ਮਾਵਾਂ-ਧੀਆਂ ਸਤਿਕਾਰ ਯੋਜਨਾ ਨੇ ਔਰਤਾਂ ਦੇ ਚਿਹਰਿਆਂ ’ਤੇ ਲਿਆਂਦੀ ਰੌਣਕ : ਚੌਹਾਨ ਮਾਵਾਂ-ਧੀਆਂ ਸਤਿਕਾਰ ਯੋਜਨਾ ਨੇ ਮਹਿਲਾਵਾਂ ਦੇ ਚਿਹਰਿਆਂ 'ਤੇ ਲਿਆਂਦੀ ਰੌਣਕ -ਚੌਹਾਨ
Publish Date: Sun, 05 Jul 2026 09:10 PM (IST)
Updated Date: Sun, 05 Jul 2026 09:11 PM (IST)
ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਦਿਲੋਂ ਧੰਨਵਾਦ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਅਸਰ ਹੁਣ ਧਰਾਤਲ ’ਤੇ ਵੀ ਸਪੱਸ਼ਟ ਨਜ਼ਰ ਆਉਣ ਲੱਗਾ ਹੈ। ਸੁਲਤਾਨਪੁਰ ਲੋਧੀ ਵਿੱਚ ਇਸ ਯੋਜਨਾ ਤਹਿਤ ਕਈ ਔਰਤਾਂ ਦੇ ਖਾਤਿਆਂ ਵਿੱਚ ਇਕ ਹਜ਼ਾਰ ਤੋਂ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਦੀ ਰਕਮ ਪਹੁੰਚ ਚੁੱਕੀ ਹੈ, ਜਿਸ ਨਾਲ ਲਾਭਪਾਤਰੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਬੇਬੇ ਨਾਨਕੀ ਨਗਰ ਵਿੱਚ ਲਾਭਪਾਤਰੀ ਔਰਤਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦਾ ਦਿਲੋਂ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਦੇ ਸਨਮਾਨ, ਸਵੈ-ਨਿਰਭਰਤਾ ਅਤੇ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ ਕਰਾਰ ਦਿੱਤਾ। ਇਸ ਮੌਕੇ ਔਰਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਆਪਣਾ ਵਾਅਦਾ ਨਿਭਾ ਕੇ ਔਰਤਾਂ ਦਾ ਮਾਣ ਵਧਾਇਆ ਹੈ। ਇਸ ਮੌਕੇ ਮੀਨਾਕਸ਼ੀ ਘੁੰਮਣ, ਅਰਾਧਨਾ, ਮੋਨਿਕਾ, ਕਮਲਜੀਤ ਕੌਰ, ਸਰਬਜੀਤ ਕੌਰ, ਜਸਪ੍ਰੀਤ ਕੌਰ, ਸੁਖਵਿੰਦਰ ਕੌਰ, ਨਿਸ਼ੂ ਸ਼ਰਮਾ, ਪੁਸ਼ਪਾ ਭਗਤ, ਨਿਸ਼ਾ ਸਹੋਤਾ, ਰਜਨੀ ਲਾਹੌਰਾ, ਗੀਤਾਂਜਲੀ ਭਗਤ, ਸੋਨੀਆ ਚੌਹਾਨ, ਤਮੰਨਾ ਲਾਹੌਰਾ, ਕਮਲੇਸ਼ ਸ਼ਰਮਾ ਆਦਿ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਾਡੇ ਲਈ ਸਿਰਫ਼ ਇੱਕ ਵਿੱਤੀ ਸਹਾਇਤਾ ਨਹੀਂ, ਸਗੋਂ ਸਾਡੇ ਸਨਮਾਨ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ। ਇਸ ਰਕਮ ਨਾਲ ਸਾਨੂੰ ਆਪਣੇ ਰੋਜ਼ਾਨਾ ਦੇ ਖਰਚਿਆਂ ਵਿੱਚ ਮਦਦ ਮਿਲੇਗੀ ਅਤੇ ਘਰ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਅਸੀਂ ਪੰਜਾਬ ਦੇ ਮੁੱਖ ਮੰਤਰੀ ਦਾ ਦਿਲੋਂ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਔਰਤਾਂ ਦੀ ਭਲਾਈ ਨੂੰ ਤਰਜੀਹ ਦਿੰਦਿਆਂ ਇਹ ਲੋਕ-ਹਿਤੈਸ਼ੀ ਯੋਜਨਾ ਸ਼ੁਰੂ ਕੀਤੀ। ਸਾਨੂੰ ਆਸ ਹੈ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੀਆਂ ਯੋਜਨਾਵਾਂ ਲਿਆਉਂਦੀ ਰਹੇਗੀ। ਇਸ ਮੌਕੇ ਔਰਤਾਂ ਨੇ ਵਾਰਡ ਪੱਧਰ ’ਤੇ ਯੋਜਨਾ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਅਤੇ ਯੋਗ ਲਾਭਪਾਤਰੀਆਂ ਦੀ ਸਹਾਇਤਾ ਕਰਨ ਲਈ ਸਾਬਕਾ ਕੌਂਸਲਰ ਪ੍ਰਵੀਨ ਚੌਹਾਨ ਅਤੇ ਵਿੱਕੀ ਚੌਹਾਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਪ੍ਰਵੀਨ ਚੌਹਾਨ ਅਤੇ ਵਿੱਕੀ ਚੌਹਾਨ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਵਾਰਡ ਨੰਬਰ 3 ਦਾ ਹਰ ਪਰਿਵਾਰ ਸਾਡਾ ਆਪਣਾ ਪਰਿਵਾਰ ਹੈ ਅਤੇ ਅਸੀਂ ਹਰ ਸਮੇਂ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਰ ਲੋਕ-ਭਲਾਈ ਯੋਜਨਾ ਨੂੰ ਧਰਾਤਲ ਤੱਕ ਪਹੁੰਚਾਉਣਾ ਸਾਡੀ ਤਰਜੀਹ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਕੋਈ ਵੀ ਯੋਗ ਔਰਤ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਇਸ ਮੌਕੇ ਆਂਗਨਵਾੜੀ ਵਰਕਰ ਜਯੋਤੀ ਸ਼ਰਮਾ, ਸਰਬਜੀਤ ਕੌਰ, ਹਰਜਿੰਦਰ ਕੌਰ, ਪੂਜਾ, ਵਰਿੰਦਰ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ, ਮਨਜੀਤ ਕੌਰ ਆਦਿ ਮੌਜੂਦ ਸਨ।