੀਆਂ ਸਤਿਕਾਰ ਯੋਜਨਾ
Publish Date: Tue, 07 Jul 2026 09:08 PM (IST)
Updated Date: Tue, 07 Jul 2026 09:09 PM (IST)
ਡਿਪਟੀ ਕਮਿਸ਼ਨਰ ਨੇ ਯੋਗ ਔਰਤਾਂ ਨੂੰ ਸੁਚਾਰੂ ਰਜਿਸਟ੍ਰੇਸ਼ਨ ਲਈ ਨੇੜਲੇ ਸੁਵਿਧਾ/ਸੇਵਾ ਕੇਂਦਰਾਂ ਤੇ ਆਂਗਨਵਾੜੀ ਕੇਂਦਰਾਂ ’ਚ ਜਾਣ ਦੀ ਕੀਤੀ ਅਪੀਲ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕੀਤੀ ਕਿ ਉਹ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਆਪਣੇ ਨੇੜਲੇ ਸੁਵਿਧਾ/ਸੇਵਾ ਕੇਂਦਰ ਜਾਂ ਆਂਗਨਵਾੜੀ ਕੇਂਦਰਾਂ ’ਤੇ ਪਹੁੰਚ ਕਰਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਜੁਲਾਈ ਤੱਕ ਕਪੂਰਥਲਾ ਜ਼ਿਲ੍ਹੇ ਵਿੱਚ ਇਸ ਸਕੀਮ ਤਹਿਤ ਕੁੱਲ 1,41,752 ਔਰਤਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰਕਿਰਿਆ ਨੂੰ ਆਸਾਨ ਅਤੇ ਸੁਵਿਧਾਜਨਕ ਬਣਾਉਣ ਲਈ ਸੁਵਿਧਾ/ਸੇਵਾ ਕੇਂਦਰਾਂ ਅਤੇ ਆਂਗਨਵਾੜੀ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਅਤੇ ਫਾਰਮ ਅਪਲੋਡ ਕਰਨ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ ਪ੍ਰਣਾਲੀ ਰਾਹੀਂ 49,039 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 17.34 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ। ਬਾਕੀ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਦੀ ਪੜਤਾਲ ਅਤੇ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵਿੱਤੀ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਯੋਗ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦਾ ਇੱਕ ਉਪਰਾਲਾ ਹੈ। ਇਸ ਸਕੀਮ ਤਹਿਤ ਜਨਰਲ ਕੈਟਾਗਰੀ ਨਾਲ ਸਬੰਧਤ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਕੈਟਾਗਰੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੀਆਂ ਔਰਤਾਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਹਨ ਅਤੇ ਪੰਜਾਬ ਦੀਆਂ ਵਸਨੀਕ ਹਨ, ਉਹ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਨੇ ਯੋਗ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਰਜਿਸਟ੍ਰੇਸ਼ਨ ਲਈ ਆਪਣੇ ਆਧਾਰ ਕਾਰਡ, ਵੋਟਰ ਆਈਡੀ/ਰਿਹਾਇਸ਼ੀ ਸਬੂਤ, ਬੈਂਕ ਖਾਤੇ ਦੇ ਵੇਰਵੇ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੇ ਨੇੜਲੇ ਆਂਗਨਵਾੜੀ ਕੇਂਦਰ, ਮਹਿਲਾ ਸਤਿਕਾਰ ਸਖੀ ਜਾਂ ਸੁਵਿਧਾ/ਸੇਵਾ ਕੇਂਦਰ ਵਿੱਚ ਜਾਣ। ਹਰ ਯੋਗ ਔਰਤ ਨੂੰ ਇਸ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਹੀਂ ਰਹੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ, ਸੀਡੀਪੀਓਜ਼, ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਮਹਿਲਾ ਸਤਕਾਰ ਸਖੀਆਂ ਨੂੰ ਹਦਾਇਤ ਕੀਤੀ ਕਿ ਉਹ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ੀ, ਪਾਰਦਰਸ਼ੀ ਅਤੇ ਲਾਭਪਾਤਰੀ-ਅਨੁਕੂਲ ਤਰੀਕੇ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।