ਡੀਸੀ ਨੇ ਫੂਡ ਸੇਫਟੀ ਵਿੰਗ ਨੂੰ ਚੈਕਿੰਗ ਤੇ ਸੈਂਪਲਿੰਗ ਤੇਜ਼ ਕਰਨ ਦੇ ਦਿੱਤੇ ਹੁਕਮ ਡਿਪਟੀ ਕਮਿਸ਼ਨਰ ਵੱਲੋਂ 'ਸੇਫ ਫੂਡ ਐਂਡ ਹੈਲਦੀ ਡਾਈਟਸ' ਕਮੇਟੀ ਦੀ ਮੀਟਿੰਗ
Publish Date: Fri, 03 Jul 2026 07:38 PM (IST)
Updated Date: Fri, 03 Jul 2026 07:41 PM (IST)
ਸੇਫ ਫੂਡ ਐਂਡ ਹੈਲਦੀ ਡਾਈਟਸ ਕਮੇਟੀ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰੀਆਂ ਅਤੇ ਸਿਹਤਮੰਦ ਖਾਣ-ਪੀਣ ਵਾਲੀਆਂ ਵਸਤੂਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਪ੍ਰਧਾਨਗੀ ਹੇਠ ‘ਸੇਫ ਫੂਡ ਐਂਡ ਹੈਲਦੀ ਡਾਈਟਸ’ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਅਪ੍ਰੈਲ ਤੋਂ ਜੂਨ 2026 ਤੱਕ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਫੂਡ ਸੇਫਟੀ ਵਿੰਗ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਖਾਧ ਪਦਾਰਥਾਂ ਦੀ ਚੈਕਿੰਗ ਅਤੇ ਸੈਂਪਲਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਫੂਡ ਵਿੰਗ ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਕਪੂਰਥਲਾ ਦੇ ਸ਼ਾਲੀਮਾਰ ਬਾਗ, ਮਾਲ ਰੋਡ ਅਤੇ ਫਗਵਾੜਾ ਦੇ ਹਰਗੋਬਿੰਦ ਨਗਰ ਵਿਖੇ ਫਾਸਟ ਫੂਡ ਵਿਕਰੇਤਾਵਾਂ, ਰੇਹੜੀਆਂ ਅਤੇ ਸਟਾਲਾਂ ਦੀ ਵਿਸ਼ੇਸ਼ ਚੈਕਿੰਗ ਲਈ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਵੱਲੋਂ ਖਾਣ-ਪੀਣ ਵਾਲੀਆਂ ਵਸਤਾਂ ਨੂੰ ਫਰਾਈ ਕਰਨ ਲਈ ਵਰਤਿਆ ਜਾਣ ਵਾਲਾ ਤੇਲ ਦੋ ਵਾਰ ਤੋਂ ਵੱਧ ਨਾ ਵਰਤਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਹਾਇਕ ਕਮਿਸ਼ਨਰ (ਫੂਡ) ਨੂੰ ‘ਫੂਡ ਸੇਫਟੀ ਆਨ ਵ੍ਹੀਲਜ਼’ ਵਾਹਨ ਨੂੰ ਜ਼ਿਲ੍ਹੇ ਭਰ ਵਿੱਚ ਜਲਦ ਤੋਂ ਜਲਦ ਕਾਰਜਸ਼ੀਲ ਕਰਨ ਦੇ ਹੁਕਮ ਵੀ ਦਿੱਤੇ। ਬੱਚਿਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਕੂਲਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ। ਉਹ ਇਹ ਵੀ ਯਕੀਨੀ ਬਣਾਉਣ ਕਿ ਸ਼ਹਿਰੀ ਖੇਤਰਾਂ ਵਿੱਚ ਸਕੂਲ ਦੀ ਹੱਦ ਤੋਂ 50 ਮੀਟਰ ਅਤੇ ਪੇਂਡੂ ਖੇਤਰਾਂ ਵਿੱਚ 100 ਮੀਟਰ ਦੇ ਦਾਇਰੇ ਦੇ ਅੰਦਰ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਲਗਾਈ ਗਈ ਪਾਬੰਦੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਅਤੇ ਸਿੱਖਿਆ ਵਿਭਾਗ ਨੂੰ ਹਰ ਮਹੀਨੇ ਘੱਟੋ-ਘੱਟ 3 ਸਕੂਲਾਂ ਵਿੱਚ ਮਿਡ-ਡੇ-ਮੀਲ ਦੇ ਖਾਣੇ ਦੀ ਗੁਣਵੱਤਾ ਦੀ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖਾਣੇ ਦੀ ਮਾੜੀ ਗੁਣਵੱਤਾ ਸੰਬੰਧੀ ਕੋਈ ਵੀ ਸ਼ਿਕਾਇਤ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੇ ਟੋਲ-ਫ੍ਰੀ ਹੈਲਪਲਾਈਨ ਨੰਬਰ 1800112100 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਕਾਲ ਕਰ ਕੇ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਫੂਡ ਕਨੈਕਟ ਐਪ, ਫੋਸਕੋਸ ਅਤੇ ਪੀਜੀਆਰਐੱਸ. ਪੋਰਟਲ ਰਾਹੀਂ ਵੀ ਆਨਲਾਈਨ ਸ਼ਿਕਾਇਤਾਂ ਭੇਜੀਆਂ ਜਾ ਸਕਦੀਆਂ ਹਨ। ਮੀਟਿੰਗ ਦੌਰਾਨ ਆਂਗਨਵਾੜੀਆਂ ਦੀ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਅਤੇ ਅਦਾਲਤ ਵਿੱਚ ਚੱਲ ਰਹੇ ਫੂਡ ਸੇਫਟੀ ਦੇ ਕੇਸਾਂ ਦੇ ਜਲਦ ਨਿਪਟਾਰੇ ਸਬੰਧੀ ਵੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।