ਡਾ. ਰਾਜ ਨੇ ਆੜ੍ਹਤੀਆਂ ਨੂੰ ਮੁਸ਼ਕਲਾਂ ਦੇ ਹੱਲ ਦਾ ਦਿੱਤਾ ਭਰੋਸਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਫਗਵਾੜਾ ਸਬਜ਼ੀ ਮੰਡੀ ਦੇ ਆੜ੍ਹਤੀਆਂ ਨਾਲ ਮੀਟਿੰਗ, ਮੁਸ਼ਕਲਾਂ ਦੇ ਹੱਲ ਦਾ ਭਰੋਸਾ
Publish Date: Fri, 30 Oct 2026 06:42 PM (IST)
Updated Date: Fri, 30 Oct 2026 06:43 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਮੇਨ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਮੰਡੀ ਨਾਲ ਸਬੰਧਤ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਹੋਰ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਡਾ. ਚੱਬੇਵਾਲ ਨੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਤੇ ਮੰਡੀ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਤੇ ਰੋਜ਼ਾਨਾ ਦੇ ਕੰਮਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਉਨ੍ਹਾਂ ਤੋਂ ਸੁਝਾਅ ਵੀ ਲਏ। ਉਨ੍ਹਾਂ ਜ਼ੋਰ ਦਿੱਤਾ ਕਿ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਤਰਜੀਹ ਹੈ। ਡਾ. ਚੱਬੇਵਾਲ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਕੋਲ ਉਠਾਈਆਂ ਜਾਣਗੀਆਂ ਤੇ ਆਪਸੀ ਸਹਿਯੋਗ ਨਾਲ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਸਹੂਲਤਾਂ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਇਸ ਦੌਰਾਨ ਫਗਵਾੜਾ ਮੇਨ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੰਡੀ ਵਿੱਚ ਪੁਲਿਸ ਦੀ ਨਿਯਮਤ ਗਸ਼ਤ ਯਕੀਨੀ ਬਣਾਉਣ ਲਈ ਸੰਸਦ ਮੈਂਬਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਗਸ਼ਤ ਕਾਰਨ ਚੋਰੀ ਦੀਆਂ ਘਟਨਾਵਾਂ ਘਟ ਕੇ ਜ਼ੀਰੋ ਹੋ ਗਈਆਂ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਮੰਡੀ ਨੂੰ ਜਾਂਦੀਆਂ ਸੜਕਾਂ ਦੀ ਕਾਰਪੇਟਿੰਗ ਅਤੇ ਨਵੇਂ ਫੜ੍ਹਾਂ ਦੀ ਉਸਾਰੀ ਲਈ ਵੀ ਸ਼ਲਾਘਾ ਕੀਤੀ।