- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਪੁਰਬ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ ਮੀਟਿੰਗ

ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਫਗਵਾੜਾ ਦੇ ਨਿੰਮਾ ਵਾਲਾ ਚੌਕ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਆਗਾਮੀ ਗੁਰਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੋਹਨ ਸਿੰਘ ਗਾਂਧੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਅਤੇ ਹਲਕਾ ਇੰਚਾਰਜ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਗੁਰਪੁਰਬ ਦੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ, ਸੰਗਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਦੂਰ-ਦੁਰਾਡੇ ਤੋਂ ਦਰਸ਼ਨ ਕਰਨ ਲਈ ਪਹੁੰਚਣ ਵਾਲੀ ਸੰਗਤ ਦੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਡਾ. ਚੱਬੇਵਾਲ ਨੇ ਕਿਹਾ ਕਿ ਗੁਰਪੁਰਬ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦੇਣ ਵਾਲੇ ਪਵਿੱਤਰ ਦਿਹਾੜੇ ਹਨ। ਅਜਿਹੇ ਧਾਰਮਿਕ ਸਮਾਗਮਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਣ ਵਾਲੀ ਸੰਗਤ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਸੁਚੱਜੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਗੁਰਪੁਰਬ ਦੀਆਂ ਤਿਆਰੀਆਂ ਵਿੱਚ ਸੇਵਾ ਭਾਵਨਾ ਨਾਲ ਜੁਟੇ ਸਮੂਹ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸਮੁੱਚੀ ਸੰਗਤ ’ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਅਤੇ ਸਭ ਦੇ ਜੀਵਨ ਵਿੱਚ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਬਖ਼ਸ਼ਣ।