ਫੰਡਾਂ ਦੀ ਘਾਟ ਕਾਰਨ ਮਿਡ-ਡੇ-ਮੀਲ ਯੋਜਨਾ ਦਾ ਬੁਰਾ ਹਾਲ ਫੰਡਾਂ ਦੀ ਘਾਟ ਕਾਰਨ ਮਿਡ-ਡੇ-ਮੀਲ ਯੋਜਨਾ ਦਾ ਬੁਰਾ ਹਾਲ
Publish Date: Sun, 16 Aug 2026 09:39 PM (IST)
Updated Date: Sun, 16 Aug 2026 09:41 PM (IST)
--ਅਧਿਆਪਕਾਂ ਤੇ ਸਕੂਲਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦੁਪਹਿਰ ਦਾ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮਿਡ-ਡੇ-ਮੀਲ ਯੋਜਨਾ ਫੰਡਾਂ ਦੀ ਕਮੀ ਕਾਰਨ ਪ੍ਰਭਾਵਿਤ ਹੋ ਰਹੀ ਹੈ। ਕਈ ਸਕੂਲਾਂ ਵਿੱਚ ਰਾਸ਼ਨ ਤੇ ਹੋਰ ਲੋੜੀਂਦੇ ਸਾਮਾਨ ਦੀ ਖਰੀਦ ਲਈ ਸਮੇਂ ਸਿਰ ਰਕਮ ਨਾ ਮਿਲਣ ਕਾਰਨ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਸਰਕਾਰ ਤੋਂ ਤੁਰੰਤ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਪੀਐੱਸਐੱਸਐੱਫ) ਕਪੂਰਥਲਾ ਦੇ ਜਨਰਲ ਸਕੱਤਰ ਤਰਮਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਮਿਡ-ਡੇ-ਮੀਲ ਬਹੁਤ ਮਹੱਤਵਪੂਰਨ ਯੋਜਨਾ ਹੈ। ਜੇਕਰ ਸਕੂਲਾਂ ਨੂੰ ਸਮੇਂ ਸਿਰ ਫੰਡ ਅਤੇ ਰਾਸ਼ਨ ਮੁਹੱਈਆ ਨਹੀਂ ਕਰਵਾਇਆ ਜਾਂਦਾ ਤਾਂ ਇਸ ਦਾ ਸਿੱਧਾ ਅਸਰ ਵਿਦਿਆਰਥੀਆਂ ਦੀ ਸਹੂਲਤ ’ਤੇ ਪੈਂਦਾ ਹੈ। ਉਨ੍ਹਾਂ ਸਰਕਾਰ ਤੋਂ ਮਿਡ-ਡੇ-ਮੀਲ ਲਈ ਲੋੜੀਂਦੇ ਫੰਡ ਨਿਯਮਤ ਅਤੇ ਸਮੇਂ ਸਿਰ ਜਾਰੀ ਕਰਨ ਦੀ ਮੰਗ ਕੀਤੀ। ਡੀਟੀਐੱਫ ਦੇ ਬਲਾਕ ਪ੍ਰਧਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਮਿਡ-ਡੇ-ਮੀਲ ਦਾ ਪ੍ਰਬੰਧ ਚਲਾਉਣ ਦੀ ਜ਼ਿੰਮੇਵਾਰੀ ਸਕੂਲਾਂ ’ਤੇ ਹੈ, ਪਰ ਜਦੋਂ ਫੰਡਾਂ ਵਿੱਚ ਦੇਰੀ ਹੁੰਦੀ ਹੈ ਤਾਂ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਵਾਧੂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਪ੍ਰਬੰਧਕੀ ਕੰਮਾਂ ਦਾ ਬੋਝ ਵੀ ਝੱਲਣਾ ਪੈਂਦਾ ਹੈ। ਇਸ ਲਈ ਸਰਕਾਰ ਨੂੰ ਫੰਡਾਂ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣੀ ਚਾਹੀਦੀ ਹੈ। ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਸਹੂਲਤ ਨਾਲ ਜੁੜੀ ਮਿਡ-ਡੇ-ਮੀਲ ਯੋਜਨਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਫੰਡ ਜਾਰੀ ਕਰਨ ਵਿੱਚ ਦੇਰੀ ਕਾਰਨ ਅਧਿਆਪਕਾਂ ਨੂੰ ਗੈਰ-ਜ਼ਰੂਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਬਕਾਇਆ ਫੰਡ ਤੁਰੰਤ ਜਾਰੀ ਕਰਕੇ ਅੱਗੇ ਤੋਂ ਨਿਯਮਤ ਅਦਾਇਗੀ ਦਾ ਪ੍ਰਬੰਧ ਕੀਤਾ ਜਾਵੇ। ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਡ-ਡੇ-ਮੀਲ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਸ਼ਨ, ਫੰਡ ਤੇ ਹੋਰ ਲੋੜੀਂਦੇ ਸਾਧਨਾਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਸਕੂਲਾਂ ਨੂੰ ਉਧਾਰ ’ਤੇ ਰਾਸ਼ਨ ਲੈ ਕੇ ਪ੍ਰਬੰਧ ਚਲਾਉਣ ਦੀ ਨੌਬਤ ਆਉਂਦੀ ਹੈ ਤਾਂ ਇਹ ਸਰਕਾਰੀ ਪ੍ਰਬੰਧ ਦੀ ਗੰਭੀਰ ਕਮੀ ਨੂੰ ਦਰਸਾਉਂਦਾ ਹੈ।