ਕੰਪਿਊਟਰ ਟੀਚਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਮੰਗ ਪੱਤਰ ਕੰਪਿਊਟਰ ਟੀਚਰ ਯੂਨੀਅਨ ਕਪੂਰਥਲਾ ਵੱਲੋਂ ਡਿਪਟੀ ਕਮਿਸ਼ਨਰ ਸੌਂਪਿਆ ਗਿਆ ਮੰਗ ਪੱਤਰ
Publish Date: Fri, 02 Oct 2026 09:07 PM (IST)
Updated Date: Fri, 02 Oct 2026 09:10 PM (IST)
--ਸੁਨਾਮ ਰੈਲੀ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇ : ਰਮਨ ਸ਼ਰਮਾ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕੰਪਿਊਟਰ ਟੀਚਰ ਯੂਨੀਅਨ ਕਪੂਰਥਲਾ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਸਰਪ੍ਰਸਤ ਜਸਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਸ਼ਰਮਾ, ਜ਼ਿਲ੍ਹਾ ਸਟੇਟ ਕਮੇਟੀ ਮੈਂਬਰ ਅਮਰਜੀਤ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਯੂਨੀਅਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੂੰ ਮੰਗ ਪੱਤਰ ਸੌਂਪਿਆ। ਇਸ ਉਪਰੰਤ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜਥੇਬੰਦਕ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦਿਆਂ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਇਸ ਤੋਂ ਇਲਾਵਾ ਨਿਯੁਕਤੀ ਪੱਤਰਾਂ ਵਿੱਚ ਦਿੱਤੇ ਗਏ ਹੱਕ ਤੁਰੰਤ ਲਾਗੂ ਕਰਨ ਤੇ 25 ਫਰਵਰੀ 2025 ਦੇ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਤੇ ਦਿੱਤੇ ਭਰੋਸਿਆਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਸ਼ਰਮਾ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ, ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਜੇ ਵੀ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਤੇ ਸਰਕਾਰ ਵੱਲੋਂ ਕੀਤੇ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਕਿਹਾ ਕਿ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 4 ਅਕਤੂਬਰ ਨੂੰ ਸੁਨਾਮ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਪੂਰਥਲਾ ਜ਼ਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਇਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੰਗਰੂਰ ਵਿਖੇ ਚੱਲ ਰਹੇ ਪੱਕੇ ਧਰਨੇ ਵਿੱਚ ਵੀ ਅਧਿਆਪਕ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਇਸ ਮੌਕੇ ਜਸਪਾਲ ਸਿੰਘ, ਅਰੁਣਦੀਪ ਸਿੰਘ, ਪਰਮਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਮੀਤ ਪ੍ਰਧਾਨ, ਹਰਮਿੰਦਰ ਸਿੰਘ ਬਲਾਕ ਪ੍ਰਧਾਨ, ਰਣਜੀਤ ਸਿੰਘ ਬਲਾਕ ਪ੍ਰਧਾਨ, ਹਰੀਸ਼ ਕੁਮਾਰ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਮਨੀਸ਼ ਕੁਮਾਰ, ਜਸਪ੍ਰੀਤ ਸਿੰਘ, ਗੋਬਿੰਦ ਰਾਮ, ਵਿਪਨ ਕੁਮਾਰ, ਨਿਰਪਾਲਜੀਤ ਸਿੰਘ, ਸੁਖਵੰਤ ਸਿੰਘ, ਨਵਜੋਤ ਸਿੰਘ, ਭੁਪਿੰਦਰ ਸਿੰਘ, ਬੀਰ ਮੋਹਨ, ਸ਼ਮਸ਼ੇਰ ਸਿੰਘ, ਅਮਰਜੀਤ ਸਿੰਘ ਸਚਦੇਵਾ, ਪਵਨ ਕੁਮਾਰ, ਮੈਡਮ ਸਾਰੀਕਾ, ਅਮਿਤਾ, ਜਸਜੀਤ, ਹੇਮਲਤਾ, ਬਲਵਿੰਦਰ ਕੌਰ, ਰਜਵੰਤ ਕੌਰ, ਦਲਜੀਤ ਕੌਰ ਆਦਿ ਹਾਜ਼ਰ ਸਨ।