ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਖਿੱਚੀ ਤਿਆਰੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਮੀਡੀਆ ਵਿੰਗ ਨੇ ਖਿੱਚੀ ਤਿਆਰੀ, ਵਰਕਰਾਂ ਨੂੰ ਹੁਣੇ ਤੋਂ ਕਮਰ ਕੱਸਣ ਦਾ ਸੱਦਾ
Publish Date: Mon, 02 Nov 2026 09:43 PM (IST)
Updated Date: Mon, 02 Nov 2026 09:44 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਆਮ ਆਦਮੀ ਪਾਰਟੀ ਦੇ ਮੀਡੀਆ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਤੇ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਜੁਗਨੂੰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਜੀਤ ਸਿੰਘ ਰਾਜੂ ਤੇ ਇੰਦਰਜੀਤ ਸਿੰਘ ਜੁਗਨੂੰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਤੇ ਪਾਰਟੀ ਦੇ ਹਰੇਕ ਅਹੁਦੇਦਾਰ ਤੇ ਵਰਕਰ ਨੂੰ ਹੁਣ ਤੋਂ ਹੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ, ਸਰਕਾਰ ਵੱਲੋਂ ਕੀਤੇ ਕੰਮਾਂ ਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮੀਡੀਆ ਵਿੰਗ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਫੈਸਲੇ ਲਏ ਹਨ। ਸਿੱਖਿਆ ਤੇ ਸਿਹਤ ਸਹੂਲਤਾਂ, ਬਿਜਲੀ ਸਹੂਲਤਾਂ, ਰੁਜ਼ਗਾਰ ਦੇ ਮੌਕਿਆਂ ਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਰਗੇ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਸਹੀ ਜਾਣਕਾਰੀ ਦੇਣਾ ਹਰ ਵਰਕਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਸੁਲਤਾਨਪੁਰ ਲੋਧੀ ਹਲਕੇ ਦੇ ਕੋਆਰਡੀਨੇਟਰ ਜਤਿੰਦਰ ਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਪਰਵਿੰਦਰ ਸਿੰਘ ਸੋਨੂੰ, ਕਪੂਰਥਲਾ ਹਲਕੇ ਦੇ ਕੋਆਰਡੀਨੇਟਰ ਅਨਿਲ ਨਾਹਰ, ਦਲਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਮਨਪ੍ਰੀਤ ਸਿੰਘ ਮੰਨੀ, ਬਲਾਕ ਪ੍ਰਧਾਨ ਦਿਲਬਾਗ ਸਿੰਘ, ਪਰਵਿੰਦਰ ਸਿੰਘ ਪਿੰਦਾ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।