ਡਾ. ਰਾਜ ਨੇ ਆਮ ਆਦਮੀ ਕਲੀਨਿਕ ਦਾ ਰੱਖਿਆ ਨੀਂਹ ਪੱਥਰ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਲਾਹੀ ਗੇਟ ਵਿਖੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ
Publish Date: Thu, 05 Nov 2026 07:13 PM (IST)
Updated Date: Thu, 05 Nov 2026 07:14 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਫਗਵਾੜਾ ਦੇ ਪਲਾਹੀ ਗੇਟ ਇਲਾਕੇ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ। ਇਹ ਕਦਮ ਮੁੱਢਲੀਆਂ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਹੋਰ ਅਹਿਮ ਪਹਿਲ ਹੈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਕਲੀਨਿਕ ਦੀ ਉਸਾਰੀ ਲਈ 42 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ ਤੇ ਇਹ ਕਲੀਨਿਕ ਅਗਲੇ ਚਾਰ ਮਹੀਨਿਆਂ ਦੇ ਅੰਦਰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਹੁਣ ਤੱਕ 1244 ਆਮ ਆਦਮੀ ਕਲੀਨਿਕ ਕਾਰਜਸ਼ੀਲ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 746 ਪੇਂਡੂ ਤੇ 498 ਸ਼ਹਿਰੀ ਖੇਤਰਾਂ ਵਿੱਚ ਸਥਿਤ ਹਨ। ਸੰਸਦ ਮੈਂਬਰ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 107 ਕਿਸਮ ਦੀਆਂ ਦਵਾਈਆਂ ਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਬਾਰੇ ਉਨ੍ਹਾਂ ਕਿਹਾ ਕਿ ਹੁਣ ਤੱਕ ਇੱਥੇ 6.66 ਕਰੋੜ ਤੋਂ ਵੱਧ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ, ਜਿਨ੍ਹਾਂ ਵਿੱਚ 2.01 ਕਰੋੜ ਵਿਲੱਖਣ ਮਰੀਜ਼ਾਂ ਦੇ ਦੌਰੇ ਤੇ 4.64 ਕਰੋੜ ਮੁੜ ਕੀਤੇ ਗਏ ਦੌਰੇ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 4 ਕਰੋੜ ਤੋਂ ਵੱਧ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾ ਚੁੱਕੇ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਪਲਾਹੀ ਗੇਟ ਵਿਖੇ ਬਣਨ ਵਾਲਾ ਇਹ ਕਲੀਨਿਕ ਇਲਾਕੇ ਤੇ ਆਸ-ਪਾਸ ਦੇ ਖੇਤਰਾਂ ਵਿੱਚ ਰਹਿਣ ਵਾਲੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਇਸ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ, ਜ਼ਰੂਰੀ ਦਵਾਈਆਂ ਤੇ ਜਾਂਚ ਸਹੂਲਤਾਂ ਬਿਲਕੁਲ ਮੁਫ਼ਤ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਤੇ ਇਲਾਜ ਦਾ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟੇਗਾ ਤੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਸਮੇਂ ਸਿਰ ਲੋੜੀਂਦੀਆਂ ਸਿਹਤ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਜਨਤਕ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਸਮਾਜ ਦੇ ਹਰ ਵਰਗ ਤੱਕ ਮਿਆਰੀ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਚਨਬੱਧ ਹੈ।