ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਮੀਟਿੰਗ
Publish Date: Tue, 17 Nov 2026 09:07 PM (IST)
Updated Date: Tue, 17 Nov 2026 09:09 PM (IST)
ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਦੂਜਾ ਮਹਾਨ ਨਗਰ ਕੀਰਤਨ ਅੱਜ ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਐੱਸਡੀਐੱਮ ਸ਼ੁਭੀ ਆਂਗਰਾ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਅਧੂਰੇ ਪਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਜਿਨ੍ਹਾਂ ਬਾਰੇ 6 ਅਕਤੂਬਰ ਨੂੰ ਹੋਈ ਪਹਿਲੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਸੰਤ ਸੀਚੇਵਾਲ ਨੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਲਗਾਉਣ, ਸੀਸੀਟੀਵੀ ਕੈਮਰੇ, ਸੰਗਤਾਂ ਦੀ ਰਿਹਾਇਸ਼, ਪੁਲਾਂ ਦੀ ਮੁਰੰਮਤ ਤੇ ਕੂੜੇ ਦੇ ਸੁਚੱਜੇ ਪ੍ਰਬੰਧ ਵਰਗੇ ਅਹਿਮ ਮੁੱਦੇ ਐੱਸਡੀਐੱਮ ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਦੋ ਮਹੀਨੇ ਪਹਿਲਾਂ ਹੀ ਮੁਕੰਮਲ ਹੋ ਜਾਣਾ ਚਾਹੀਦਾ ਸੀ। ਉਨ੍ਹਾਂ ਇਸ ਗੱਲ ’ਤੇ ਵੀ ਹੈਰਾਨੀ ਪ੍ਰਗਟਾਈ ਕਿ ਹਰ ਸਾਲ ਉਹੀ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਦੇ ਹੱਲ ਲਈ ਵਾਰ-ਵਾਰ ਜ਼ੋਰ ਦੇਣਾ ਪੈਂਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਇਕ ਇਤਿਹਾਸਕ ਤੇ ਪਵਿੱਤਰ ਨਗਰੀ ਹੈ, ਜਿੱਥੇ ਸਾਲ ਭਰ ਸੰਗਤਾਂ ਦੀ ਆਮਦ ਬਣੀ ਰਹਿੰਦੀ ਹੈ। ਖ਼ਾਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਲਈ ਸ਼ਹਿਰ ਦੇ ਪ੍ਰਬੰਧ ਹਮੇਸ਼ਾ ਬਿਹਤਰ ਤੇ ਸੁਚੱਜੇ ਹੋਣੇ ਚਾਹੀਦੇ ਹਨ। ਇਸ ਮੌਕੇ ਐੱਸਡੀਐੱਮ ਸ਼ੁਭੀ ਆਂਗਰਾ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਵਿਕਾਸ ਕਾਰਜ 20 ਨਵੰਬਰ ਤੱਕ ਮੁਕੰਮਲ ਕਰਵਾ ਦਿੱਤੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਟਰੀਟ ਲਾਈਟਾਂ, ਸ਼ਹਿਰ ਵਿੱਚ ਕੂੜੇ ਦੇ ਢੇਰਾਂ ਦੀ ਸਫ਼ਾਈ, ਸੰਗਤਾਂ ਦੇ ਆਉਣ-ਜਾਣ ਲਈ ਸੁਚਾਰੂ ਪ੍ਰਬੰਧ ਤੇ ਸੁਰੱਖਿਆ ਪ੍ਰਬੰਧਾਂ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ ਐੱਸਡੀਐੱਮ ਸ਼ੁਭੀ ਆਂਗਰਾ ਵੱਲੋਂ ਸੁਲਤਾਨਪੁਰ ਲੋਧੀ ਦਾ ਚਾਰਜ ਸੰਭਾਲਣ ਤੋਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਇਹ ਪਹਿਲੀ ਮੁਲਾਕਾਤ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਮਹਾਨ ਨਗਰ ਕੀਰਤਨ ਅੱਜ ਅਵਤਾਰ ਗਊਸ਼ਾਲਾ ਨਿਰਮਲ ਕੁਟੀਆ ਪਿੰਡ ਫੱਤੇਵਾਲ ਮੰਡ ਤੋਂ ਆਰੰਭ ਹੋਵੇਗਾ ਜੋ ਦੇਰ ਸ਼ਾਮ ਨੂੰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇਗਾ। ਇਹ ਨਗਰ ਕੀਰਤਨ ਨਿਰਮਲ ਕੁਟੀਆ ਫੱਤੇਵਾਲ ਮੰਡ ਤੋਂ ਪਿੰਡ ਆਹਲੀ ਖੁਰਦ, ਬੂਲੇ, ਹਜ਼ਾਰਾ, ਭੀਮਾਂ, ਚੱਕ, ਹਾਜ਼ੀਪੁਰ, ਕਬੀਰਪੁਰ, ਲੋਧੀਵਾਲ, ਭਾਗੋਬੁੱਢਾ, ਬੂਸੋਵਾਲ, ਤਰਫਹਾਜ਼ੀ, ਗੁਰਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਹੁੰਦਾ ਹੋਇਆ ਤਲਵੰਡੀ ਪੁਲ ਰਾਹੀ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਵੇਗਾ।