ਡਾ. ਚੱਬੇਵਾਲ ਨੇ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ ਐਮ.ਪੀ. ਡਾ. ਚੱਬੇਵਾਲ ਵੱਲੋਂ ਜੀ.ਟੀ. ਰੋਡ ਚੱਕ ਹਕੀਮ ਤੋਂ ਖੁਰਮਪੁਰ ਤੱਕ ਸੜਕ ਨਿਰਮਾਣ ਕਾਰਜ ਦਾ ਉਦਘਾਟਨ
Publish Date: Sat, 28 Nov 2026 06:33 PM (IST)
Updated Date: Sat, 28 Nov 2026 06:34 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਜੀਟੀ ਰੋਡ ਚੱਕ ਹਕੀਮ, ਢੱਕ ਪਲਾਹੀ ਅਤੇ ਖੁਰਮਪੁਰ ਨੂੰ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲਣਗੀਆਂ ਤੇ ਪਿੰਡਾਂ ਵਿਚਕਾਰ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਹ 5.85 ਕਿਲੋਮੀਟਰ ਲੰਬੀ ਸੜਕ 10 ਫੁੱਟ ਚੌੜੀ ਬਣਾਈ ਜਾਵੇਗੀ, ਜਿਸ ’ਤੇ ਲਗਭਗ 80 ਲੱਖ ਰੁਪਏ ਦੀ ਲਾਗਤ ਆਵੇਗੀ। ਪ੍ਰੋਜੈਕਟ ਤਹਿਤ ਸੜਕ ਦੇ ਨਿਰਮਾਣ ਤੋਂ ਬਾਅਦ ਪੰਜ ਸਾਲ ਤੱਕ ਇਸ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਯਕੀਨੀ ਬਣਾਈ ਗਈ ਹੈ, ਤਾਂ ਜੋ ਸੜਕ ਦੀ ਗੁਣਵੱਤਾ ਤੇ ਟਿਕਾਊਪਣ ਬਰਕਰਾਰ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪਿਛਲੇ ਲਗਭਗ 20 ਸਾਲਾਂ ਤੋਂ ਇਸ ਸੜਕ ਦਾ ਨਿਰਮਾਣ ਨਹੀਂ ਹੋਇਆ ਸੀ, ਜਿਸ ਕਾਰਨ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਦੇ ਲੋਕਾਂ ਨੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਤਾਂ ਉਨ੍ਹਾਂ ਨੇ ਤੁਰੰਤ ਸਬੰਧਤ ਅਧਿਕਾਰੀਆਂ ਕੋਲ ਇਹ ਮੁੱਦਾ ਉਠਾਇਆ, ਜਿਸ ਤੋਂ ਬਾਅਦ ਇਸ ਪ੍ਰੋਜੈਕਟ ਦੀ ਤਜਵੀਜ਼ ਤਿਆਰ ਕਰਕੇ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਸੂਬੇ ਦੇ ਹਰ ਖੇਤਰ ਦਾ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਸੜਕੀ ਸੰਪਰਕ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ, ਕਿਉਂਕਿ ਚੰਗੀਆਂ ਸੜਕਾਂ ਕਿਸਾਨਾਂ, ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਤੇ ਪਿੰਡਾਂ ਦੇ ਵਸਨੀਕਾਂ ਲਈ ਸਹੂਲਤ ਪੈਦਾ ਕਰਨ ਦੇ ਨਾਲ-ਨਾਲ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਤੇ ਨਾਲ ਲੱਗਦੇ ਪਿੰਡਾਂ ਦਾ ਜੀਟੀ ਰੋਡ ਨਾਲ ਸੰਪਰਕ ਹੋਰ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੇਂਡੂ ਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਉਸਾਰੀ ਦੀ ਗੁਣਵੱਤਾ ਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਹੋਵੇ ਤੇ ਲੋਕ ਲੰਬੇ ਸਮੇਂ ਤੱਕ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ, ਸਰਪੰਚ ਵਰੁਣ ਬੰਗੜ, ਕੁਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।