ਮਿੱਠੜਾ ਕਾਲਜ ਨੇ ਸਥਾਪਨਾ ਦਿਵਸ ਮਨਾਇਆ ਮਿੱਠੜਾ ਕਾਲਜ ਨੇ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਪੇਸ਼ ਕੀਤਾ ਪੰਜਾਬੀ ਵਿਰਸੇ ਦਾ ਸ਼ਾਨਦਾਰ ਰੰਗ
Publish Date: Sat, 28 Nov 2026 07:17 PM (IST)
Updated Date: Sat, 28 Nov 2026 07:19 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ 57ਵੇਂ ਸਥਾਪਨਾ ਦਿਵਸ ਮੌਕੇ ਯੂਨੀਵਰਸਿਟੀ ਵਿੱਚ ਲਗਾਈ ਗਈ ਵਿਸ਼ਾਲ ਲੋਕ ਕਲਾ ਪ੍ਰਦਰਸ਼ਨੀ ਵਿੱਚ ਵਿਸ਼ੇਸ਼ ਭਾਗ ਲਿਆ ਗਿਆ। ਇਸ ਪ੍ਰਦਰਸ਼ਨੀ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਤੇ ਵਿਭਾਗਾਂ ਵੱਲੋਂ ਆਪੋ-ਆਪਣੇ ਸਟਾਲ ਲਗਾਏ ਗਏ ਸਨ। ਇਸ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਸਟਾਲ ਖਿੱਚ ਦਾ ਕੇਂਦਰ ਰਿਹਾ। ਕਾਲਜ ਵੱਲੋਂ ਇਸ ਪ੍ਰਦਰਸ਼ਨੀ ਵਿੱਚ ਪੁਰਾਤਨ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਸਬੰਧਤ ਵਸਤਾਂ ਦੀ ਬਹੁਤ ਹੀ ਸੁੰਦਰ ਤੇ ਸੁਚੱਜੇ ਢੰਗ ਨਾਲ ਨੁਮਾਇਸ਼ ਲਗਾਈ ਗਈ। ਨੁਮਾਇਸ਼ ਵਿੱਚ ਚਰਖਾ, ਮਧਾਣੀ, ਛੱਜ, ਕੋਠੀ, ਚਾਟੀ, ਪੁਰਾਤਨ ਖੇਤੀ ਸੰਦ, ਹਲ, ਪੰਜਾਲੀ, ਪਿੱਤਲ-ਕਾਂਸੀ ਦੇ ਭਾਂਡੇ, ਫੁਲਕਾਰੀ, ਪੰਜਾਬੀ ਸੂਟ, ਜੁੱਤੀ, ਹੱਥੀਂ ਬਣੀਆਂ ਵਸਤਾਂ ਤੇ ਪੁਰਾਤਨ ਪੰਜਾਬੀ ਘਰ ਦਾ ਝਲਕਾਰਾ ਪੇਸ਼ ਕਰਨ ਵਾਲੀਆਂ ਹੋਰ ਕਈ ਵਸਤਾਂ ਸ਼ਾਮਲ ਸਨ। ਇਸ ਪ੍ਰਦਰਸ਼ਨੀ ਦੌਰਾਨ ਮਾਨਯੋਗ ਲੈਫਟੀਨੈਂਟ ਗਵਰਨਰ ਦਿੱਲੀ ਤਰਨਜੀਤ ਸਿੰਘ ਸੰਧੂ, ਉਪ ਕੁਲਪਤੀ ਪ੍ਰੋਫੈਸਰ ਡਾ. ਕਰਮਜੀਤ ਸਿੰਘ, ਡੀਨ ਕਾਲਜਿਜ਼ ਡਿਵੈਲਪਮੈਂਟ ਕੌਂਸਲ ਪ੍ਰੋਫੈਸਰ ਡਾ. ਸਰੋਜ ਅਰੋੜਾ ਤੇ ਪ੍ਰੋ. ਡਾ. ਸਤਨਾਮ ਸਿੰਘ ਦਿਓਲ, ਡੀਨ ਵਿਦਿਆਰਥੀ ਭਲਾਈ ਨੇ ਸਟਾਲਾਂ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਨੇ ਕਾਲਜ ਵੱਲੋਂ ਲਗਾਈ ਗਈ ਨੁਮਾਇਸ਼ ਨੂੰ ਬੜੇ ਧਿਆਨ ਨਾਲ ਦੇਖਿਆ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਤੇ ਕਿਹਾ ਕਿ ਪੇਂਡੂ ਖੇਤਰ ਦੇ ਕਾਲਜ ਵੱਲੋਂ ਆਪਣੇ ਵਿਰਸੇ ਨੂੰ ਸੰਭਾਲਣ ਲਈ ਕੀਤਾ ਜਾ ਰਿਹਾ ਇਹ ਯਤਨ ਸੱਚਮੁੱਚ ਸ਼ਲਾਘਾਯੋਗ ਹੈ। ਇਸ ਮੌਕੇ ਕਾਲਜ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਆਏ ਹੋਏ ਮਹਿਮਾਨਾਂ ਤੇ ਦਰਸ਼ਕਾਂ ਨੂੰ ਹਰੇਕ ਵਸਤੂ ਦੇ ਇਤਿਹਾਸ, ਉਸਦੀ ਵਰਤੋਂ ਤੇ ਪੰਜਾਬੀ ਸੱਭਿਆਚਾਰ ਵਿੱਚ ਉਸਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਜੀ ਨੇ ਕਿਹਾ ਕਿ ਸਾਡੇ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਸੱਭਿਆਚਾਰ, ਵਿਰਸੇ ਤੇ ਜੜ੍ਹਾਂ ਨਾਲ ਜੋੜਨਾ ਹੈ। ਸਾਨੂੰ ਮਾਣ ਹੈ ਕਿ ਸਾਡੇ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਯੂਨੀਵਰਸਿਟੀ ਪੱਧਰ ਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਯੂਨੀਵਰਸਿਟੀ ਵੱਲੋਂ ਕਰਵਾਏ ਜਾਣ ਵਾਲੇ ਹਰ ਸਮਾਗਮ ਵਿੱਚ ਵੱਧ ਚੜ੍ਹ ਕੇ ਭਾਗ ਲੈਂਦਾ ਰਹੇਗਾ। ਅੰਤ ਵਿੱਚ ਉਨ੍ਹਾਂ ਪ੍ਰਦਰਸ਼ਨੀ ਨੂੰ ਸਫਲ ਬਣਾਉਣ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।