- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸ.ਡੀ.ਐਮ ਭੁਲੱਥ ਵੱਲੋਂ ਛੱਠ ਪੂਜਾ ਦੇ ਸਥਾਨਾਂ ’ਤੇ ਪ੍ਰਬੰਧਾਂ ਦਾ ਜਾਇਜ਼ਾ

15 ਤੇ 16 ਨੂੰ ਹੋਣ ਵਾਲੇ ਸਮਾਗਮਾਂ ਦੇ ਮੱਦੇਨਜ਼ਰ ਸਫ਼ਾਈ, ਸੁਰੱਖਿਆ ਤੇ ਸਾਰੀਆਂ ਨਾਗਰਿਕ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ
ਭੁਲੱਥ : ਛੱਠ ਪੂਜਾ ਦੇ ਤਿਉਹਾਰ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟ੍ਰੇਟ (ਐੱਸਡੀਐੱਮ) ਰੁਪਿੰਦਰ ਪਾਲ ਸਿੰਘ ਅੱਜ ਭੁਲੱਥ, ਬੇਗੋਵਾਲ ਤੇ ਨਡਾਲਾ ਵਿਖੇ ਬਿਆਸ ਦੀ ਬੇਈਂ ਦੇ ਪੁਲ ਨੇੜੇ ਨਿਰਧਾਰਤ ਛੱਠ ਪੂਜਾ ਸਥਾਨਾਂ ਦਾ ਦੌਰਾ ਕਰਕੇ ਤਿਉਹਾਰ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੁਲਿਸ, ਨਗਰ ਕੌਂਸਲ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਸਮੇਤ ਪਹੁੰਚੇ ਐੱਸਡੀਐੱਮ ਨੇ ਸਥਾਨਾਂ 'ਤੇ ਚੱਲ ਰਹੀ ਸਫ਼ਾਈ ਮੁਹਿੰਮ ਤੇ ਹੋਰ ਤਿਆਰੀਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਬੰਧਕਾਂ ਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਲੋੜਾਂ ਤੇ ਪ੍ਰਬੰਧਾਂ ਸਬੰਧੀ ਸੁਝਾਅ ਵੀ ਜਾਣੇ। ਨਿਰੀਖਣ ਦੌਰਾਨ ਉਨ੍ਹਾਂ ਵੱਲੋਂ ਆਵਾਜਾਈ ਦੇ ਸੁਚਾਰੂ ਪ੍ਰਬੰਧ, ਸੁਰੱਖਿਆ, ਪੀਣ ਵਾਲੇ ਸਾਫ਼ ਪਾਣੀ, ਆਰਜ਼ੀ ਪਖਾਨਿਆਂ ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਿਖਲਾਈ ਪ੍ਰਾਪਤ ਤੈਰਾਕਾਂ ਦੀ ਤਾਇਨਾਤੀ ਸਮੇਤ ਵੱਖ-ਵੱਖ ਜ਼ਰੂਰੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਤੇ ਤਿਉਹਾਰ ਤੋਂ ਪਹਿਲਾਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਐੱਸਡੀਐੱਮ ਨੇ ਕਿਹਾ ਕਿ ਛੱਠ ਪੂਜਾ ਇੱਕ ਮਹੱਤਵਪੂਰਨ ਧਾਰਮਿਕ ਤਿਉਹਾਰ ਹੈ, ਜਿਸ ਨੂੰ ਸ਼ਰਧਾਲੂਆਂ ਵੱਲੋਂ ਪੂਰੀ ਆਸਥਾ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਲੋਕ ਆਪਣੇ ਧਾਰਮਿਕ ਤਿਉਹਾਰ ਸ਼ਾਂਤੀਪੂਰਨ ਤੇ ਸੁਰੱਖਿਅਤ ਮਾਹੌਲ ਵਿੱਚ ਮਨਾ ਸਕਣ। ਉਨ੍ਹਾਂ ਮੁੜ ਦੁਹਰਾਇਆ ਕਿ ਛੱਠ ਪੂਜਾ ਦੇ 15 ਤੇ 16 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਦੌਰਾਨ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਰਸਮਾਂ ਨਿਭਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਸਾਰੇ ਨਿਰਧਾਰਤ ਸਥਾਨਾਂ 'ਤੇ ਸਫ਼ਾਈ, ਸੁਰੱਖਿਆ ਤੇ ਬੁਨਿਆਦੀ ਨਾਗਰਿਕ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।