ਕੁਲਬੀਰ ਸਿੰਘ ਮਿੰਟੂ, ਸੁਲਤਾਨਪੁਰ ਲੋਧੀ : ਬੀਤੇ ਦਿਨੀਂ ਚੰਡੀਗੜ੍ਹ ਵਿਖੇ ਮਿੱਡ ਡੇ ਮੀਲ ਵਰਕਰਾਂ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਦੇ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਨਾ ਆਉਣ ਅਤੇ ਵਰਕਰਾਂ ਨੂੰ ਪੰਜਾਬ ਭਵਨ ਵਿਚ ਬੰਦ ਕਰਨ ਦੇ ਸਰਕਾਰ ਦੇ ਰਵੱਈਆ ਵਿਰੁੱਧ ਅੱਜ ਸੁਲਤਾਨਪੁਰ ਲੋਧੀ ਵਿਖੇ ਤਲਵੰਡੀ ਪੁਲ ਚੌਕ ਵਿਖੇ ਮਿੱਡ ਡੇ ਮੀਲ ਵਰਕਰ ਯੂਨੀਅਨ ਵੱਲੋਂ ਸਰਕਾਰ ਅਤੇ ਸਿੱਖਿਆ ਮੰਤਰੀ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦਿਉਲ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ, ਧਰਨੇ ਨੂੰ ਸੰਬੋਧਨ ਕਰਦਿਆਂ ਮਿੱਡ ਡੇ ਮੀਲ ਵਰਕਰ ਯੂਨੀਅਨ ਦੀ ਪ੍ਰਧਾਨ ਮਮਤਾ ਮੋਮੀ ਸੈਦਪੁਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਯੂਨੀਅਨ ਆਗੂਆਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੌਕੇ 'ਤੇ ਆ ਕੇ ਅੜੀਅਲ ਰਵੱਈਆ ਅਪਣਾਉਂਦਿਆਂ ਮੀਟਿੰਗ ਕਰਨ ਤੋਂ ਨਾਂਹ ਕਰ ਦਿੱਤੀ। ਆਗੂਆਂ ਵੱਲੋਂ ਵਿਰੋਧ ਕਰਨ 'ਤੇ ਉਨ੍ਹਾਂ ਨੂੰ ਪੰਜਾਬ ਭਵਨ ਵਿਚ ਹੀ ਢੱਕ ਦਿੱਤਾ ਗਿਆ। ਇਸੇ ਤਰ੍ਹਾਂ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਦੇ ਪ੍ਰਧਾਨ ਸਾਥੀ ਸਤੀਸ਼ ਰਾਣਾ ਨੂੰ ਤਿੰਨ ਨੰਬਰ ਥਾਣੇ ਵਿਚ ਨਜ਼ਰਬੰਦ ਕਰ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਜਬਰ ਅੱਗੇ ਨਹੀਂ ਝੁਕਣਗੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦਿਉਲ ਨੇ ਕਿਹਾ ਕਿ ਸਕੂਲਾਂ ਵਿਚ ਮਿਡ ਡੇ ਮੀਲ ਵਰਕਰਾਂ ਪਹਿਲਾਂ ਹੀ ਬਹੁਤ ਘੱਟ ਤਨਖਾਹਾਂ 'ਤੇ ਕੰਮ ਕਰ ਰਹੀਆਂ ਹਨ, ਉੱਤੋਂ ਸਰਕਾਰ ਵੱਲੋਂ ਉਨ੍ਹਾਂ ਨਾਲ਼ ਮਜ਼ਾਕ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਮਾਂ ਦੇ ਕੇ ਮੀਟਿੰਗ ਵਿੱਚ ਨਾ ਆਉਣਾ ਬਹੁਤ ਮੰਦਭਾਗਾ ਹੈ।

ਇਸ ਮੌਕੇ ਇਕੱਤਰ ਹੋਈਆਂ ਵਰਕਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮਿੱਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟ ਉਜਰਤਾ ਦੇ ਘੇਰੇ ਵਿਚ ਲਿਆਂਦਾ ਜਾਵੇ। ਵਰਕਰਾਂ ਦੀ ਤਨਖਾਹ ਘੱਟੋ ਘੱਟ 20,000 ਰੁਪਏ ਕੀਤੀ ਜਾਵੇ। ਹਰ ਵਰਕਰ ਦਾ 10 ਲੱਖ ਦਾ ਬੀਮਾ ਅਤੇ ਸਾਲ ਵਿਚ ਦੋ ਵਰਦੀਆਂ ਦਿੱਤੀਆਂ ਜਾਣ। ਇਸ ਦੇ ਨਾਲ ਦੂਜੇ ਮੁਲਾਜ਼ਮਾਂ ਵਾਂਗ ਛੁੱਟੀ ਅਤੇ ਪੀਐੱਫ ਦੇ ਖਾਤੇ ਖੋਲ੍ਹੇ ਜਾਣ। ਇਸ ਮੌਕੇ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੱਲ ਨਾ ਕੀਤਾ ਤਾਂ ਪੰਜਾਬ ਅੰਦਰ ਸਾਰੇ ਮੰਤਰੀਆਂ ਦਾ ਿਘਰਾਓ ਕੀਤਾ ਜਾਵੇਗਾ। ਇਸ ਮੌਕੇ ਮਨਜੀਤ ਕੌਰ, ਸੁਖਚੈਨ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਰਾਜਵਿੰਦਰ ਕੌਰ ,ਬਲਵਿੰਦਰ ਕੌਰ, ਅਮਨਦੀਪ ਕੌਰ, ਨਵਜੀਤ ਕੌਰ, ਅਮਰਜੀਤ ਕੌਰ, ਮਨਜੀਤ ਕੌਰ, ਬਲਜੀਤ ਕੌਰ, ਬਲਵਿੰਦਰ ਕੌਰ, ਸੁਖਵਿੰਦਰ ਕੌਰ, ਹਰਪ੍ਰਰੀਤ ਕੌਰ ਆਦਿ ਹਾਜ਼ਰ ਸਨ।