ਮਾਵਾਂ-ਧੀਆਂ ਸਤਿਕਾਰ ਯੋਜਨਾ : ਲਾਭਪਾਤਰੀਆਂ ਨੂੰ 36.33 ਕਰੋੜ ਕੀਤੇ ਜਾਣਗੇ ਤਬਦੀਲ ਮਾਵਾਂ ਧੀਆਂ ਸਤਿਕਾਰ ਯੋਜਨਾ
Publish Date: Fri, 31 Jul 2026 09:51 PM (IST)
Updated Date: Fri, 31 Jul 2026 09:52 PM (IST)
ਡਿਪਟੀ ਕਮਿਸ਼ਨਰ ਵੱਲੋਂ ਯੋਗ ਔਰਤਾਂ ਨੂੰ ਸੁਚਾਰੂ ਰਜਿਸਟ੍ਰੇਸ਼ਨ ਲਈ ਨਜ਼ਦੀਕੀ ਸੁਵਿਧਾ/ਸੇਵਾ ਕੇਂਦਰਾਂ ਤੇ ਆਂਗਨਵਾੜੀ ਕੇਂਦਰਾਂ ’ਚ ਜਾਣ ਦੀ ਅਪੀਲ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੁਚਾਰੂ ਰਜਿਸਟ੍ਰੇਸ਼ਨ ਲਈ ਆਪਣੇ ਨਜ਼ਦੀਕੀ ਸੁਵਿਧਾ/ਸੇਵਾ ਕੇਂਦਰ ਜਾਂ ਆਂਗਨਵਾੜੀ ਕੇਂਦਰ ਵਿੱਚ ਜਾਣ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜੁਲਾਈ 2026 ਤੱਕ ਕਪੂਰਥਲਾ ਜ਼ਿਲ੍ਹੇ ਵਿੱਚ ਇਸ ਸਕੀਮ ਤਹਿਤ ਕੁੱਲ 1,88,559 ਔਰਤਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰਕਿਰਿਆ ਨੂੰ ਆਸਾਨ ਅਤੇ ਸੁਵਿਧਾਜਨਕ ਬਣਾਉਣ ਲਈ ਸੁਵਿਧਾ/ਸੇਵਾ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਅਤੇ ਫਾਰਮ ਅਪਲੋਡ ਕਰਨ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਲਕੇ ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟਰਾਂਸਫਰ) ਰਾਹੀਂ 1,03,413 ਲਾਭਪਾਤਰੀਆਂ ਦੇ ਖਾਤਿਆਂ ਵਿੱਚ 36.33 ਕਰੋੜ ਰੁਪਏ ਤਬਦੀਲ ਕੀਤੇ ਜਾਣਗੇ। ਬਾਕੀ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਦੀ ਪੜਤਾਲ ਅਤੇ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵਿੱਤੀ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਜਿਸ ਦਾ ਉਦੇਸ਼ ਯੋਗ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ ਜਨਰਲ ਕੈਟਾਗਰੀ ਨਾਲ ਸਬੰਧਤ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਕੈਟਾਗਰੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੀਆਂ ਔਰਤਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਹ ਪੰਜਾਬ ਦੀਆਂ ਵਸਨੀਕ ਹਨ, ਉਹ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਨੇ ਯੋਗ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਰਜਿਸਟ੍ਰੇਸ਼ਨ ਲਈ ਆਪਣੇ ਨਜ਼ਦੀਕੀ ਆਂਗਣਵਾੜੀ ਕੇਂਦਰ, ਮਹਿਲਾ ਸਤਿਕਾਰ ਸਖੀ, ਜਾਂ ਸੁਵਿਧਾ/ਸੇਵਾ ਕੇਂਦਰ ਵਿੱਚ ਆਪਣੇ ਆਧਾਰ ਕਾਰਡ, ਵੋਟਰ ਆਈ.ਡੀ./ਰਿਹਾਇਸ਼ੀ ਸਬੂਤ, ਬੈਂਕ ਖਾਤੇ ਦੇ ਵੇਰਵੇ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਪਹੁੰਚਣ। ਜ਼ਿਲ੍ਹੇ ਦੀ ਹਰ ਇੱਕ ਯੋਗ ਔਰਤ ਨੂੰ ਇਸ ਸਕੀਮ ਦਾ ਲਾਭ ਪਹੁੰਚਾਉਣ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ, ਸੀ.ਡੀ.ਪੀ.ਓਜ਼, ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਮਹਿਲਾ ਸਤਿਕਾਰ ਸਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼, ਪਾਰਦਰਸ਼ੀ ਅਤੇ ਲਾਭਪਾਤਰੀਆਂ ਲਈ ਸੁਖਾਲੇ ਤਰੀਕੇ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।