ਮਨਿਸਟੀਰੀਅਲ ਸਰਵਿਸ ਯੂਨੀਅਨ ਨੇ ਵਿਧਾਇਕ ਰਾਣਾ ਨੂੰ ਦਿੱਤਾ ਮੰਗ ਪੱਤਰ
ਮਨਿਸਟੀਰੀਅਲ ਸਰਵਿਸ ਯੂਨੀਅਨ ਨੇ ਮੰਗਾਂ ਸਬੰਧੀ ਵਿਧਾਇਕ ਰਾਣਾ ਨੂੰ ਮੰਗ ਪੱਤਰ ਸੌਂਪਿਆ
Publish Date: Tue, 03 Feb 2026 09:24 PM (IST)
Updated Date: Tue, 03 Feb 2026 09:26 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਮੰਗ ਪੱਤਰ ਸੌਂਪਿਆ। ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਮਾਸਟਰ ਤੇ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਨਰੇਸ਼ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਯੂਨੀਅਨ ਨੂੰ ਕੋਈ ਇਨਸਾਫ਼ ਨਹੀਂ ਦਿੱਤਾ। ਉਨ੍ਹਾਂ ਨੇ ਮੰਗਾਂ ਸਬੰਧੀ ਮੁੱਖ ਮੰਤਰੀ ਤੇ ਕੈਬਨਿਟ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ, ਪਰ ਮੁਲਾਜ਼ਮਾਂ ਦੀਆਂ ਮੰਗਾਂ ਤੇ ਸਹਿਮਤੀ ਹੋਣ ਦੇ ਬਾਵਜੂਦ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਲਾਗੂ ਨਹੀਂ ਕੀਤੇ ਗਏ ਹਨ, ਜਿਵੇਂ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ, ਨਵੀਂ ਭਰਤੀ, ਕੇਂਦਰੀ ਤਨਖਾਹ ਕਮਿਸ਼ਨ ਦੀ ਬਜਾਏ ਪੰਜਾਬ ਤਨਖਾਹ ਕਮਿਸ਼ਨ ਲਾਗੂ ਕਰਨਾ, ਏਸੀਪੀ ਸਕੀਮ, ਸਾਰੇ 37 ਭੱਤਿਆਂ ਨੂੰ ਲਾਗੂ ਕਰਨਾ, ਸਟੈਨੋ ਕੇਡਰ ਵਿਚ ਤਰੱਕੀਆਂ ਤੇ ਮਹਿੰਗਾਈ ਭੱਤੇ ਦੀਆਂ ਪੰਜ ਕਿਸ਼ਤਾਂ ਦੀ ਅਦਾਇਗੀ ਨਾ ਕਰਨਾ। ਉਨ੍ਹਾਂ ਕਿਹਾ ਕਿ ਸਾਲ 2026 ਨੂੰ ਪੰਜਾਬ ਸਰਕਾਰ ਵਿਰੁੱਧ ਰੋਸ ਵਜੋਂ ਮਨਾਇਆ ਜਾਵੇਗਾ ਤੇ ਸਰਕਾਰ ਨਾਲ ਹੋਰ ਕੋਈ ਮੀਟਿੰਗ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਯੂਨੀਅਨ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਵਿਧਾਨ ਸਭਾ ਸੈਸ਼ਨ ਵਿਚ ਉਠਾਈਆਂ ਜਾਣਗੀਆਂ ਤੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਸ਼ੇਸ਼ ਤੌਰ ਤੇ ਮਿਲਣਗੇ। ਇਸ ਮੌਕੇ ਸੰਗਮ ਰਾਮ, ਮਾਸਟਰ ਨਰੇਸ਼ ਕੋਹਲੀ, ਸੰਨੀ ਸਹੋਤਾ, ਸੌਰਵ, ਚਤਰ ਸਿੰਘ, ਵਿਵੇਕ ਗਾਬਾ, ਅਮਨ ਤੇ ਹੋਰ ਇਸ ਮੌਕੇ ਮੌਜੂਦ ਸਨ।