ਸੜਕਾਂ ਦੀ ਗੁਣਵੱਤਾ ਤੇ ਮਜ਼ਬੂਤੀ ਯਕੀਨੀ ਬਣਾਈ ਜਾਵੇ : ਡਾ. ਰਾਜ ਡਾ. ਚੱਬੇਵਾਲ ਵੱਲੋਂ ਫਗਵਾੜਾ ‘ਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਨਿਰੀਖਣ, ਗੁਣਵੱਤਾ ਅਤੇ ਮਜ਼ਬੂਤੀ ਯਕੀਨੀ ਬਣਾਉਣ ’ਤੇ ਜ਼ੋਰ
Publish Date: Sun, 18 Oct 2026 06:39 PM (IST)
Updated Date: Sun, 18 Oct 2026 06:42 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੜਕੀ ਬੁਨਿਆਦੀ ਢਾਂਚੇ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਨਿਰਮਾਣ ਕਾਰਜਾਂ ਵਿੱਚ ਉੱਚ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਨਿਰੀਖਣ ਦੌਰਾਨ ਮੇਅਰ ਰਾਮਪਾਲ ਉੱਪਲ ਦੇ ਨਾਲ ਡਾ. ਚੱਬੇਵਾਲ ਨੇ ਮਾਤਾ ਮਨਸਾ ਦੇਵੀ ਮੰਦਰ ਤੋਂ ਹਦੀਆਬਾਦ ਤੱਕ ਸੜਕ ਨਿਰਮਾਣ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਇਨ੍ਹਾਂ ਸੜਕਾਂ ਦੇ ਨਿਰਮਾਣ ’ਤੇ 12 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਉਦੇਸ਼ ਸ਼ਹਿਰ ਵਿੱਚ ਆਵਾਜਾਈ ਸੰਪਰਕ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸੁਖਾਲੀ ਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ। ਸੰਸਦ ਮੈਂਬਰ ਨੇ ਫਗਵਾੜਾ-ਹੁਸ਼ਿਆਰਪੁਰ ਸੜਕ ਤੋਂ ਬਗਾਣਾ ਵੱਲ ਜਾਂਦੇ ਰਸਤੇ ’ਤੇ ਸੜਕ ਦੀ ਕਾਰਪੇਟਿੰਗ ਦੇ ਕੰਮ ਦਾ ਵੀ ਜਾਇਜ਼ਾ ਲਿਆ। ਲਗਭਗ 3 ਕਿਲੋਮੀਟਰ ਲੰਬੇ ਤੇ 18 ਫੁੱਟ ਚੌੜੇ ਇਸ ਸੜਕੀ ਹਿੱਸੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ, ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਇਲਾਕੇ ਦੇ ਸੰਪਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਸੜਕੀ ਹਿੱਸੇ ਦੇ ਨਿਰਮਾਣ ’ਤੇ 1 ਕਰੋੜ ਰੁਪਏ ਖਰਚੇ ਜਾ ਰਹੇ ਹਨ। ਨਿਰੀਖਣ ਦੌਰਾਨ ਡਾ. ਚੱਬੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੇ ਨੇੜਿਓਂ ਨਿਗਰਾਨੀ ਕੀਤੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਨਿਰਮਾਣ ਵਿੱਚ ਵਰਤੀ ਜਾ ਰਹੀ ਸਮੱਗਰੀ ਨਿਰਧਾਰਤ ਗੁਣਵੱਤਾ ਮਾਪਦੰਡਾਂ ’ਤੇ ਖਰੀ ਉਤਰੇ। ਉਨ੍ਹਾਂ ਜ਼ੋਰ ਦਿੱਤਾ ਕਿ ਸੜਕ ਵਿਕਾਸ ਪ੍ਰਾਜੈਕਟਾਂ ਵਿੱਚ ਲੰਬੇ ਸਮੇਂ ਤੱਕ ਮਜ਼ਬੂਤੀ ਤੇ ਟਿਕਾਊਪਣ ਯਕੀਨੀ ਬਣਾਇਆ ਜਾਵੇ, ਤਾਂ ਜੋ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਰਾਹਤ ਮਿਲ ਸਕੇ। ਡਾ. ਚੱਬੇਵਾਲ ਨੇ ਕਿਹਾ ਕਿ ਨਾਗਰਿਕ ਸਹੂਲਤਾਂ ਵਿੱਚ ਸੁਧਾਰ, ਆਵਾਜਾਈ ਨੂੰ ਸੁਖਾਲਾ ਬਣਾਉਣ ਤੇ ਫਗਵਾੜਾ ਦੇ ਸਮੁੱਚੇ ਵਿਕਾਸ ਲਈ ਮਿਆਰੀ ਸੜਕੀ ਬੁਨਿਆਦੀ ਢਾਂਚਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਕਮੀ ਸਾਹਮਣੇ ਆਉਣ ’ਤੇ ਤੁਰੰਤ ਉਸ ਦਾ ਹੱਲ ਯਕੀਨੀ ਬਣਾਉਣ।