ਵਿਧਾਇਕ ਧਾਲੀਵਾਲ ਨੇ ਕਾਂਗਰਸੀ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਵਿਧਾਇਕ ਧਾਲੀਵਾਲ ਨੇ ਬਲਾਕ ਕਾਂਗਰਸ ਫਗਵਾੜਾ ਦੇ ਅਹੁਦੇਦਾਰਾਂ ਨਾਲ ਕੀਤੀ ਮਹੀਨਾਵਾਰ ਮੀਟਿੰਗ
Publish Date: Thu, 19 Nov 2026 06:52 PM (IST)
Updated Date: Thu, 19 Nov 2026 06:54 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਫਗਵਾੜਾ ਨੇ ਬਲਾਕ ਦੇ ਦਿਹਾਤੀ ਤੇ ਸ਼ਹਿਰੀ ਅਹੁਦੇਦਾਰਾਂ ਤੇ ਸਰਗਰਮ ਆਗੂਆਂ ਨਾਲ ਆਪਣੇ ਗ੍ਰਹਿ ਵਿਖੇ ਮਹੀਨਾਵਾਰ ਮੀਟਿੰਗ ਕੀਤੀ। ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨਰੇਸ਼ ਭਾਰਦਵਾਜ ਤੇ ਦਿਹਾਤੀ ਪ੍ਰਧਾਨ ਮਨਿੰਦਰਪਾਲ ਸਿੰਘ ਵਿੱਕੀ ਵਾਲੀਆ ਰਾਣੀਪੁਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਫਗਵਾੜਾ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਤੇ ਆਗੂ ਹਨ, ਜੋ ਹਰ ਹਾਲਤ ਵਿੱਚ ਲੋਕਾਂ ਦੇ ਨਾਲ ਖੜ੍ਹੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸ਼ਹਿਰੀ ਤੇ ਦਿਹਾਤੀ ਅਹੁਦੇਦਾਰਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨਾਲ ਆਪਣਾ ਸਿੱਧਾ ਸੰਪਰਕ ਬਣਾਈ ਰੱਖਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਤੋਂ ਹੀ ਜਥੇਬੰਦਕ ਤਿਆਰੀਆਂ ਤੇਜ਼ ਕਰਨ ਦੀ ਲੋੜ ਹੈ। ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਫਗਵਾੜਾ ਸ਼ਹਿਰ ਵਿੱਚ ਕਾਂਗਰਸ ਪਾਰਟੀ ਦਾ ਮਜ਼ਬੂਤ ਜਨ ਆਧਾਰ ਰਿਹਾ ਹੈ ਤੇ ਪਾਰਟੀ ਦੇ ਵਰਕਰ ਸ਼ਹਿਰ ਦੇ ਲੋਕਾਂ ਨਾਲ ਲਗਾਤਾਰ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ, ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਤੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਪਾਰਟੀ ਪੱਧਰ ’ਤੇ ਲਗਾਤਾਰ ਵਿਚਾਰ-ਵਟਾਂਦਰਾ ਕਰਨਾ ਸਮੇਂ ਦੀ ਲੋੜ ਹੈ। ਇਸੇ ਤਰ੍ਹਾਂ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਵਿੱਕੀ ਵਾਲੀਆ ਰਾਣੀਪੁਰ ਨੇ ਕਿਹਾ ਕਿ ਪਿੰਡਾਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀ ਸਰਗਰਮ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਤੇ ਪਿੰਡਾਂ ਦੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਵੱਲੋਂ ਗੰਭੀਰਤਾ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਿਹਾਤੀ ਤੇ ਸ਼ਹਿਰੀ ਇਕਾਈਆਂ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੇ ਹੱਕ ਵਿੱਚ ਮਜ਼ਬੂਤ ਮਾਹੌਲ ਤਿਆਰ ਕਰਨਗੀਆਂ। ਇਸ ਮੌਕੇ ਹਾਜ਼ਰ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨਗੇ। ਇਸ ਮੌਕੇ ਮਹਿਲਾ ਕਾਂਗਰਸ, ਐੱਸਸੀ ਸੈੱਲ, ਓਬੀਸੀ ਸੈੱਲ ਦੇ ਅਹੁਦੇਦਾਰਾਂ ਸਮੇਤ ਹੋਰ ਸਰਗਰਮ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।