ਡਾ. ਰਾਜ ਨੇ ਲਿਆ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਫਗਵਾੜਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ
Publish Date: Fri, 23 Oct 2026 07:45 PM (IST)
Updated Date: Fri, 23 Oct 2026 07:45 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸਬੰਧਤ ਅਧਿਕਾਰੀਆਂ ਨੂੰ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਕਿਸਾਨਾਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੇਅਰ ਰਾਮਪਾਲ ਉੱਪਲ, ਐੱਸਡੀਐੱਮ ਡਾ. ਨਵਜੋਤ ਸ਼ਰਮਾ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਮਾਨਖੰਡ ਦੇ ਨਾਲ ਪਹੁੰਚੇ ਸੰਸਦ ਮੈਂਬਰ ਨੇ ਅਧਿਕਾਰੀਆਂ, ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਸਹੂਲਤ ਲਈ ਸਾਰੇ ਸਬੰਧਤ ਧਿਰਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾਵੇ। ਡਾ. ਚੱਬੇਵਾਲ ਨੇ ਅਧਿਕਾਰੀਆਂ ਨੂੰ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਤੇ ਅਨਾਜ ਮੰਡੀ ਵਿੱਚੋਂ ਸਟਾਕ ਦੀ ਸਮੇਂ ਸਿਰ ਨਿਕਾਸੀ ਯਕੀਨੀ ਬਣਾਉਣ ਲਈ ਸਾਂਝੇ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਢੋਆ-ਢੁਆਈ ਲਈ ਤਿੰਨ ਵਿਸ਼ੇਸ਼ ਰੇਲਵੇ ਰੈਕ ਪਹਿਲਾਂ ਹੀ ਉਪਲਬਧ ਕਰਵਾਏ ਜਾ ਚੁੱਕੇ ਹਨ ਤੇ ਝੋਨੇ ਦੀਆਂ ਖੇਪਾਂ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਹੋਰ ਰੇਲਵੇ ਰੈਕ ਜਲਦ ਪਹੁੰਚਣ ਦੀ ਉਮੀਦ ਹੈ, ਜਿਸ ਨਾਲ ਖ਼ਰੀਦੇ ਗਏ ਝੋਨੇ ਦੀ ਢੋਆ-ਢੁਆਈ ਵਿੱਚ ਹੋਰ ਤੇਜ਼ੀ ਆਵੇਗੀ। ਸੰਸਦ ਮੈਂਬਰ ਨੇ ਕਿਸਾਨਾਂ ਨੂੰ ਕੀਤੀਆਂ ਜਾ ਰਹੀਆਂ ਅਦਾਇਗੀਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਸਲ ਦੀ ਖ਼ਰੀਦ ਤੋਂ ਬਾਅਦ ਕਿਸਾਨਾਂ ਨੂੰ ਬਿਨਾਂ ਦੇਰੀ ਦੇ ਅਦਾਇਗੀਆਂ ਕੀਤੀਆਂ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਰਕਮ ਪ੍ਰਾਪਤ ਕਰਨ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ ਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਜ਼ਿਲ੍ਹਾ ਪੱਧਰ ਤੇ ਝੋਨੇ ਦੀ ਖ਼ਰੀਦ ਦੇ ਅੰਕੜੇ ਸਾਂਝੇ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਵੀਰਵਾਰ ਤੱਕ ਕਪੂਰਥਲਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਲਗਭਗ 5,97,992.34 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਸੀ, ਜਿਸ ਵਿੱਚੋਂ ਨਿਰਧਾਰਤ ਖ਼ਰੀਦ ਏਜੰਸੀਆਂ ਵੱਲੋਂ 5,78,898.87 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਦੱਸਿਆ ਕਿ ਪਿਛਲੇ 72 ਘੰਟਿਆਂ ਦੌਰਾਨ ਖ਼ਰੀਦੇ ਗਏ ਝੋਨੇ ਵਿੱਚੋਂ 86.16 ਫ਼ੀਸਦੀ ਦੀ ਲਿਫ਼ਟਿੰਗ ਕੀਤੀ ਗਈ ਹੈ, ਜੋ ਸਬੰਧਤ ਏਜੰਸੀਆਂ ਵੱਲੋਂ ਲਿਫ਼ਟਿੰਗ ਦੇ ਕੰਮ ਵਿੱਚ ਕੀਤੀ ਜਾ ਰਹੀ ਪ੍ਰਗਤੀ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਉਨ੍ਹਾਂ ਦੀ ਖ਼ਰੀਦੀ ਗਈ ਫ਼ਸਲ ਬਦਲੇ 1,371.41 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਤੇ ਕਿਸਾਨਾਂ ਲਈ ਮੁਸ਼ਕਲ ਰਹਿਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ, ਕਿਸਾਨਾਂ ਨੂੰ ਤੁਰੰਤ ਅਦਾਇਗੀਆਂ ਤੇ ਅਨਾਜ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।