ਮਿਡ ਡੇ ਮੀਲ ਵਰਕਰਾਂ ਵੱਲੋਂ ਭੁੱਖ ਹੜਤਾਲ ਦੀ ਚੇਤਾਵਨੀ
ਮਿਡ ਡੇ ਮੀਲ ਵਰਕਰਾਂ ਵੱਲੋਂ ਤਨਖਾਹ ਵਾਧੇ ਲਈ ਧਰਨਾ, ਮੰਗਾਂ ਨਾ ਮੰਨਣ ’ਤੇ ਭੁੱਖ ਹੜਤਾਲ ਦੀ ਚੇਤਾਵਨੀ
Publish Date: Thu, 12 Feb 2026 08:17 PM (IST)
Updated Date: Thu, 12 Feb 2026 08:20 PM (IST)
ਡਡਵਿੰਡੀ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਅੱਜ ਮਿਡ ਡੇ ਮੀਲ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ 3000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਦੀ ਹੈ, ਜਿਸ ਨਾਲ ਘਰੇਲੂ ਖਰਚ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ। ਮਿਡ ਡੇ ਮੀਲ ਵਰਕਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਵਿਚ ਤੁਰੰਤ ਵਾਧਾ ਕੀਤਾ ਜਾਵੇ ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਵਰਕਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਕੋਈ ਫੈਸਲਾ ਨਾ ਕੀਤਾ ਗਿਆ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹੜਤਾਲ ਨੂੰ ਭੁੱਖ ਹੜਤਾਲ ਦਾ ਰੂਪ ਦਿੱਤਾ ਜਾਵੇਗਾ, ਜਿਸ ਦੌਰਾਨ ਨਾ ਉਹ ਖੁਦ ਭੋਜਨ ਗ੍ਰਹਿਣ ਕਰਨਗੇ ਤੇ ਨਾ ਹੀ ਸਕੂਲਾਂ ਵਿਚ ਬੱਚਿਆਂ ਲਈ ਮਿਡ ਡੇ ਮੀਲ ਤਿਆਰ ਕੀਤਾ ਜਾਵੇਗਾ। ਇਸ ਮੌਕੇ ਰਾਜਵੰਤ ਕੌਰ, ਲਖਵੀਰ ਕੌਰ, ਜਗੀਰ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਸੋਨੂੰ ਤੇ ਮਨਜੀਤ ਕੌਰ ਸਮੇਤ ਹੋਰ ਵਰਕਰ ਹਾਜ਼ਰ ਸਨ। ਮਿਡ ਡੇ ਮੀਲ ਵਰਕਰਾਂ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦੀ ਹੱਲ ਕੱਢਿਆ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਤੇ ਭੋਜਨ ਪ੍ਰਬੰਧ ‘ਤੇ ਕੋਈ ਅਸਰ ਨਾ ਪਵੇ।