ਪੀਪਾ ਰੰਗੀ ’ਚ ਰੱਖਿਆ ਗਿਆ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਫਗਵਾੜਾ ਦੇ ਪੀਪਾ ਰੰਗੀ ਵਿਖੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ
Publish Date: Fri, 27 Nov 2026 08:00 PM (IST)
Updated Date: Fri, 27 Nov 2026 08:01 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਫਗਵਾੜਾ ਦੇ ਪੀਪਾ ਰੰਗੀ ਇਲਾਕੇ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ। ਇਹ ਕਦਮ ਸੂਬੇ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਉਪਰਾਲਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਕਲੀਨਿਕ ਦੀ ਉਸਾਰੀ ਲਈ 42.44 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਤੇ ਇਹ ਕਲੀਨਿਕ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਢਲੀਆਂ ਸਿਹਤ ਸੇਵਾਵਾਂ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ ਲਈ ਹੁਣ ਤੱਕ 1245 ਆਮ ਆਦਮੀ ਕਲੀਨਿਕ ਕਾਰਜਸ਼ੀਲ ਕੀਤੇ ਜਾ ਚੁੱਕੇ ਹਨ। ਸੰਸਦ ਮੈਂਬਰ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ 107 ਕਿਸਮ ਦੀਆਂ ਦਵਾਈਆਂ ਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ ਆਮ ਆਦਮੀ ਕਲੀਨਿਕਾਂ ਵਿੱਚ 6.81 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਕਰਵਾਇਆ ਹੈ, ਜਿਨ੍ਹਾਂ ਵਿੱਚ 2.04 ਕਰੋੜ ਵਿਲੱਖਣ ਮਰੀਜ਼ਾਂ ਦੇ ਦੌਰੇ ਅਤੇ 4.76 ਕਰੋੜ ਮੁੜ ਆਉਣ ਵਾਲੇ ਮਰੀਜ਼ਾਂ ਦੇ ਦੌਰੇ ਸ਼ਾਮਲ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਪੀਪਾ ਰੰਗੀ ਵਿਖੇ ਬਣਨ ਵਾਲਾ ਇਹ ਕਲੀਨਿਕ ਇਲਾਕੇ ਤੇ ਆਸ-ਪਾਸ ਦੇ ਪਿੰਡਾਂ ਦੇ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਇਸ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ, ਜ਼ਰੂਰੀ ਦਵਾਈਆਂ ਤੇ ਜਾਂਚ ਸਹੂਲਤਾਂ ਮੁਫ਼ਤ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਤੇ ਇਲਾਜ ਦਾ ਵਿੱਤੀ ਬੋਝ ਘਟੇਗਾ ਤੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸਮੇਂ ਸਿਰ ਲੋੜੀਂਦੀਆਂ ਸਿਹਤ ਸਹੂਲਤਾਂ ਮਿਲ ਸਕਣਗੀਆਂ। ਇਸ ਮੌਕੇ ਇੰਚਾਰਜ ਗੁਰਸ਼ਰਨ ਸਿੰਘ, ਇੰਦਰਜੀਤ ਸਿੰਘ ਪੀਪਾ ਰੰਗੀ, ਰਵੀ ਸਿੱਧੂ, ਅਮਨਦੀਪ ਕੌਰ, ਪੁਰਸ਼ੋਤਮ ਕੁਮਾਰ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।