ਮਨਿਸਟਰੀਅਲ ਕਾਮਿਆਂ ਵੱਲੋਂ ਪੰਜਾਬ ਭਰ ’ਚ ਕੰਮਕਾਜ ਠੱਪ, ਚੌਥੇ ਦਿਨ ਵੀ ਹੜਤਾਲ ਜਾਰੀ ਮਨਿਸਟੀਰੀਅਲ ਕਾਮਿਆਂ ਵੱਲੋਂ ਪੰਜਾਬ ਭਰ ’ਚ ਕੰਮਕਾਜ ਠੱਪ, ਚੌਥੇ ਦਿਨ ਵੀ ਹੜਤਾਲ ਜਾਰੀ
Publish Date: Thu, 20 Aug 2026 09:47 PM (IST)
Updated Date: Thu, 20 Aug 2026 09:48 PM (IST)
ਮੰਗਾਂ ਦੀ ਪ੍ਰਾਪਤੀ ਤੱਕ ਕਲਮ ਛੋੜ/ਕੰਪਿਊਟਰ ਬੰਦ ਸੰਘਰਸ਼ ਜਾਰੀ ਰਹੇਗਾ, 21 ਅਗਸਤ ਤੱਕ ਹੜਤਾਲ ਦਾ ਐਲਾਨ ਸੁਖਪਾਲ ਹੁੰਦਲ\ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਦੇ ਸੱਦੇ ’ਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਮਨਿਸਟਰੀਅਲ ਕਾਮਿਆਂ ਵੱਲੋਂ ਕੀਤੀ ਜਾ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ 20 ਅਗਸਤ ਨੂੰ ਚੌਥੇ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਦਫ਼ਤਰੀ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰੱਖਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਗਤ ਰਾਮ ਬਾਗੀ ਜੋਨਲ ਇੰਚਾਰਜ਼ ਦੁਆਬਾ ਜ਼ੋਨ ਅਤੇ ਜ਼ਿਲ੍ਹਾ ਪ੍ਰਧਾਨ ਪੀਐੱਸਐੱਮਐੱਸਯੂ/ਸੀਪੀਐੱਫਈਯੂ ਕਪੂਰਥਲਾ ਨੇ ਦੱਸਿਆ ਕਿ ਮਨਿਸਟਰੀਅਲ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਭਰ ਵਿੱਚ ਹੜਤਾਲ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੁਲਾਜ਼ਮਾਂ ਨੇ ਇਕਜੁੱਟ ਹੋ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 15/01/15 ਅਤੇ 17-7-2020 ਦਾ ਪੱਤਰ ਰੱਦ ਕਰਕੇ ਪੰਜਾਬ ਦਾ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, ਡੀਏ ਅਤੇ ਬਕਾਏ ਜਾਰੀ ਕਰਨਾ, ਏਸੀਪੀ ਸਕੀਮ ਤਹਿਤ 4-9-14 ਸਾਲ ਦੀ ਸੇਵਾ ਦਾ ਲਾਭ ਦੇਣਾ, ਪ੍ਰੋਬੇਸ਼ਨ ਸਮਾਂ ਇੱਕ ਸਾਲ ਕਰਕੇ ਪੂਰੀ ਤਨਖ਼ਾਹ ਤੇ ਭੱਤੇ ਦੇਣਾ, ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਤਰਸ ਦੇ ਆਧਾਰ ’ਤੇ ਭਰਤੀ ਮੁਲਾਜ਼ਮਾਂ ਤੋਂ ਟਾਈਪ ਟੈਸਟ ਦੀ ਸ਼ਰਤ ਹਟਾਉਣਾ ਸਮੇਤ ਹੋਰ ਮੰਗਾਂ ਸ਼ਾਮਲ ਹਨ। ਇਸ ਮੌਕੇ ਸੁਖਜਿੰਦਰ ਸਿੰਘ ਜਿਲ੍ਹਾ ਜਰਨਲ ਸਕੱਤਰ ਪੀਐੱਸਐੱਮਐੱਸਯੂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਟਾਲਮਟੋਲ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਕਿਸੇ ਇੱਕ ਮੰਗ ਤੱਕ ਸੀਮਤ ਨਹੀਂ ਹੈ, ਸਗੋਂ ਮਨਿਸਟਰੀਅਲ ਕਾਮਿਆਂ ਦੀਆਂ ਸਮੁੱਚੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸੂਬਾ ਲੀਡਰਸ਼ਿਪ ਵੱਲੋਂ ਲਏ ਫ਼ੈਸਲੇ ਅਨੁਸਾਰ ਕਲਮ ਛੋੜ/ਕੰਪਿਊਟਰ ਬੰਦ ਹੜਤਾਲ 21 ਅਗਸਤ ਤੱਕ ਜਾਰੀ ਰਹੇਗੀ। ਇਸ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਦਫ਼ਤਰੀ ਕੰਮਕਾਜ ਦਾ ਮੁਕੰਮਲ ਬਹਿਸਕਾਰ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਇਸ ਮੌਕੇ ਸੂਬਾ ਜਨਰਲ ਸਕੱਤਰ ਡੀਸੀ ਦਫ਼ਤਰ ਯੂਨੀਅਨ ਪੰਜਾਬ ਨਰਿੰਦਰ ਸਿੰਘ ਚੀਮਾ, ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਜ਼ਿਲ੍ਹਾ ਡੀਸੀ ਦਫ਼ਤਰ ਯੂਨੀਅਨ, ਸੁਖਜਿੰਦਰ ਸਿੰਘ ਜਨਰਲ ਸਕੱਤਰ ਡੀ.ਸੀ. ਦਫ਼ਤਰ ਅਤੇ ਪੀਐਸਐੱਮਐੱਸਯੂ, ਜਗਤਾਰ ਸਿੰਘ, ਰਣਜੀਤ ਸਿੰਘ, ਨਿਤਿਨ ਸ਼ਰਮਾ ਹੈਲਥ ਵਿਭਾਗ, ਨਿਸ਼ਾਨ ਸਿੰਘ ਪੀਡਬਲਯੂਡੀ ਪ੍ਰਧਾਨ, ਦਵਿੰਦਰ ਪਾਲ ਸਿੰਘ ਅਹੂਜਾ ਪੀਏ ਟੂ ਡੀਸੀ, ਸਾਹਿਲ ਠਾਕੁਰ ਵਿੱਤ ਸਕੱਤਰ ਪੀਐੱਸਐੱਮਐੱਸਯੂ, ਚਤਰ ਸਿੰਘ ਰੀਡਰ ਤਹਿਸੀਲਦਾਰ ਸੁਲਤਾਨਪੁਰ ਲੋਧੀ, ਮੋਹਿਤ ਸਿੰਘ, ਯੋਗੇਸ਼ ਤਲਵਾੜ, ਗੋਪਾਲ ਸਿੰਘ, ਹਰਦੀਪ ਸਿੰਘ ਖਜ਼ਾਨਾ ਦਫ਼ਤਰ, ਸੁਖਜਿੰਦਰ ਸਿੰਘ ਗੋਲਡੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਤੋਂ ਮਨਿਸਟਰੀਅਲ ਕਾਮੇ ਹਾਜ਼ਰ ਸਨ।