ਜ਼ਖ਼ਮੀ ਨੌਜਵਾਨ ਨੂੰ ਵਿਧਾਇਕ ਨੇ ਗੱਡੀ ਰਾਹੀਂ ਪਹੁੰਚਾਇਆ ਹਸਪਤਾਲ, ਹਾਲਤ ਸਥਿਰ
ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵੱਲੋਂ ਇਨਸਾਨੀਅਤ ਦੀ ਮਿਸਾਲ ਕਾਇਮ
Publish Date: Thu, 23 Apr 2026 08:51 PM (IST)
Updated Date: Fri, 24 Apr 2026 04:13 AM (IST)
ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਵਿਅਕਤੀ ਨੂੰ ਹਸਪਤਾਲ ਵਿਖੇ ਦਾਖਲ ਕਰਵਾਉਣ ਮੌਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੇ ਨਾਲ ਹੋਰ ।
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਮਨੁੱਖਤਾ ਨੂੰ ਪਹਿਲ ਦਿੰਦੇ ਹੋਏ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਇਕ ਨੌਜਵਾਨ ਦੀ ਜਾਨ ਬਚਾਉਣ ਲਈ ਤੁਰੰਤ ਕਦਮ ਚੁੱਕਿਆ। ਉਨ੍ਹਾਂ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਨੂੰ ਆਪਣੀ ਨਿੱਜੀ ਗੱਡੀ ਰਾਹੀਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾ ਕੇ ਇਲਾਜ ਸ਼ੁਰੂ ਕਰਵਾਇਆ। ਜਾਣਕਾਰੀ ਅਨੁਸਾਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਗੁਰਦੁਆਰਾ ਬੇਬੇ ਨਾਨਕੀ ਤੋਂ ਡੱਲਾ ਰੋਡ ਵੱਲ ਜਾ ਰਹੇ ਸਨ ਕਿ ਵੇਰਕਾ ਪਲਾਂਟ ਨੇੜੇ ਇਕ ਵਿਅਕਤੀ ਸੜਕ ’ਤੇ ਜ਼ਖ਼ਮੀ ਹਾਲਤ ਵਿੱਚ ਡਿੱਗਿਆ ਮਿਲਿਆ। ਉਨ੍ਹਾਂ ਬਿਨਾਂ ਦੇਰੀ ਕੀਤੇ ਆਸ-ਪਾਸ ਮੌਜੂਦ ਦੁਕਾਨਦਾਰਾਂ ਤੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਵਿਧਾਇਕ ਨੇ ਦੱਸਿਆ ਕਿ ਸਮੇਂ ਸਿਰ ਇਲਾਜ ਮਿਲਣ ਕਾਰਨ ਜਖਮੀ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ। ਇਸ ਮੌਕੇ ਡਿਊਟੀ ਡਾਕਟਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 9 ਵਜੇ ਵਿਧਾਇਕ ਰਾਣਾ ਇਕ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਮਰੀਜ਼ ਨੂੰ ਲੈ ਕੇ ਹਸਪਤਾਲ ਪਹੁੰਚੇ ਸਨ। ਸਾਡੀ ਟੀਮ ਵੱਲੋਂ ਮਰੀਜ਼ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਸਦੀ ਹਾਲਤ ਸਥਿਰ ਹੈ। ਉਨ੍ਹਾਂ ਅਨੁਸਾਰ ਜ਼ਖ਼ਮੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਤਰਾੜ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਇਸ ਮਨੁੱਖਤਾ ਭਰੇ ਕਦਮ ਦੀ ਇਲਾਕੇ ਭਰ ਵਿੱਚ ਕਾਫ਼ੀ ਸਰਾਹਨਾ ਕੀਤੀ ਜਾ ਰਹੀ ਹੈ।