ਮਿੱਠੜਾ ਕਾਲਜ ’ਚ ਕਰਵਾਇਆ ਮਾਨਸਿਕ ਸਿਹਤ ਜਾਗਰੂਕਤਾ ਪ੍ਰੋਗਰਾਮ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Publish Date: Sat, 07 Mar 2026 07:27 PM (IST)
Updated Date: Sat, 07 Mar 2026 07:30 PM (IST)

ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐੱਨਐੱਸਐੱਸ ਵਿਭਾਗ ਵੱਲੋਂ ਯੂਜੀਸੀ ਦੀ ਯੂਨੀਫਾਰਮ ਪਾਲਿਸੀ ਆਨ ਮੈਂਟਲ ਹੈਲਥ ਐਂਡ ਵੈੱਲ ਬੀਇੰਗ ਫਾਰ ਐੱਚਈਆਈਜ਼ ਦੀਆਂ ਹਦਾਇਤਾਂ ਅਨੁਸਾਰ ਮਾਨਸਿਕ ਸਿਹਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਤੇ ਡੀਨ ਕਾਲਜਿਜ਼ ਡਿਵੈੱਲਪਮੈਂਟ ਕੌਂਸਲ ਪ੍ਰੋ. ਡਾ. ਸਰੋਜ ਅਰੋੜਾ ਦੀ ਅਗਵਾਈ ਵਿਚ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਮੁੱਖ ਬੁਲਾਰੇ ਵਜੋਂ ਸੰਦੀਪ ਸਿੰਘ, ਸਹਾਇਕ ਪ੍ਰੋਫੈਸਰ ਮਨੋਵਿਗਿਆਨ, ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਤਣਾਅ ਭਰੇ ਜੀਵਨ ਵਿਚ ਮਨ ਦੀ ਸਿਹਤ ਦਾ ਖ਼ਿਆਲ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਆਪਣੇ ਮਨ ਦੀਆਂ ਭਾਵਨਾਵਾਂ ਨੂੰ ਸਮਝਣ, ਸਕਾਰਾਤਮਕ ਸੋਚ ਅਪਣਾਉਣ ਤੇ ਸਮੇਂ-ਸਮੇਂ ‘ਤੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ, ਤਾਂ ਉਹ ਤਣਾਅ ਤੇ ਚਿੰਤਾ ਵਰਗੀਆਂ ਸਮੱਸਿਆਵਾਂ ਤੋਂ ਬਚ ਸਕਣ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਮਾਨਸਿਕ ਸਿਹਤ ਸਰੀਰਕ ਸਿਹਤ ਜਿੰਨੀ ਹੀ ਮਹੱਤਵਪੂਰਨ ਹੈ ਤੇ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਮਰਥਨ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਐੱਨਐੱਸਐੱਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਮਨ ਵਿਚ ਉੱਠ ਰਹੇ ਸਵਾਲ ਵੀ ਮੁੱਖ ਬੁਲਾਰੇ ਸਾਹਮਣੇ ਰੱਖੇ, ਜਿਨ੍ਹਾਂ ਦੇ ਉਨ੍ਹਾਂ ਵੱਲੋਂ ਸੰਤੁਸ਼ਟੀਜਨਕ ਜਵਾਬ ਦਿੱਤੇ ਗਏ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਪਰਮਜੀਤ ਕੌਰ, ਮੁਖੀ ਕਾਮਰਸ ਵਿਭਾਗ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਵਿਦਿਆਰਥੀਆਂ ਲਈ ਬਹੁਤ ਹੀ ਪ੍ਰੇਰਣਾਦਾਇਕ ਤੇ ਲਾਭਕਾਰੀ ਸਾਬਤ ਹੋਏ ਹਨ। ਕਾਲਜ ਵੱਲੋਂ ਮੁੱਖ ਬੁਲਾਰੇ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸਮੂਹ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ।